ਐੱਸ. ਏ. ਐੱਸ. ਨਗਰ, 10 ਮਾਰਚ (ਕਪਿਲ ਵਧਵਾ)-ਬਜਟ ਇਜਲਾਸ ਦੌਰਾਨ ਔਰਤਾਂ ਬਾਰੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਮਾਮਲਾ ਗਰਮਾ ਗਿਆ ਹੈ | ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਕੀਤੀ ਟਿੱਪਣੀ 'ਤੇ ਕਾਰਵਾਈ ਕਰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਇਕ ਪ੍ਰੈੱਸ ਕਾਨਫਰੰਸ ਰਾਹੀਂ ਸਵੈ ਨੋਟਿਸ ਲੈਂਦਿਆਂ ਖਹਿਰਾ ਸਮੇਤ ਪਾਰਟੀ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ 12 ਮਾਰਚ ਨੂੰ ਪੇਸ਼ ਹੋਣ ਲਈ ਤਲਬ ਕੀਤਾ ਹੈ | ਜਾਣਕਾਰੀ ਅਨੁਸਾਰ ਬਜਟ ਵਾਲੇ ਦਿਨ ਇਕ ਨਿੱਜੀ ਟੀ.ਵੀ. ਚੈਨਲ 'ਤੇ ਪ੍ਰਸਾਰਨ ਦੌਰਾਨ ਸਰਕਾਰ ਵਲੋਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਭੱਤਾ ਦੇਣ ਦੇ ਐਲਾਨ 'ਤੇ ਕੁਝ ਔਰਤਾਂ ਵਲੋਂ ਖੁਸ਼ੀ 'ਚ ਗਿੱਧਾ ਪਾਇਆ ਗਿਆ ਸੀ | ਇਸ ਸੰਦਰਭ 'ਚ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਥਿਤ ਤੌਰ 'ਤੇ ਟਿੱਪਣੀ ਕਰਦਿਆਂ ਕਿਹਾ ਸੀ ਕਿ 1000 ਰੁਪਏ ਦੇ ਭੱਤੇ 'ਤੇ ਗਿੱਧਾ ਪਾਉਣ ਵਾਲੀਆਂ ਔਰਤਾਂ ਤੋਂ ਬਹਾਦਰ ਪੁੱਤਰ ਪੈਦਾ ਹੋਣ ਦੀ ਉਮੀਦ ਨਹੀਂ ਕੀਤੀ ਜਾ ਸਕਦੀ | ਇਸ ਟਿੱਪਣੀ ਨੂੰ ਲੈ ਕੇ ਵੱਖ-ਵੱਖ ਵਰਗਾਂ ਵਲੋਂ ਨਾਰਾਜ਼ਗੀ ਜਤਾਈ ਗਈ ਹੈ | ਇਸ ਮਾਮਲੇ 'ਚ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਔਰਤਾਂ ਦੀ ਮਰਿਆਦਾ ਨਾਲ ਜੁੜੇ ਇਸ ਮਾਮਲੇ 'ਚ ਸੁਖਪਾਲ ਸਿੰਘ ਖਹਿਰਾ ਸਮੇਤ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ 12 ਮਾਰਚ ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ ਤਾਂ ਜੋ ਇਸ ਸੰਬੰਧੀ ਸਪੱਸ਼ਟੀਕਰਨ ਲਿਆ ਜਾ ਸਕੇ | ਕਮਿਸ਼ਨ ਵਲੋਂ ਕਿਹਾ ਗਿਆ ਹੈ ਕਿ ਔਰਤਾਂ ਦੇ ਸਨਮਾਨ ਨਾਲ ਜੁੜੇ ਮਾਮਲਿਆਂ 'ਤੇ ਕੋਈ ਵੀ ਅਪਮਾਨਜਨਕ ਟਿੱਪਣੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਸੰਬੰਧੀ ਸੁਖਪਾਲ ਸਿੰਘ ਖੈਹਿਰਾ ਨੇ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਇਕ ਯੂ-ਟਿਊਬਰ ਦੀ ਟਿੱਪਣੀ ਨੂੰ ਦੁਹਰਾਇਆ ਹੈ |