ਚੰਡੀਗੜ੍ਹ, 3 ਅਪ੍ਰੈਲ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਮਿਲਕਫੈੱਡ ਪੰਜਾਬ (ਵੇਰਕਾ) ਨਾਲ ਜੁੜੇ ਕਿਸਾਨਾਂ ਲਈ ਦੁੱਧ ਦੀਆਂ ਖ਼ਰੀਦ ਕੀਮਤਾਂ ਵਿਚ ਵੱਡੇ ਵਾਧੇ ਦਾ ਐਲਾਨ ਕੀਤਾ ਹੈ | ਇਹ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨ ਅਤੇ ਸੂਬੇ ਭਰ ਦੇ ਡੇਅਰੀ ਉਤਪਾਦਕਾਂ ਲਈ ਬਿਹਤਰ ਆਮਦਨ ਯਕੀਨੀ ਬਣਾਉਣ ਲਈ ਫ਼ੈਸਲਾਕੁੰਨ ਕਦਮ ਹੈ | ਪਹਿਲੀ ਅਪ੍ਰੈਲ 2026 ਤੋਂ ਲਾਗੂ ਸੋਧੀਆਂ ਦਰਾਂ ਨਾਲ ਲੱਖਾਂ ਕਿਸਾਨਾਂ ਨੂੰ ਸਿੱਧੇ ਤੌਰ 'ਤੇ ਲਾਭ ਹੋਣ ਦੀ ਉਮੀਦ ਹੈ, ਜਦੋਂਕਿ ਸਮੁੱਚੇ ਡੇਅਰੀ ਸੈਕਟਰ ਵਿਚ ਕੀਮਤਾਂ ਵਿਚ ਵਿਆਪਕ ਵਾਧਾ ਹੋਵੇਗਾ | ਮੁੱਖ ਮੰਤਰੀ ਦਫ਼ਤਰ ਨੇ ਕਿਹਾ ਇਕ ਹੋਰ ਵੱਡੀ ਕਿਸਾਨ-ਪੱਖੀ ਪਹਿਲਕਦਮੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀਰਵਾਰ ਨੂੰ ਮਿਲਕਫੈੱਡ ਪੰਜਾਬ (ਵੇਰਕਾ ਬ੍ਰਾਂਡ) ਨਾਲ ਜੁੜੇ ਕਿਸਾਨਾਂ ਲਈ ਦੁੱਧ ਦੀ ਖ਼ਰੀਦ ਕੀਮਤ ਵਿਚ ਵਾਧੇ ਦਾ ਐਲਾਨ ਕੀਤਾ ਹੈ | ਮੁੱਖ ਮੰਤਰੀ ਦਫ਼ਤਰ ਨੇ ਕਿਹਾ ਇਹ ਦਰਾਂ ਪਹਿਲੀ ਅਪ੍ਰੈਲ 2026 ਤੋਂ ਲਾਗੂ ਹੋ ਗਈਆਂ ਹਨ | ਇਸ ਨਾਲ ਦੁੱਧ ਦੀ ਖ਼ਰੀਦ ਕੀਮਤ ਵਿਚ 10 ਤੋਂ 15 ਰੁਪਏ ਪ੍ਰਤੀ ਕਿਲੋਗ੍ਰਾਮ ਫੈਟ ਦਾ ਵਾਧਾ ਹੋਵੇਗਾ | ਇਸ ਫ਼ੈਸਲੇ ਦਾ ਉਦੇਸ਼ ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਉਣਾ, ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨਾ ਅਤੇ ਪੰਜਾਬ ਵਿਚ ਸਹਿਕਾਰੀ ਡੇਅਰੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ | ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਮਿਲਕਫੈਡ ਵਲੋਂ ਇਹ ਕਦਮ ਕਿਸਾਨਾਂ ਅਤੇ ਡੇਅਰੀ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਲਈ ਚੁੱਕਿਆ ਗਿਆ ਹੈ, ਜੋ ਪੰਜਾਬ ਦੀ ਪੇਂਡੂ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ | ਮਿਲਕਫੈੱਡ ਪਰਿਵਾਰ ਦਾ ਹਿੱਸਾ ਬਣਨ ਵਾਲੇ ਲਗਪਗ 2.5 ਲੱਖ ਡੇਅਰੀ ਕਿਸਾਨਾਂ ਨੂੰ ਤੁਰੰਤ ਵਧੀਆਂ ਅਦਾਇਗੀਆਂ ਦਾ ਲਾਭ ਮਿਲੇਗਾ |