ਅੰਮਿ੍ਤਸਰ, 14 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਮੀਆਂ ਮੁਹੰਮਦ ਸ਼ਾਹਬਾਜ਼ ਸ਼ਰੀਫ਼ ਨੇ ਸਿੱਖ ਭਾਈਚਾਰੇ ਨੂੰ ਵਿਸਾਖੀ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਪਾਕਿ ਇਕ ਸ਼ਾਂਤੀ-ਪ੍ਰੇਮੀ ਦੇਸ਼ ਹੈ ਜਿੱਥੇ ਘੱਟ ਗਿਣਤੀਆਂ ਨੂੰ ਪੂਰੀ ਧਾਰਮਿਕ ਆਜ਼ਾਦੀ ਮਿਲਦੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਪਾਕਿ ਸਰਕਾਰ ਘੱਟ ਗਿਣਤੀਆਂ ਨੂੰ ਬਰਾਬਰ ਅਧਿਕਾਰ ਅਤੇ ਸਭ ਤੋਂ ਵਧੀਆ ਸਹੂਲਤਾਂ ਪ੍ਰਦਾਨ ਕਰਨਾ ਆਪਣੀ ਜ਼ਿੰਮੇਵਾਰੀ ਸਮਝਦੀ ਹੈ | ਪਾਕਿ ਦੇ ਧਾਰਮਿਕ ਮਾਮਲਿਆਂ ਅਤੇ ਅੰਤਰ-ਧਰਮ ਸਦਭਾਵਨਾ ਦੇ ਸੰਘੀ ਮੰਤਰੀ ਸਰਦਾਰ ਮੁਹੰਮਦ ਯੂਸਫ਼ ਨੇ ਸ਼ਾਹਬਾਜ਼ ਸ਼ਰੀਫ਼ ਦੇ ਇਸ ਸੰਦੇਸ਼ ਦੇ ਨਾਲ ਹੀ ਆਪਣੀ ਤਰਫ਼ੋਂ ਜਾਰੀ ਬਿਆਨ 'ਚ ਕਿਹਾ ਕਿ ਪਾਕਿ 'ਚ 18 ਗੁਰਦੁਆਰਿਆਂ ਵਿਚ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੀਆਂ ਨੌਕਰੀਆਂ 'ਚ ਘੱਟ ਗਿਣਤੀਆਂ ਲਈ 5 ਫ਼ੀਸਦੀ ਕੋਟਾ ਰਾਖਵਾਂ ਰੱਖਿਆ ਗਿਆ ਹੈ |