ਨਵੀਂ ਦਿੱਲੀ, 16 ਅਪ੍ਰੈਲ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸੰਸਦ 'ਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਬਿੱਲ ਦੇ ਮੁੱਦੇ 'ਤੇ ਪਾਰਟੀ ਦਾ ਮਜ਼ਬੂਤੀ ਨਾਲ ਪੱਖ ਰੱਖਦਿਆਂ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਹੱਦਬੰਦੀ ਰਾਹੀਂ ਪੰਜਾਬ ਵਰਗੇ ਛੋਟੇ ਰਾਜਾਂ ਦੀ ਸਿਆਸੀ ਨੁਮਾਇੰਦਗੀ ਖ਼ਤਮ ਕਰਨ ਦੀ ਸਾਜਿਸ਼ ਰਚੀ ਜਾ ਰਹੀ ਹੈ, ਜਿਸ ਦਾ ਉਹ ਸਖ਼ਤ ਵਿਰੋਧ ਕਰਦੇ ਹਨ | ਕੰਗ ਨੇ ਕਿਹਾ ਕਿ ਆਜ਼ਾਦੀ ਦੀ ਲੜਾਈ 'ਚ ਪੰਜਾਬ ਨੇ 2 ਫ਼ੀਸਦੀ ਆਬਾਦੀ ਹੋਣ ਦੇ ਬਾਵਜੂਦ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਪਰ ਸਿਆਸੀ ਨੁਮਾਇੰਦਗੀ ਘੱਟ ਹੋਣ ਕਾਰਨ ਸਾਡੇ ਤੋਂ ਸਾਡੀ ਰਾਜਧਾਨੀ ਚੰਡੀਗੜ੍ਹ ਖੋਹ ਲਈ ਗਈ ਅਤੇ ਹੁਣ ਭਾਖੜਾ ਡੈਮ ਵਰਗੇ ਪ੍ਰਬੰਧਨ ਤੋਂ ਵੀ ਪੰਜਾਬ ਦੀ ਨੁਮਾਇੰਦਗੀ ਖ਼ਤਮ ਕੀਤੀ ਜਾ ਰਹੀ ਹੈ |