ਕੇਜਰੀਵਾਲ-ਸਿਸੋਦੀਆ ਸਮੇਤ ਹੋਰਾਂ ਵਲੋਂ ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਪੱਤਰ
ਅਜੀਤ ਡੈਸਕ
12-03-2026
ਨਵੀਂ ਦਿੱਲੀ, 11 ਮਾਰਚ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਦਿੱਲੀ ਆਬਕਾਰੀ ਨੀਤੀ ਮਾਮਲੇ ਦੇ ਕਈ ਹੋਰ ਮੁਲਜ਼ਮਾਂ ਨੇ ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਪੱਤਰ ਲਿਖ ਕੇ ਇਸ ਮਾਮਲੇ ਨੂੰ ਜਸਟਿਸ ਸਵਰਨ ਕਾਂਤਾ ਸ਼ਰਮਾ ਦੀ ਅਦਾਲਤ ਤੋਂ ਕਿਸੇ ਹੋਰ ਬੈਂਚ ਨੂੰ ਤਬਦੀਲ ਕਰਨ ਦੀ ਮੰਗ ਕੀਤੀ ਹੈ | ਪੱਤਰ 'ਚ ਉਨ੍ਹਾਂ ਨੇ ਤਰਕ ਦਿੱਤਾ ਹੈ ਕਿ ਨਿਰਪੱਖਤਾ ਯਕੀਨੀ ਬਣਾਉਣ ਅਤੇ ਨਿਆਂ ਪ੍ਰਣਾਲੀ 'ਚ ਜਨਤਾ ਦਾ ਵਿਸ਼ਵਾਸ ਬਣਾਈ ਰੱਖਣ ਲਈ ਮਾਮਲੇ ਦੀ ਸੁਣਵਾਈ ਇਕ ਨਿਰਪੱਖ ਬੈਂਚ ਦੁਆਰਾ ਕੀਤੀ ਜਾਣੀ ਚਾਹੀਦੀ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਇਸੇ ਮਾਮਲੇ 'ਚ ਜੱਜ ਵਲੋਂ ਸੁਣਾਏ ਗਏ ਕਈ ਫੈਸਲਿਆਂ ਨੂੰ ਸੁਪਰੀਮ ਕੋਰਟ ਨੇ ਉਲਟਾ ਦਿੱਤਾ ਹੈ | ਪੱਤਰ 'ਚ ਕੇਜਰੀਵਾਲ ਨੇ ਕਿਹਾ ਕਿ ਇਹ ਬੇਨਤੀ ਇਕ ਗੰਭੀਰ ਅਤੇ ਅਸਲ ਚਿੰਤਾ ਕਾਰਨ ਕੀਤੀ ਗਈ ਹੈ, ਉਨ੍ਹਾਂ ਨੂੰ ਡਰ ਹੈ ਕਿ ਇਸ ਮਾਮਲੇ 'ਚ ਪੂਰੀ ਤਰ੍ਹਾਂ ਨਿਰਪੱਖ ਸੁਣਵਾਈ ਨਹੀਂ ਹੋ ਸਕੇਗੀ | ਉਨ੍ਹਾਂ ਮੰਗ ਕੀਤੀ ਹੈ ਕਿ ਸੀ.ਬੀ.ਆਈ. ਬਨਾਮ ਕੁਲਦੀਪ ਸਿੰਘ ਅਤੇ ਹੋਰਾਂ ਦੇ ਮਾਮਲੇ ਨੂੰ ਕਿਸੇ ਹੋਰ ਬੈਂਚ ਦੇ ਸਾਹਮਣੇ ਰੱਖਿਆ ਜਾਵੇ | ਇਸ ਨਾਲ ਨਿਆਂ ਪ੍ਰਣਾਲੀ 'ਚ ਨਿਰਪੱਖਤਾ ਅਤੇ ਜਨਤਾ ਦਾ ਵਿਸ਼ਵਾਸ ਬਣਿਆ ਰਹੇਗਾ |