ਚੰਡੀਗੜ੍ਹ, 1 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਸੂਬਾਈ ਦਫ਼ਤਰ ਵਿਖੇ ਬੁੱਧਵਾਰ ਨੂੰ ਹੋਏ ਧਮਾਕੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ 'ਚ ਵੱਖ-ਵੱਖ ਘਟਨਾਵਾਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਵਲੋਂ ਲਗਾਏ ਜਾ ਰਹੇ ਦੋਸ਼ਾਂ ਨੂੰ ਸਖ਼ਤ ਸ਼ਬਦਾਂ 'ਚ ਰੱਦ ਕਰਦਿਆਂ ਕਿਹਾ ਹੈ ਕਿ ਇਹ ਸਿਰਫ਼ ਰਾਜਨੀਤਿਕ ਲਾਭ ਲਈ ਕੀਤੀ ਜਾ ਰਹੀ ਨਾਟਕਬਾਜ਼ੀ ਹੈ | ਸੋਸ਼ਲ ਮੀਡੀਆ 'ਤੇ ਟਵੀਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਹੈ, ਜਿਸ ਦੀ ਕਾਨੂੰਨ-ਵਿਵਸਥਾ ਅਤੇ ਪ੍ਰਸ਼ਾਸਨਿਕ ਜ਼ਿੰਮੇਵਾਰੀ ਸਿੱਧੇ ਤੌਰ 'ਤੇ ਕੇਂਦਰ ਸਰਕਾਰ ਦੇ ਹੱਥ 'ਚ ਹੈ | ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਵਲੋਂ ਹਰ ਛੋਟੀ-ਵੱਡੀ ਘਟਨਾ ਲਈ ਪੰਜਾਬ ਸਰਕਾਰ ਨੂੰ ਘੇਰਨਾ ਸਿਆਸੀ ਡਰਾਮੇਬਾਜ਼ੀ ਤੋਂ ਵੱਧ ਕੁਝ ਨਹੀਂ | ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਜਾਣਬੁੱਝ ਕੇ ਇਸ ਮਸਲੇ ਨੂੰ ਤੋੜ-ਮਰੋੜ ਕੇ ਪੇਸ਼ ਕਰ ਰਹੀਆਂ ਹਨ ਅਤੇ ਗਲਤ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ |