• ਮੱਥਾ ਟੇਕ ਕੇ ਕੀਤਾ ਸ਼ੁਕਰਾਨਾ • ਪ੍ਰਬੰਧਕ ਕਮੇਟੀ ਨੂੰ ਪੂਰਾ ਸਹਿਯੋਗ ਦੇਣ ਦਾ ਦਿੱਤਾ ਭਰੋਸਾ
ਅੰਮਿ੍ਤਸਰ, 16 ਅਪ੍ਰੈਲ (ਜਸਵੰਤ ਸਿੰਘ ਜੱਸ)-ਬਿਹਾਰ ਦੇ ਨਵੇਂ ਬਣੇ ਮੁੱਖ ਮੰਤਰੀ ਸਮਰਾਟ ਚੌਧਰੀ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਅਤੇ ਮੱਥਾ ਟੇਕ ਕੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਅਦਾ ਕੀਤਾ | ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਵਲੋਂ ਮੁੱਖ ਮੰਤਰੀ ਨੂੰ ਸਿਰਪਾਓ ਅਤੇ ਤਖ਼ਤ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ ਅਤੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਵਲੋਂ ਉਨ੍ਹਾਂ ਨੂੰ ਸ੍ਰੀ ਸਾਹਿਬ, ਤਖ਼ਤ ਸਾਹਿਬ ਦੀ ਸੁੰਦਰ ਤਸਵੀਰ, ਯਾਦਗਾਰੀ ਚਿੰਨ੍ਹ ਅਤੇ ਇਤਿਹਾਸ ਦੀ ਪੁਸਤਕ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਮੁੱਖ ਮੰਤਰੀ ਨੇ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੋੜਾ ਸਾਹਿਬ ਅਤੇ ਮਾਤਾ ਗੁਜਰੀ ਜੀ ਦੇ ਪਵਿੱਤਰ ਤੇ ਇਤਿਹਾਸਕ ਖੂਹ ਦੇ ਵੀ ਦਰਸ਼ਨ ਕੀਤੇ | ਪ੍ਰਧਾਨ ਸੋਹੀ ਅਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਚੌਧਰੀ ਪਹਿਲਾਂ ਵੀ ਕਈ ਵਾਰ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਆ ਚੁੱਕੇ ਹਨ ਪਰ ਮੁੱਖ ਮੰਤਰੀ ਬਣਨ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਫੇਰੀ ਹੈ, ਜਿਸ ਦੌਰਾਨ ਉਨ੍ਹਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ | ਉਨ੍ਹਾਂ ਕਿਹਾ ਕਿ ਸਾਨੂੰ ਵਿਸ਼ਵਾਸ ਹੈ ਕਿ ਮੁੱਖ ਮੰਤਰੀ ਨਿਤਿਸ਼ ਕੁਮਾਰ ਦੇ ਸਮੇਂ ਜਿਵੇਂ ਤਖ਼ਤ ਸਾਹਿਬ ਕਮੇਟੀ ਨੂੰ ਬਿਹਾਰ ਸਰਕਾਰ ਵਲੋਂ ਸਹਿਯੋਗ ਮਿਲਦਾ ਰਿਹਾ ਹੈ, ਉਸੇ ਤਰ੍ਹਾਂ ਮੁੱਖ ਮੰਤਰੀ ਸਮਰਾਟ ਚੌਧਰੀ ਵਲੋਂ ਵੀ ਇਹ ਸਹਿਯੋਗ ਜਾਰੀ ਰਹੇਗਾ, ਕਿਉਂਕਿ ਉਹ ਵੀ ਗੁਰੂ ਘਰ ਨਾਲ ਜੁੜੇ ਹੋਏ ਹਨ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਤਖ਼ਤ ਸਾਹਿਬ ਕਮੇਟੀ ਨੂੰ ਭਰੋਸਾ ਦਿੱਤਾ ਹੈ ਕਿ ਸੰਗਤ ਦੀ ਸੁਵਿਧਾ ਲਈ ਚੱਲ ਰਹੇ ਸਾਰੇ ਕਾਰਜਾਂ ਨੂੰ ਤਰਜੀਹ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ ਅਤੇ ਭਵਿੱਖ ਵਿਚ ਤਖ਼ਤ ਸਾਹਿਬ ਦੇ ਵਿਕਾਸ ਲਈ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ ਤਾਂ ਜੋ ਦੇਸ਼-ਵਿਦੇਸ਼ ਤੋਂ ਪਟਨਾ ਸਾਹਿਬ ਦਰਸ਼ਨਾਂ ਲਈ ਆਉਣ ਵਾਲੀ ਸਿੱਖ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ |
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਬਿਹਾਰ ਦੇ ਨਵੇਂ ਮੁੱਖ ਮੰਤਰੀ ਸਮਰਾਟ ਚੌਧਰੀ <br/>
ਅਜੀਤ ਡੈਸਕ
17-04-2026