ਚੰਡੀਗੜ੍ਹ, 17 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਬੇਨਤੀ 'ਤੇ ਅੰਤਰਿਮ ਆਦੇਸ਼ ਪਾਸ ਕੀਤਾ ਹੈ, ਜਿਸ 'ਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ 'ਚ ਲਗਾਤਾਰ ਨਜ਼ਰਬੰਦ ਰੱਖਣ ਦੀ ਬੇਨਤੀ ਕੀਤੀ ਗਈ ਸੀ | ਸੁਣਵਾਈ ਦੌਰਾਨ ਚੀਫ਼ ਜਸਟਿਸ ਅਤੇ ਜਸਟਿਸ ਸੰਜੀਵ ਬੇਰੀ ਦੇ ਡਵੀਜ਼ਨ ਬੈਂਚ ਨੇ ਨਿਰਦੇਸ਼ ਦਿੱਤਾ ਕਿ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਨੂੰ ਐਨ.ਐਸ.ਏ. ਅਧੀਨ ਨਜ਼ਰਬੰਦੀ ਖਤਮ ਹੋਣ ਤੋਂ ਬਾਅਦ ਵੀ ਡਿਬਰੂਗੜ੍ਹ ਜੇਲ੍ਹ 'ਚ ਹੀ ਰਹਿਣਾ ਚਾਹੀਦਾ ਹੈ | ਪੰਜਾਬ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਸਰਕਾਰੀ ਵਕੀਲ ਨੇ ਅਦਾਲਤ ਨੂੰ ਅਜਨਾਲਾ ਘਟਨਾ ਨਾਲ ਸੰਬੰਧਿਤ ਵੱਖ-ਵੱਖ ਐਫ਼. ਆਈ. ਆਰ. ਦੇ ਸੰਬੰਧ ਵਿਚ ਡਿਬਰੂਗੜ੍ਹ ਜੇਲ੍ਹ 'ਚ ਉਨ੍ਹਾਂ ਦੀ ਨਜ਼ਰਬੰਦੀ ਦੀ ਆਗਿਆ ਦੇਣ ਦੀ ਬੇਨਤੀ ਕੀਤੀ | ਇਸ ਦੌਰਾਨ ਭਾਈ ਅੰਮਿ੍ਤਪਾਲ ਸਿੰਘ ਦੀ ਨੁਮਾਇੰਦਗੀ ਕਰ ਰਹੇ ਵਕੀਲ ਨੇ ਸੂਬੇ ਦੇ ਰੁਖ਼ ਦਾ ਵਿਰੋਧ ਕਰਦੇ ਹੋਏ ਦਲੀਲ ਦਿੱਤੀ ਕਿ ਮੌਜੂਦਾ ਹਾਲਾਤ 'ਚ ਮੁਲਜ਼ਮਾਂ ਲਈ ਜ਼ਮਾਨਤ ਅਤੇ ਮੁਕੱਦਮੇ ਵਰਗੀ ਕਾਨੂੰਨੀ ਰਾਹਤ ਹਾਸਲ ਕਰਨਾ ਬਹੁਤ ਮੁਸ਼ਕਲ ਹੋ ਗਿਆ ਹੈ | ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਭਾਈ ਅੰਮਿ੍ਤਪਾਲ ਸਿੰਘ 11 ਹੋਰ ਐਫ਼.ਆਈ.ਆਰ. ਵਿਚ ਵੀ ਦੋਸ਼ੀ ਹੈ ਅਤੇ ਸੂਬੇ ਨੂੰ ਸਾਰੇ ਮਾਮਲਿਆਂ 'ਚ ਇੱਕੋ ਸਮੇਂ ਗਿ੍ਫ਼ਤਾਰੀਆਂ ਕਰਨੀਆਂ ਚਾਹੀਦੀਆਂ ਹਨ ਅਤੇ ਨਿਆਂਇਕ ਪ੍ਰਕਿਰਿਆ ਵਿਚ ਬੇਲੋੜੀ ਦੇਰੀ ਤੋਂ ਬਚਣ ਲਈ ਇੱਕੋ ਸਮੇਂ ਮੁਕੱਦਮੇ ਚਲਾਉਣੇ ਚਾਹੀਦੇ ਹਨ | ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਡਵੀਜ਼ਨ ਬੈਂਚ ਨੇ ਆਪਣੇ ਅੰਤਰਿਮ ਹੁਕਮ ਵਿਚ ਸਪੱਸ਼ਟ ਕੀਤਾ ਕਿ ਭਾਈ ਅੰਮਿ੍ਤਪਾਲ ਸਿੰਘ ਐਨ.ਐਸ.ਏ ਦੀ ਮਿਆਦ ਖਤਮ ਹੋਣ ਤੋਂ ਬਾਅਦ ਵੀ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿਚ ਹੀ ਨਜ਼ਰਬੰਦ ਰਹੇਗਾ | ਸੁਣਵਾਈ ਦੌਰਾਨ, ਅਸਾਮ ਸਰਕਾਰ ਦੇ ਡਿਪਟੀ ਐਡਵੋਕੇਟ ਜਨਰਲ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਿਲ ਹੋਏ ਅਤੇ ਅਦਾਲਤ ਨੂੰ ਭਰੋਸਾ ਦਿੱਤਾ ਕਿ ਡਿਬਰੂਗੜ੍ਹ ਜੇਲ੍ਹ ਵਿਚ ਸਾਰੀਆਂ ਜ਼ਰੂਰੀ ਸਹੂਲਤਾਂ ਪਹਿਲਾਂ ਹੀ ਉਪਲਬਧ ਹਨ ਅਤੇ ਅਦਾਲਤ ਦੇ ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇਗੀ |