ਅੰਮਿ੍ਤਸਰ, (ਹਰਮਿੰਦਰ ਸਿੰਘ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੇਅਦਬੀ ਮਾਮਲਿਆਂ ਸੰਬੰਧੀ ਬਿੱਲ ਨੂੰ ਰਾਜਪਾਲ ਵਲੋਂ ਮਿਲੀ ਪ੍ਰਵਾਨਗੀ ਦਾ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਸਿੱਖਾਂ ਦੀ ਧਾਰਮਿਕ ਆਸਥਾ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਰੱਖਿਆ ਲਈ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਦਾ ਮੁਕੰਮਲ ਖਾਤਮਾ ਹੋਣਾ ਬੇਹੱਦ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਕਾਨੂੰਨ ਆਪਣੀ ਥਾਂ ਠੀਕ ਹੈ, ਪਰ ਇਸ ਤੋਂ ਵੀ ਵੱਧ ਜ਼ਰੂਰੀ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਪਿਛੇ ਕੰਮ ਕਰਨ ਵਾਲੀਆਂ ਤਾਕਤਾਂ ਨੂੰ ਬੇਪਰਦ ਕਰਕੇ ਇਸ ਮੰਦਭਾਗੇ ਵਰਤਾਰੇ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇ |