• ਪ੍ਰਭਾਵਿਤ ਜ਼ਿਲਿ੍ਹਆਂ 'ਚ ਤਾਇਨਾਤ ਟੀਮਾਂ 'ਚ 145 ਅਧਿਕਾਰੀ ਸ਼ਾਮਿਲ
• 1.25 ਲੱਖ ਏਕੜ ਤੋਂ ਵੱਧ ਦੇ ਨੁਕਸਾਨ ਦਾ ਅਨੁਮਾਨ
ਚੰਡੀਗੜ੍ਹ, 7 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਹਾਲ ਹੀ ਵਿਚ ਖਰਾਬ ਮੌਸਮ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਰਾਜ ਦੇ ਸੱਤ ਜ਼ਿਲਿ੍ਹਆਂ ਦੇ ਪ੍ਰਭਾਵਿਤ ਖੇਤਰਾਂ ਵਿਚ ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮਾਂ ਨੂੰ ਲਗਾਇਆ ਗਿਆ ਹੈ | ਇਸ ਸੰਬੰਧੀ ਵੇਰਵੇ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਕਾਰਜ 'ਚ ਲਗਾਏ ਗਏ ਇਨ੍ਹਾਂ ਮੁਲਾਜ਼ਮਾਂ ਵਿਚ ਗਰੁੱਪ-ਏ ਦੇ 145 ਅਫ਼ਸਰ ਵੀ ਸ਼ਾਮਿਲ ਹਨ, ਜੋ ਪ੍ਰਭਾਵਿਤ ਜ਼ਿਲਿ੍ਹਆਂ-ਅੰਮਿ੍ਤਸਰ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ, ਮਾਨਸਾ, ਫਿਰੋਜ਼ਪੁਰ ਅਤੇ ਮੋਗਾ ਵਿਚ ਮੁਲਾਂਕਣ ਕਾਰਜਾਂ ਦੀ ਵਿਸ਼ੇਸ਼ ਤੌਰ 'ਤੇ ਨਿਗਰਾਨੀ ਕਰ ਰਹੇ ਹਨ | ਇਨ੍ਹਾਂ ਟੀਮਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਵਿਸ਼ੇਸ਼ ਗਿਰਦਾਵਰੀ' (ਫਸਲਾਂ ਦੇ ਨੁਕਸਾਨ ਦਾ ਮੁਲਾਂਕਣ) ਦੇ ਕੀਤੇ ਗਏ ਐਲਾਨ ਦੇ ਸੁਚਾਰੂ ਅਮਲ ਨੂੰ ਯਕੀਨੀ ਬਣਾਉਣ ਲਈ ਮਾਲ ਵਿਭਾਗ ਨਾਲ ਤਾਲਮੇਲ ਜ਼ਰੀਏ ਕੰਮ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ | ਇਹ ਕਦਮ ਮੁੱਖ ਮੰਤਰੀ ਵਲੋਂ ਖਰਾਬ ਹੋਈ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਬਾਰੇ ਕੀਤੇ ਗਏ ਐਲਾਨ ਤੋਂ ਇਕ ਦਿਨ ਬਾਅਦ ਚੁੱਕਿਆ ਗਿਆ ਹੈ, ਜੋ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਕਿਸਾਨਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਦੀ ਸੂਬਾ ਸਰਕਾਰ ਦੀ ਤਰਜੀਹ ਨੂੰ ਦਰਸਾਉਂਦਾ ਹੈ | ਕੁਦਰਤੀ ਆਫ਼ਤ ਦੇ ਪ੍ਰਭਾਵ ਬਾਰੇ ਦਸਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਢਲੀਆਂ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਹਾਲ ਹੀ ਵਿਚ ਪਏ ਮੀਂਹ ਅਤੇ ਗੜੇਮਾਰੀ ਕਾਰਨ ਸੱਤ ਜ਼ਿਲਿ੍ਹਆਂ ਵਿਚ 1.25 ਲੱਖ ਏਕੜ ਤੋਂ ਵੱਧ ਰਕਬੇ ਵਿੱਚ ਕਣਕ ਦੀ ਫ਼ਸਲ ਪ੍ਰਭਾਵਿਤ ਹੋਈ ਹੈ | ਡਿਪਟੀ ਕਮਿਸ਼ਨਰਾਂ ਵਲੋਂ ਅੰਤਿਮ ਰਿਪੋਰਟਾਂ ਸੌਂਪਣ ਤੋਂ ਬਾਅਦ ਹਰੇਕ ਪ੍ਰਭਾਵਿਤ ਕਿਸਾਨ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲਣਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਖੇਤੀਬਾੜੀ ਮੰਤਰੀ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪ੍ਰਭਾਵਿਤ ਖੇਤਾਂ ਦਾ ਦੌਰਾ ਵੀ ਕੀਤਾ |
ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫ਼ਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ-ਖੁੱਡੀਆਂ
ਅਜੀਤ ਡੈਸਕ
08-04-2026