ਕਿਹਾ, ਰਿਕਾਰਡ ਸਮੇਂ 'ਚ 292 ਕਰੋੜ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ
ਚੰਡੀਗੜ੍ਹ, 27 ਮਾਰਚ (ਮਾਰਕੰਡਾ)-ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਕੇ ਇਕ ਮਾਪਦੰਡ ਸਥਾਪਿਤ ਕੀਤਾ ਹੈ ਤੇ 8 ਜਨਵਰੀ 2026 ਤੋਂ ਇਸ ਯੋਜਨਾ ਦੀ ਸ਼ੁਰੂਆਤ ਤੋਂ ਤਿੰਨ ਮਹੀਨਿਆਂ ਦੇ ਅੰਦਰ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕਰਕੇ ਤੇ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ ਦੇ ਕੇ ਦੇਸ਼ ਭਰ 'ਚ ਇਕ ਮਿਸਾਲ ਕਾਇਮ ਕੀਤੀ ਹੈ | ਇਸ ਬਾਰੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਯੋਜਨਾ ਤੇਜ਼ੀ ਨਾਲ ਪੰਜਾਬ ਭਰ ਦੇ ਲੱਖਾਂ ਪਰਿਵਾਰਾਂ ਲਈ ਅਸਲ ਵਿੱਤੀ ਰਾਹਤ ਤੇ ਸਿਹਤ ਸੰਭਾਲ ਪ੍ਰਦਾਨ ਕਰਦੀ ਹੈ | ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਯੋਜਨਾ ਤਹਿਤ ਹੁਣ ਤੱਕ 30,51,325 ਲਾਭਪਾਤਰੀ ਰਜਿਸਟਰ ਹੋਏ ਹਨ ਤੇ ਇਲਾਜ ਲਈ 1,77,097 ਮੁਫ਼ਤ ਇਲਾਜ਼ਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ | ਇਲਾਜ ਦੀ ਕੁੱਲ ਪ੍ਰਵਾਨਿਤ ਲਾਗਤ 292 ਕਰੋੜ ਰੁਪਏ ਹੈ, ਜਿਸ 'ਚੋਂ 267 ਕਰੋੜ ਰੁਪਏ ਪਹਿਲਾਂ ਹੀ ਮਨਜ਼ੂਰ ਕੀਤੇ ਜਾ ਚੁੱਕੇ ਹਨ | ਅਸੀਂ 71,000 ਦਾਅਵਿਆਂ ਦਾ ਨਿਪਟਾਰਾ ਕਰ ਦਿੱਤਾ ਹੈ ਤੇ ਸੂਚੀਬੱਧ ਹਸਪਤਾਲਾਂ ਨੂੰ 60 ਕਰੋੜ ਦਿੱਤੇ ਗਏ ਹਨ | ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਮਾਪਦੰਡ ਪੱਖੋਂ ਬਾਕੀ ਸਾਰੇ ਸੂਬਿਆਂ ਨੂੰ ਪਛਾੜ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਇੱਕ ਇਤਿਹਾਸਕ ਦਿਨ ਹੈ | ਕਿਸੇ ਵੀ ਮਾਪਦੰਡ, ਰਜਿਸਟ੍ਰੇਸ਼ਨ, ਕਵਰ ਕੀਤੇ ਗਏ ਪਰਿਵਾਰਾਂ ਜਾਂ ਇਲਾਜ ਕੀਤੇ ਗਏ ਮਰੀਜ਼ਾਂ ਦੇ ਮਾਮਲੇ 'ਚ ਪੰਜਾਬ ਪਹਿਲੇ ਸਥਾਨ 'ਤੇ ਹੈ | ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਦਾ ਭਰੋਸਾ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਬਕਾਇਆ ਭੁਗਤਾਨ ਲਈ ਇਕ ਮਜ਼ਬੂਤ ਪ੍ਰਣਾਲੀ ਸਥਾਪਿਤ ਕੀਤੀ ਹੈ | ਉਨ੍ਹਾਂ ਦੱਸਿਆ ਕਿ 31 ਮਾਰਚ ਤੱਕ ਦੇ ਸਾਰੇ ਬਕਾਏ 15 ਅਪ੍ਰੈਲ ਤੱਕ ਕਲੀਅਰ ਕਰ ਦਿੱਤੇ ਜਾਣਗੇ, ਜਿਸ ਨਾਲ ਸਾਡੇ ਵੱਲ ਕਿਸੇ ਵੀ ਹਸਪਤਾਲ ਦਾ ਇਕ ਵੀ ਰੁਪਿਆ ਬਕਾਇਆ ਨਹੀਂ ਰਹੇਗਾ | ਉਨ੍ਹਾਂ 1 ਅਪ੍ਰੈਲ ਤੋਂ ਲਾਗੂ ਹੋਣ ਵਾਲੇ ਨਵੇਂ ਭੁਗਤਾਨ ਢਾਂਚੇ ਦੀ ਰੂਪਰੇਖਾ ਬਾਰੇ ਦੱਸਦਿਆਂ ਕਿਹਾ ਕਿ 1 ਲੱਖ ਰੁਪਏ ਤੱਕ ਦੇ ਦਾਅਵਿਆਂ ਦਾ ਨਿਪਟਾਰਾ 15 ਦਿਨਾਂ ਦੇ ਅੰਦਰ ਕੀਤਾ ਜਾਵੇਗਾ ਜਦਕਿ 1 ਲੱਖ ਰੁਪਏ ਤੋਂ ਵੱਧ ਦੇ ਬਿੱਲ ਜਮ੍ਹਾਂ ਕਰਨ ਦੇ ਇਕ ਹਫ਼ਤੇ ਦੇ ਅੰਦਰ ਕਲੀਅਰ ਕਰ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਵਿਵਾਦਾਂ ਜਾਂ ਤਸਦੀਕ ਦੀ ਲੋੜ ਵਾਲੇ ਮਾਮਲਿਆਂ 'ਚ ਇਹ ਪ੍ਰਕਿਰਿਆ ਇਕ ਮਹੀਨੇ ਦੇ ਅੰਦਰ ਪੂਰੀ ਕਰ ਲਈ ਜਾਵੇਗੀ |
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ-ਡਾ. ਬਲਬੀਰ ਸਿੰਘ
ਅਜੀਤ ਡੈਸਕ
28-03-2026