11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਪੰਜਾਬ ਸਰਕਾਰ ਸਿਹਤ, ਸਿੱਖਿਆ ਤੇ ਢਾਂਚਾਗਤ ਵਿਕਾਸ ਨਾਲ ਸੂਬੇ ਨੂੰ ਮਜ਼ਬੂਤ ਤੇ ਵਿਕਸਿਤ ਬਣਾਉਣ ਲਈ ਵਚਨਬੱਧ-ਮੁੱਖ ਮੰਤਰੀ <br/>

Ad Position 21
No active advertisement
ਅਜੀਤ ਡੈਸਕ 08-04-2026

ਹੁਸ਼ਿਆਰਪੁਰ 'ਚ 385 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ, ਮੈਡੀਕਲ ਇੰਸਟੀਚਿਊਟ, ਸਿਹਤ ਤੇ ਸੜਕ ਪ੍ਰਾਜੈਕਟਾਂ ਦੀ ਸ਼ੁਰੂਆਤ
ਹੁਸ਼ਿਆਰਪੁਰ/ਹਰਿਆਣਾ, 7 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ, ਹਰਮੇਲ ਸਿੰਘ ਖੱਖ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੁਸ਼ਿਆਰਪੁਰ 'ਚ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕਰਦਿਆਂ 268 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਅਤੇ ਹਲਕਾ ਸ਼ਾਮਚੁਰਾਸੀ ਦੇ ਕਸਬਾ ਹਰਿਆਣਾ ਵਿਖੇ 9.18 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 30 ਬਿਸਤਰਿਆਂ ਵਾਲੇ ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ | ਇਸ ਉਪਰੰਤ ਹਲਕਾ ਸ਼ਾਮਚੁਰਾਸੀ ਦੇ ਪਿੰਡ ਭੀਖੋਵਾਲ ਵਿਖੇ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਦੀ ਅਗਵਾਈ 'ਚ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ | ਉਨ੍ਹਾਂ ਕਿਹਾ ਕਿ ਉਕਤ ਇੰਸਟੀਚਿਊਟ ਦੋ ਸਾਲਾਂ 'ਚ ਤਿਆਰ ਹੋਣ ਦੀ ਸੰਭਾਵਨਾ ਹੈ, ਜਿਸ 'ਚ 300 ਬਿਸਤਰੇ ਵਾਲਾ ਹਸਪਤਾਲ, 8 ਆਪ੍ਰੇਸ਼ਨ ਥੀਏਟਰ ਅਤੇ 500 ਸੀਟਾਂ ਵਾਲਾ ਆਡੀਟੋਰੀਅਮ ਹੋਵੇਗਾ ਅਤੇ ਇੱਥੇ ਹਰ ਸਾਲ 100 ਐਮ.ਬੀ.ਬੀ.ਐਸ. ਡਾਕਟਰ ਤਿਆਰ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਜ਼ਮੀਨੀ ਪੱਧਰ 'ਤੇ ਗੁਣਵੱਤਾ ਵਾਲੀ ਸਿਹਤ ਸੇਵਾ ਦੇਣ ਲਈ ਵਚਨਬੱਧ ਹੈ | ਉਨ੍ਹਾਂ ਐਲਾਨ ਕੀਤਾ ਕਿ ਇਸ ਤੋਂ ਇਲਾਵਾ ਹਲਕੇ 'ਚ 7 ਹੈਲਥ ਐਂਡ ਵੈਲਨੈਸ ਸੈਂਟਰ ਵੀ ਬਣਾਏ ਜਾਣਗੇ | ਉਨ੍ਹਾਂ ਬੁਨਿਆਦੀ ਢਾਂਚੇ ਦੇ ਵਿਕਾਸ ਤਹਿਤ 99 ਕਰੋੜ ਦੇ ਬਲਾਚੌਰ–ਗੜ੍ਹਸ਼ੰਕਰ–ਹੁਸ਼ਿਆਰਪੁਰ–ਦਸੂਹਾ ਸੜਕ ਪ੍ਰਾਜੈਕਟ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ 105 ਕਿੱਲੋਮੀਟਰ ਲੰਬੀ ਇਹ ਸੜਕ ਚੰਡੀਗੜ੍ਹ, ਪਠਾਨਕੋਟ ਅਤੇ ਜੰਮੂ-ਕਸ਼ਮੀਰ ਨਾਲ ਕੁਨੈਕਟਿਵਿਟੀ ਨੂੰ ਬਿਹਤਰ ਬਣਾਏਗੀ ਅਤੇ ਜੰਮੂ ਤੋਂ ਦਿੱਲੀ ਤੱਕ ਦੇ ਸਫ਼ਰ ਦਾ ਸਮਾਂ ਘਟਾਏਗੀ | ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 385 ਕਰੋੜ ਨਾਲ ਸ਼ੁਰੂ ਹੋਣ ਵਾਲੇ ਇਹ ਵਿਕਾਸ ਕਾਰਜ ਹੁਸ਼ਿਆਰਪੁਰ ਲਈ ਤਰੱਕੀ ਦਾ ਨਵਾਂ ਦੌਰ ਲਿਆਉਣਗੇ | ਉਨ੍ਹਾਂ ਕਿਹਾ ਕਿ ਸਰਕਾਰ ਸਿਹਤ, ਸਿੱਖਿਆ ਅਤੇ ਢਾਂਚਾਗਤ ਵਿਕਾਸ 'ਤੇ ਧਿਆਨ ਦੇ ਕੇ ਪੰਜਾਬ ਨੂੰ ਮਜ਼ਬੂਤ ਅਤੇ ਵਿਕਸਿਤ ਬਣਾਉਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ 'ਚ ਪਹਿਲੀਵਾਰ ਝੋਨੇ ਦੇ ਸੀਜ਼ਨ ਦੌਰਾਨ ਟਿਊਬਵੈੱਲਾਂ ਨੂੰ 8 ਘੰਟੇ ਨਿਰਵਿਘਨ ਸਪਲਾਈ ਦਿੱਤੀ ਗਈ ਹੈ ਅਤੇ ਹੁਣ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸਪਲਾਈ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਨਾਲ ਹਰੇਕ ਪਰਿਵਾਰ 10 ਲੱਖ ਰੁਪਏ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੋਵੇਗਾ ਤੇ 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਕਾਰਡ ਮਿਲ ਚੁੱਕੇ ਹਨ | ਮੁੱਖ ਮੰਤਰੀ ਨੇ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਲੋਕ ਭਲਾਈ ਦੇ ਕੰਮਾਂ ਤੋਂ ਖੁੰਝ ਕੇ ਸਰਕਾਰ ਨੂੰ ਬਦਨਾਮ ਕਰਨ ਲਈ ਸਾਜ਼ਿਸ਼ਾਂ ਰਚ ਰਹੀਆਂ ਹਨ | ਉਨ੍ਹਾਂ ਸ਼ੋ੍ਰਮਣੀ ਅਕਾਲੀ ਦਲ (ਬ) ਦੀ 'ਪੰਜਾਬ ਬਚਾਓ ਯਾਤਰਾ' 'ਤੇ ਤਨਜ਼ ਕੱਸਦਿਆਂ ਇਸ ਨੂੰ 'ਪਰਿਵਾਰ ਬਚਾਓ ਯਾਤਰਾ' ਕਰਾਰ ਦਿੱਤਾ ਅਤੇ ਕਿਹਾ ਕਿ ਪਿਛਲੇ 15 ਸਾਲਾਂ 'ਚ ਸੂਬੇ ਨੂੰ ਲੁੱਟਣ ਵਾਲੇ ਲੋਕ ਹੁਣ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ | ਕਾਂਗਰਸ 'ਤੇ ਹਮਲਾ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਇਸ ਪਾਰਟੀ 'ਚ ਹਰ ਕੋਈ ਮੁੱਖ ਮੰਤਰੀ ਬਣਨ ਦੀ ਦੌੜ ਵਿਚ ਹੈ ਅਤੇ ਆਮ ਵਰਕਰਾਂ ਦੀ ਕਮੀ ਹੈ | ਇਸ ਦੇ ਨਾਲ ਹੀ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੀ ਕਾਰਜਪ੍ਰਣਾਲੀ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਉਹ ਆਪਣੇ ਪਿਛਲੇ ਕਾਰਜਕਾਲ ਦੌਰਾਨ 5 ਸਾਲਾਂ ਦੌਰਾਨ ਸਿਰਫ਼ 10 ਵਾਰ ਹੀ ਸੂਬੇ 'ਚ ਆਏ ਸਨ, ਜੋ ਰਿਕਾਰਡ 'ਚ ਦਰਜ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 70 ਸਾਲਾਂ ਦੇ ਪਾੜੇ ਨੂੰ ਭਰ ਦਿੱਤਾ ਹੈ ਅਤੇ ਹੁਣ ਰੰਗਲਾ ਪੰਜਾਬ ਬਣਾਉਣ ਲਈ ਹੋਰ ਯਤਨ ਕੀਤੇ ਜਾ ਰਹੇ ਹਨ ਅਤੇ ਇਹ ਸਰਕਾਰ ਦੇਸ਼ ਦੀ ਪਹਿਲੀ ਸਰਕਾਰ ਹੈ, ਜਿਸ ਨੇ ਚੋਣ ਮੈਨੀਫੈਸਟੋ ਨੂੰ ਲਾਗੂ ਕੀਤਾ ਹੈ ਅਤੇ ਲੋਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਅਮਲ 'ਚ ਲਿਆਂਦਾ ਜਾ ਰਿਹਾ ਹੈ | ਰੈਲੀ ਦੇ ਅਖੀਰ 'ਚ ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਹੁੰਚੀ ਸਮੁੱਚੀ ਲੀਡਰਸ਼ਿਪ ਅਤੇ ਹਲਕਾ ਸ਼ਾਮਚੁਰਾਸੀ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਦੇ ਹੋਏ ਇਸ ਇਕੱਠ ਨੇ ਸਾਬਿਤ ਕਰ ਦਿੱਤਾ ਹੈ ਕਿ ਹਲਕੇ ਦੇ ਲੋਕ 'ਆਪ' ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਖ਼ੁਸ਼ ਹਨ ਅਤੇ ਆਉਣ ਵਾਲੀਆਂ 2027 ਦੀਆਂ ਚੋਣਾਂ 'ਚ ਮੁੜ 'ਆਪ' ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਲਕੇ ਦੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰਾਂ ਅਤੇ ਪ੍ਰਾਜੈਕਟਾਂ ਦੇ ਉਦਘਾਟਨ ਕਰਨ ਨਾਲ ਹਲਕੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਹੋਏ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ: ਬਲਵੀਰ ਸਿੰਘ ਸਿਹਤ ਮੰਤਰੀ, ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਵਿੰਦਰ ਸਿੰਘ ਪਾਬਲਾ, ਚੇਅਰਮੈਨ ਬੈਕਫਿੰਕੋ ਸੰਦੀਪ ਸੈਣੀ, ਪ੍ਰੋ: ਜੀ.ਐਸ. ਮੁਲਤਾਨੀ ਮੁਕੇਰੀਆਂ, ਚੇਅਰਪਰਸਨ ਜ਼ਿਲ੍ਹਾ ਯੋਜਨਾ ਬੋਰਡ ਕਰਮਜੀਤ ਕੌਰ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਚੇਅਰਮੈਨ ਮਾਰਕੀਟ ਕਮੇਟੀ ਜਸਪਾਲ ਸਿੰਘ ਚੇਚੀ, ਹਰਮੀਤ ਸਿੰਘ ਔਲਖ, ਭਾਈ ਭੁਪਿੰਦਰ ਸਿੰਘ ਰਾਮਪੁਰ ਖੇੜਾ, ਸੰਤ ਬਲਵੀਰ ਸਿੰਘ ਹਰਿਆਣਾ, ਸੰਤ ਹਰਮਨਜੀਤ ਸਿੰਘ, ਹਰਦੇਵ ਸਿੰਘ ਕੌਂਸਲ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਇੰਦਰਜੀਤ ਕੌਰ, ਅੰਮਿ੍ਤਪਾਲ ਸਿੰਘ, ਕੇਸ਼ਵ ਸੈਣੀ ਆਦਿ ਸਮੇਤ ਵੱਡੀ ਗਿਣਤੀ 'ਚ 'ਆਪ' ਦੇ ਅਹੁਦੇਦਾਰ, ਵਰਕਰ ਤੇ ਹਲਕਾ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਇਜ਼ਰਾਈਲ ਵਲੋਂ ਈਰਾਨ 'ਤੇ ਹਵਾਈ ਹਮਲਿਆਂ 'ਚ 18 ਮੌਤਾਂ ਅਗਲੀ ਖ਼ਬਰ ਮਨੀਪੁਰ 'ਚ 2 ਬੱਚਿਆਂ ਦੀ ਮੌਤ ਤੋਂ ਬਾਅਦ ਭੜਕੀ ਹਿੰਸਾ
Ad Position 24