10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਮੁੱਖ ਮੰਤਰੀ ਵਲੋਂ 'ਮਾਂਵਾਂ-ਧੀਆਂ ਸਤਿਕਾਰ ਯੋਜਨਾ' ਸੰਬੰਧੀ ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 15-04-2026

ਡਾ. ਅੰਬੇਡਕਰ ਦੀ 135ਵੀਂ ਜੈਅੰਤੀ ਮੌਕੇ ਸੂਬਾ ਪੱਧਰੀ ਸਮਾਗਮ 'ਚ ਔਰਤਾਂ ਨੂੰ ਸੌਂਪੇ ਸਰਟੀਫਿਕੇਟ
ਆਦਮਪੁਰ (ਜਲੰਧਰ), 14 ਅਪ੍ਰੈਲ (ਜਸਪਾਲ ਸਿੰਘ, ਰਮਨ ਦਵੇਸਰ, ਹਰਪ੍ਰੀਤ ਸਿੰਘ)-ਡਾ. ਬੀ. ਆਰ. ਅੰਬੇਡਕਰ ਦੀ 135ਵੀਂ ਜੈਅੰਤੀ ਮੌਕੇ ਕਰਵਾਏ ਗਏ ਇਕ ਸੂਬਾ ਪੱਧਰੀ ਸਮਾਗਮ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਂਵਾਂ ਧੀਆਂ ਸਤਿਕਾਰ ਯੋਜਨਾ ਸੰਬੰਧੀ ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਸਕੀਮ ਜਿੱਥੇ ਸੂਬੇ ਦੀਆਂ ਔਰਤਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤੀ ਪ੍ਰਦਾਨ ਕਰੇਗੀ, ਉੱਥੇ ਡਾ. ਬੀ. ਆਰ. ਅੰਬੇਡਕਰ ਨੂੰ ਵੀ ਸੱਚੀ ਸ਼ਰਧਾਂਜਲੀ ਹੈ | ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਜੁਲਾਈ ਤੋਂ ਸੂਬੇ ਦੀਆਂ 18 ਸਾਲ ਤੋਂ ਉੱਪਰ ਦੀਆਂ ਸਾਰੀਆਂ ਔਰਤਾਂ ਨੂੰ 1000 ਤੋਂ 1500 ਰੁਪਏ ਮਿਲਣੇ ਸ਼ੁਰੂ ਹੋ ਜਾਣਗੇ ਤੇ ਰਜਿਸਟਰੇਸ਼ਨ ਦੇ ਪਹਿਲੇ ਪੜਾਅ ਤਹਿਤ ਅੱਜ 9 ਆਦਮਪੁਰ, ਮਲੋਟ, ਸ੍ਰੀ ਅਨੰਦਪੁਰ ਸਾਹਿਬ, ਦਿੜ੍ਹਬਾ, ਸੁਨਾਮ, ਮੋਗਾ, ਕੋਟਕਪੂਰਾ, ਬਟਾਲਾ ਅਤੇ ਪਟਿਆਲਾ ਦਿਹਾਤੀ ਸਮੇਤ 9 ਹਲਕਿਆਂ 'ਚ ਰਜਿਸਟ੍ਰੇਸ਼ਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ, ਜਦਕਿ ਬਾਕੀ ਹਲਕਿਆਂ 'ਚ ਰਜਿਸਟ੍ਰੇਸ਼ਨ ਦਾ ਕੰਮ 15 ਮਈ ਤੋਂ ਸ਼ੁਰੂ ਹੋਵੇਗਾ | ਇਸ ਮੌਕੇ ਉਨ੍ਹਾਂ ਕਿਹਾ ਕਿ ਔਰਤਾਂ ਦੀ ਰਜਿਸਟਰੇਸ਼ਨ ਲਈ ਰਾਜ ਭਰ 'ਚ 26 ਹਜ਼ਾਰ ਤੋਂ ਜ਼ਿਆਦਾ ਕੇਂਦਰ ਸਥਾਪਿਤ ਕੀਤੇ ਗਏ ਹਨ ਤੇ ਸਾਰੇ ਆਂਗਣਵਾੜੀ ਕੇਂਦਰਾਂ, ਸਾਰੇ ਸੇਵਾ ਕੇਂਦਰਾਂ ਅਤੇ ਸ਼ਹਿਰੀ ਖੇਤਰਾਂ ਵਿਚ ਸਾਰੇ ਨਗਰ ਨਿਗਮਾਂ/ਕਮੇਟੀ ਦਫ਼ਤਰਾਂ 'ਚ ਇਹ ਰਜਿਸਟ੍ਰੇਸ਼ਨ ਕੀਤੀ ਜਾਵੇਗੀ | ਇਸ ਦੇ ਨਾਲ ਹੀ ਉਨ੍ਹਾਂ ਔਰਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਕਾਹਲੀ ਨਾ ਕਰਨ ਦੀ ਸਲਾਹ ਦਿੰਦੇ ਹੋਏ ਕਿਹਾ ਕਿ ਰਜਿਸਟ੍ਰੇਸ਼ਨ ਲਈ ਵੀ ਕੋਈ ਸਮਾਂ ਸੀਮਾ ਨਹੀਂ ਹੈ ਅਤੇ ਦੇਰੀ ਨਾਲ ਰਜਿਸਟ੍ਰੇਸ਼ਨ ਕਰਵਾਉਣ ਨਾਲ ਉਨ੍ਹਾਂ ਦੇ ਲਾਭਾਂ 'ਤੇ ਕੋਈ ਪ੍ਰਭਾਵ ਨਹੀਂ ਪਵੇਗਾ ਅਤੇ ਉਨ੍ਹਾਂ ਨੂੰ ਜੁਲਾਈ ਤੋਂ ਬਾਅਦ ਆਪਣਾ ਪੂਰਾ ਭੁਗਤਾਨ ਮਿਲੇਗਾ | ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਔਰਤ ਕੋਲ ਜਾਤੀ ਸਰਟੀਫਿਕੇਟ ਨਹੀਂ ਹੈ ਤਾਂ ਉਸ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਤੇ ਉਸ ਸਮੇਂ ਤੱਕ ਉਸ ਨੂੰ ਇਕ ਹਜ਼ਾਰ ਰੁਪਏ ਤੇ ਸਰਟੀਫਿਕੇਟ ਤੋਂ ਬਾਅਦ ਜੁਲਾਈ ਤੋਂ 500 ਰੁਪਏ ਦੇ ਬਕਾਏ ਦਾ ਭੁਗਤਾਨ ਵੀ ਕੀਤਾ ਜਾਵੇਗਾ | ਇਸ ਮੌਕੇ ਮੁੱਖ ਮੰਤਰੀ ਨੇ ਰਾਜ ਦੀਆਂ ਔਰਤਾਂ ਨੂੰ ਸਰਗਰਮ ਸਿਆਸਤ 'ਚ ਆਉਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਜੇਕਰ ਘਰ-ਪਰਿਵਾਰ ਤੇ ਕਬੀਲਦਾਰੀ ਔਰਤਾਂ ਤੋਂ ਬਿਨਾਂ ਨਹੀਂ ਚੱਲ ਸਕਦੀ ਤਾਂ ਫਿਰ ਦੇਸ਼ ਕਿਸ ਤਰ੍ਹਾਂ ਚੱਲ ਸਕਦਾ ਹੈ | ਇਸ ਮੌਕੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ 'ਤੇ ਪਰਿਵਾਰਵਾਦ ਨੂੰ ਉਤਸ਼ਾਹਿਤ ਕਰਨ ਸੰਬੰਧੀ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਦੱਬੇ-ਕੁਚਲੇ ਲੋਕ ਅੱਗੇ ਵਧ ਸਕਣ ਅਤੇ ਆਪਣਾ ਕਾਰੋਬਾਰ ਵਧੀਆ ਤਰੀਕੇ ਨਾਲ ਕਰ ਸਕਣ ਤੇ ਅੱਜ ਵੀ ਉਨ੍ਹਾਂ ਦੀ ਸੋਚ ਇਹੀ ਹੈ ਕਿ ਪੰਜਾਬੀਆਂ ਨੂੰ ਗੋਹੇ-ਕੂੜੇ ਜੋਗਾ ਹੀ ਰੱਖਿਆ ਜਾਵੇ | ਇਸ ਮੌਕੇ ਉਨ੍ਹਾਂ ਕਾਂਗਰਸ ਨੂੰ ਵੀ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸੀ ਆਗੂ ਸਟੇਜਾਂ 'ਤੇ ਹੀ ਇਕ ਦੂਸਰੇ ਦੀਆਂ ਲੱਤਾਂ ਖਿੱਚਦੇ ਰਹਿੰਦੇ ਹਨ ਤੇ ਉਨ੍ਹਾਂ ਦੀ ਲੜਾਈ ਲੋਕ ਮੁੱਦਿਆਂ ਦੀ ਨਹੀਂ ਬਲਕਿ ਮੱਖ ਮੰਤਰੀ ਦੀ ਕੁਰਸੀ ਹਥਿਆਉਣ ਦੀ ਹੈ | ਇਸ ਮੌਕੇ ਉਨ੍ਹਾਂ ਲੋਕਾਂ ਦੇ ਹੱਥ ਖੜ੍ਹੇ ਕਰਵਾ ਕੇ ਇਹ ਦਾਅਵਾ ਕੀਤਾ ਕਿ ਰਾਜ ਦੇ 90 ਫ਼ੀਸਦੀ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਗਈ ਹੈ, ਇਸ ਦੇ ਨਾਲ ਹੀ 10 ਲੱਖ ਰੁਪਏ ਦੇ ਸਿਹਤ ਯੋਜਨਾ ਸਕੀਮ ਤਹਿਤ 50 ਫ਼ੀਸਦੀ ਲੋਕਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਮੁਕੰਮਲ ਹੋ ਚੁੱਕਾ ਹੈ | ਨਾਲ ਹੀ ਉਨ੍ਹਾਂ ਸਾਲ 2027 ਦੀਆਂ ਚੋਣਾਂ ਸੰਬੰਧੀ ਵੀ ਲੋਕਾਂ ਦੇ ਹੱਥ ਖੜ੍ਹੇ ਕਰਵਾ ਕੇ ਦਾਅਵਾ ਕੀਤਾ ਕਿ ਸੂਬੇ 'ਚ ਅਗਲੀ ਸਰਕਾਰ ਵੀ ਆਮ ਆਦਮੀ ਪਾਰਟੀ ਦੀ ਬਣੇਗੀ |
ਭਾਜਪਾ ਨੂੰ ਸ਼ਹੀਦ ਭਗਤ ਸਿੰਘ ਤੇ ਡਾ. ਅੰਬੇਡਕਰ ਦੇ ਨਾਂਅ ਨਾਲ ਨਫ਼ਰਤ-ਸਿਸੋਦੀਆ
ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮੁਨੀਸ਼ ਸਿਸੋਦੀਆ ਨੇ ਖਾਲਸੇ ਦੇ ਸਾਜਨਾ ਦਿਵਸ ਵਿਸਾਖੀ ਅਤੇ ਡਾ. ਬੀ. ਆਰ. ਅੰਬੇਡਕਰ ਦੇ ਜਨਮ ਦਿਨ ਦੀ ਰਾਜ ਦੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਐਲਾਨ ਕੀਤਾ ਕਿ ਮਾਂਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਦੇ ਖਾਤਿਆਂ 'ਚ ਜੁਲਾਈ ਮਹੀਨੇ ਤੋਂ ਪੈਸੇ ਆਉਣੇ ਸ਼ੁਰੂ ਹੋ ਜਾਣਗੇ | ਉਨ੍ਹਾਂ ਭਾਰਤੀ ਜਨਤਾ ਪਾਰਟੀ 'ਤੇ ਸ਼ਹੀਦ ਭਗਤ ਸਿੰਘ ਤੇ ਡਾ. ਬੀ. ਆਰ. ਅੰਬੇਡਕਰ ਨਾਲ ਨਫ਼ਰਤ ਕਰਨ ਤੇ ਵੋਟ ਦੀ ਤਾਕਤ ਖ਼ਤਮ ਕਰਨ ਸੰਬੰਧੀ ਦੋਸ਼ ਲਗਾਉਂਦੇ ਹੋਏ ਕਿਹਾ ਕਿ ਭਾਜਪਾ ਨੇ ਦਿੱਲੀ ਦੇ ਸਰਕਾਰੀ ਦਫ਼ਤਰਾਂ ਦੇ ਸਕੂਲਾਂ 'ਚੋਂ ਸ਼ਹੀਦ ਭਗਤ ਸਿੰਘ ਤੇ ਡਾ. ਬੀ. ਆਰ. ਅੰਬੇਡਕਰ ਦੀਆਂ ਤਸਵੀਰਾਂ ਹਟਾ ਦਿੱਤੀਆਂ ਹਨ | ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਹਰਪਾਲ ਸਿੰਘ ਚੀਮਾ ਤੇ ਪਵਨ ਟੀਨੂੰ ਨੇ ਵੀ ਸੰਬੋਧਨ ਕਰਦਿਆਂ ਮਾਂਵਾਂ ਧੀਆਂ ਸਤਿਕਾਰ ਯੋਜਨਾ ਨੂੰ ਸਰਕਾਰ ਦੀ ਇਕ ਵੱਡੀ ਉਪਲਬਧੀ ਦੱਸਿਆ | ਇਸ ਮੌਕੇ ਪੰਜਾਬ 'ਆਪ' ਦੇ ਪ੍ਰਧਾਨ ਸ੍ਰੀ ਅਮਨ ਅਰੋੜਾ, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਮਹਿੰਦਰ ਭਗਤ, ਬਰਿੰਦਰ ਗੋਇਲ, ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਡਾ. ਰਵਜੋਤ ਸਿੰਘ, ਹਰਭਜਨ ਸਿੰਘ ਈ. ਟੀ. ਓ., ਇੰਦਰਜੀਤ ਕੌਰ ਮਾਨ, ਬਲਕਾਰ ਸਿੰਘ, ਬ੍ਰਹਮ ਸ਼ੰਕਰ ਜਿੰਪਾ, ਦੀਪਕ ਬਾਲੀ, ਗੁਰਪਾਲ ਸਿੰਘ ਜੀ. ਪੀ., ਨਿਤਿਨ ਕੋਹਲੀ, ਗੁਰਚਰਨ ਸਿੰਘ ਚੰਨੀ, ਰਾਜਵਿੰਦਰ ਕੌਰ ਥਿਆੜਾ, ਚੰਦਨ ਗਰੇਵਾਲ, ਰੌਬਿਨ ਸਾਂਪਲਾ, ਦਿਨੇਸ਼ ਢੱਲ ਤੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ | ਇਸ ਮੌਕੇ ਮੰਚ ਦਾ ਸੰਚਾਲਨ ਲੋਕ ਸੰਪਰਕ ਮਹਿਕਮੇ ਦੇ ਡਿਪਟੀ ਡਾਇਰੈਕਟਰ ਹਾਕਮ ਥਾਪਰ ਵਲੋਂ ਕੀਤਾ ਗਿਆ, ਜਦਕਿ ਉੱਘੇ ਲੋਕ ਗਾਇਕ ਕੁਲਵਿੰਦਰ ਬਿੱਲਾ ਨੇ ਵੀ ਆਪਣੀ ਹਾਜ਼ਰੀ ਲਵਾਈ |

Ad Position 22
No active advertisement
ਪਿਛਲੀ ਖ਼ਬਰ ਲਿਬਨਾਨ ਤੇ ਇਜ਼ਰਾਈਲ ਵਿਚਕਾਰ ਦਹਾਕਿਆਂ ਬਾਅਦ ਸਿੱਧੀ ਕੂਟਨੀਤਕ ਗੱਲਬਾਤ ਸ਼ੁਰੂ <br/> ਅਗਲੀ ਖ਼ਬਰ ਮੋਦੀ ਵਲੋਂ ਟਰੰਪ ਨਾਲ ਫ਼ੋਨ 'ਤੇ ਗੱਲਬਾਤ
Ad Position 24