ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਸੁਪਰੀਮ ਕੋਰਟ ਨੇ ਕਾਰਕੁਨ ਉਮਰ ਖਾਲਿਦ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ 'ਚ ਉਸ ਨੇ ਆਪਣੀ ਜ਼ਮਾਨਤ ਪਟੀਸ਼ਨ ਖਾਰਜ ਕਰਨ ਵਾਲੇ ਫੈਸਲੇ ਦੀ ਸਮੀਖਿਆ ਦੀ ਮੰਗ ਕੀਤੀ ਸੀ | ਅਦਾਲਤ ਨੇ ਕਿਹਾ ਕਿ 2020 ਦੇ ਦਿੱਲੀ ਦੰਗਿਆਂ ਦੀ ਸਾਜ਼ਿਸ਼ ਦੇ ਸਿਲਸਿਲੇ 'ਚ ਖਾਲਿਦ 'ਤੇ ਲਗਾਏ ਗਏ ਦੋਸ਼ਾਂ 'ਤੇ ਯਕੀਨ ਕਰਨ ਲਈ ਪੁਖ਼ਤਾ ਆਧਾਰ ਮੌਜੂਦ ਹਨ | ਜਸਟਿਸ ਅਰਵਿੰਦ ਕੁਮਾਰ ਅਤੇ ਜਸਟਿਸ ਐਨ.ਵੀ. ਅੰਜਾਰੀਆ ਦੇ ਬੈਂਚ ਨੇ ਸਮੀਖਿਆ ਪਟੀਸ਼ਨ 'ਤੇ ਜ਼ਬਾਨੀ ਸੁਣਵਾਈ ਦੀ ਮੰਗ ਵਾਲੀ ਅਰਜ਼ੀ ਨੂੰ ਵੀ ਨਾ-ਮਨਜ਼ੂਰ ਕਰ ਦਿੱਤਾ | ਬੈਂਚ ਨੇ 16 ਅਪ੍ਰੈਲ ਦੇ ਆਪਣੇ ਆਦੇਸ਼ 'ਚ ਕਿਹਾ ਕਿ ਸਮੀਖਿਆ ਪਟੀਸ਼ਨ ਤੇ ਉਸ ਨਾਲ ਜੁੜੇ ਦਸਤਾਵੇਜ਼ਾਂ ਦਾ ਅਧਿਐਨ ਕਰਨ ਤੋਂ ਬਾਅਦ ਸਾਨੂੰ 5 ਜਨਵਰੀ 2026 ਦੇ ਫ਼ੈਸਲੇ ਦੀ ਸਮੀਖਿਆ ਕਰਨ ਦਾ ਕੋਈ ਠੋਸ ਆਧਾਰ ਜਾਂ ਕਾਰਨ ਨਜ਼ਰ ਨਹੀਂ ਆਉਂਦਾ | ਇਸ ਲਈ ਸਮੀਖਿਆ ਪਟੀਸ਼ਨ ਨੂੰ ਖਾਰਜ ਕੀਤਾ ਜਾਂਦਾ ਹੈ |