ਨੀਦਰਲੈਂਡ 'ਚ ਪ੍ਰਵਾਸੀ ਪੰਜਾਬੀਆਂ ਤੇ ਮੋਹਰੀ ਕਾਰੋਬਾਰੀਆਂ ਨਾਲ ਕੀਤਾ ਵਿਚਾਰ-ਵਟਾਂਦਰਾ
ਚੰਡੀਗੜ੍ਹ, 21 ਅਪ੍ਰੈਲ (ਅਜੀਤ ਬਿਊਰੋ)-ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ ਲਈ ਵਿਸ਼ਵ-ਵਿਆਪੀ ਪਹੁੰਚ ਜਾਰੀ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਰਥਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਤੇ ਲੋਕਾਂ ਦੇ ਆਪਸੀ ਸੰਪਰਕ ਨੂੰ ਉਤਸ਼ਾਹਿਤ ਕਰਨ ਲਈ ਹੰਭਲਾ ਜਾਰੀ ਹੈ | ਚੇਅਰਪਰਸਨ ਮਿਸ ਐਡਿਥ ਨੋਰਡਮੈਨ ਦੀ ਅਗਵਾਈ ਵਾਲੇ ਨੀਦਰਲੈਂਡਜ਼ ਇੰਡੀਆ ਚੈਂਬਰ ਆਫ਼ ਕਾਮਰਸ ਐਂਡ ਟਰੇਡ ਨਾਲ ਰਣਨੀਤਕ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਅਤੇ ਨੀਦਰਲੈਂਡਜ਼ ਵਿਚਕਾਰ ਦੁਵੱਲੇ ਵਪਾਰਕ ਸੰਬੰਧਾਂ ਨੂੰ ਵਧਾਉਣ ਅਤੇ ਨਿਵੇਸ਼ ਪ੍ਰਵਾਹ ਨੂੰ ਉਤਸ਼ਾਹਿਤ ਕਰਨ ਦੀ ਵਕਾਲਤ ਕੀਤੀ | ਉਨ੍ਹਾਂ ਨੇ ਵੈਲਯੂ ਐਡੀਸ਼ਨ, ਬਰਾਮਦ ਆਧਾਰਿਤ ਵਿਕਾਸ ਅਤੇ ਵਿਸ਼ਵ ਸਪਲਾਈ ਚੇਨਾਂ ਨਾਲ ਤਾਲਮੇਲ, ਖ਼ਾਸ ਕਰ ਕੇ ਫੂਡ ਪ੍ਰੋਸੈਸਿੰਗ ਅਤੇ ਨਿਰਮਾਣ ਵਰਗੇ ਖੇਤਰਾਂ 'ਚ ਪੰਜਾਬ ਦੇ ਰਣਨੀਤਕ ਫੋਕਸ ਨੂੰ ਵੀ ਉਜਾਗਰ ਕੀਤਾ | ਭਗਵੰਤ ਮਾਨ ਨੇ ਐਨ.ਆਈ.ਸੀ.ਸੀ.ਟੀ. ਨੂੰ ਪੰਜਾਬ ਨੂੰ ਹਾਲੈਂਡ ਦੇ ਉੱਦਮਾਂ ਨਾਲ ਜੋੜਨ ਅਤੇ ਸੈਕਟਰ-ਵਿਸ਼ੇਸ਼ ਰੁਝੇਵਿਆਂ ਅਤੇ ਵਪਾਰਕ ਵਫ਼ਦਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ | ਇਸ ਦੌਰਾਨ ਹੇਗ 'ਚ ਨਿਵੇਸ਼ ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਨੇ ਇਸ ਪ੍ਰੋਗਰਾਮ 'ਚ ਸੂਬੇ ਦੀਆਂ ਉਦਯੋਗਿਕ ਸ਼ਕਤੀਆਂ ਅਤੇ ਉੱਭਰ ਰਹੇ ਮੌਕਿਆਂ ਦਾ ਪ੍ਰਦਰਸ਼ਨ ਕੀਤਾ, ਜਿਸ 'ਚ ਨੀਦਰਲੈਂਡ ਦੇ ਉਦਯੋਗਪਤੀਆਂ, ਵਪਾਰਕ ਪ੍ਰਤੀਨਿਧੀਆਂ ਅਤੇ ਭਾਈਵਾਲਾਂ ਨੇ ਭਾਗ ਲਿਆ | ਭਗਵੰਤ ਮਾਨ ਨੇ ਵੈਲਯੂ ਐਡਿਡ ਨਿਰਮਾਣ, ਉਦਯੋਗਿਕ ਵਿਕਾਸ ਅਤੇ ਬਰਾਮਦ ਆਧਾਰਤ ਵਿਕਾਸ ਵੱਲ ਪੰਜਾਬ ਦੀ ਤਬਦੀਲੀ 'ਤੇ ਚਾਨਣਾ ਪਾਇਆ | ਮੁੱਖ ਮੰਤਰੀ ਨੇ ਪੰਜਾਬ ਅਤੇ ਨੀਦਰਲੈਂਡ ਵਿਚਕਾਰ ਮਜ਼ਬੂਤ ਇਤਿਹਾਸਕ ਅਤੇ ਸੱਭਿਆਚਾਰਕ ਸੰਬੰਧਾਂ 'ਤੇ ਵੀ ਜ਼ੋਰ ਦਿੱਤਾ, ਜੋ ਖੁੱਲ੍ਹੇਪਣ ਅਤੇ ਨਵੀਨਤਾ ਦੇ ਸਾਂਝੇ ਮੁੱਲਾਂ ਨੂੰ ਦਰਸਾਉਂਦੇ ਹਨ | ਉਨ੍ਹਾਂ ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਕਾਰੋਬਾਰ ਕਰਨ 'ਚ ਆਸਾਨੀ ਪ੍ਰਤੀ ਸੂਬਾ ਸਰਕਾਰ ਦੀ ਸਰਗਰਮ ਤੇ ਸੁਧਾਰ-ਮੁਖੀ ਪਹੁੰਚ 'ਤੇ ਵੀ ਜ਼ੋਰ ਦਿੱਤਾ ਅਤੇ ਕਿਹਾ ਕਿ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਦੇਸ਼ 'ਚ ਸਭ ਤੋਂ ਵੱਧ ਮੁਕਾਬਲੇ ਵਾਲੀ ਨੀਤੀ ਹੈ | ਮੁੱਖ ਮੰਤਰੀ ਨੇ ਪੰਜਾਬ ਤੇ ਨੀਦਰਲੈਂਡ ਵਿਚਕਾਰ ਸਾਂਝੀਆਂ ਸੱਭਿਆਚਾਰਕ ਕਦਰਾਂ-ਕੀਮਤਾਂ ਅਤੇ ਉੱਦਮੀ ਭਾਵਨਾ ਦੀ ਸ਼ਲਾਘਾ ਕਰਦੇ ਹੋਏ ਵਿਸ਼ਵ-ਵਿਆਪੀ ਨਿਵੇਸ਼ਕਾਂ ਨੂੰ 'ਪੰਜਾਬ 'ਚ ਆਓ, ਨਿਵੇਸ਼ ਕਰੋ ਅਤੇ ਅੱਗੇ ਵਧੋ' ਦਾ ਸੱਦਾ ਦਿੱਤਾ | ਉਨ੍ਹਾਂ ਨੇ ਪੰਜਾਬ ਦੇ ਰਣਨੀਤਕ ਫਾਇਦਿਆਂ ਨੂੰ ਵੀ ਉਜਾਗਰ ਕੀਤਾ ਅਤੇ ਨਿਰਵਿਘਨ ਨਿਵੇਸ਼ਾਂ ਨੂੰ ਆਰਾਮਦਾਇਕ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਅਤੇ ਪੰਜਾਬ ਦੀਆਂ ਵਿਸ਼ੇਸ਼ਤਾਵਾਂ ਜਿਵੇਂ ਕਿ ਗੁਣਵੱਤਾ ਵਾਲਾ ਬੁਨਿਆਦੀ ਢਾਂਚਾ, ਪ੍ਰਗਤੀਸ਼ੀਲ ਕਿਸਾਨ ਅਤੇ ਵਿਸ਼ਵ ਪੱਧਰੀ ਮਾਪਦੰਡਾਂ ਅਨੁਸਾਰ ਹੁਨਰਮੰਦ ਮਨੁੱਖੀ ਸ਼ਕਤੀ 'ਤੇ ਜ਼ੋਰ ਦਿੱਤਾ | ਭਗਵੰਤ ਮਾਨ ਨੇ ਡੱਚ ਕੰਪਨੀਆਂ ਨੂੰ ਨਵੇਂ ਨਿਵੇਸ਼ਾਂ ਲਈ ਪੰਜਾਬ ਨੂੰ ਇਕ ਸੰਭਾਵੀ ਸਥਾਨ ਵਜੋਂ ਵਿਚਾਰਨ ਦਾ ਵੀ ਸੱਦਾ ਦਿੱਤਾ | ਮੁੱਖ ਮੰਤਰੀ ਨੇ ਇਕ ਭਾਈਚਾਰਕ ਪ੍ਰੋਗਰਾਮ ਦੌਰਾਨ ਪ੍ਰਵਾਸੀ ਪੰਜਾਬੀਆਂ ਨਾਲ ਗੱਲਬਾਤ ਕੀਤੀ, ਜਿਸ ਨਾਲ ਸੱਭਿਆਚਾਰਕ ਸੰਬੰਧਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੇ ਆਪਸੀ ਸੰਪਰਕ ਨੂੰ ਡੂੰਘਾ ਕਰਨ ਦਾ ਮੌਕਾ ਮਿਲਿਆ | ਉਨ੍ਹਾਂ ਨੇ ਸੱਭਿਆਚਾਰਕ ਅਤੇ ਆਰਥਿਕਤਾ ਰਾਹੀਂ ਦੁਵੱਲੇ ਸੰਬੰਧਾਂ ਨੂੰ ਮਜ਼ਬੂਤ ਕਰਨ 'ਚ ਨੀਦਰਲੈਂਡਜ਼ 'ਚ ਭਾਰਤੀ ਅਤੇ ਪੰਜਾਬੀ ਭਾਈਚਾਰੇ ਦੇ ਯੋਗਦਾਨ ਨੂੰ ਸਵੀਕਾਰ ਕੀਤਾ | ਗੱਲਬਾਤ ਦੌਰਾਨ ਭਗਵੰਤ ਮਾਨ ਨੇ ਉਨ੍ਹਾਂ ਦੇ ਸੁਝਾਅ ਵੀ ਮੰਗੇ ਅਤੇ ਪੰਜਾਬ ਦੀ ਵਿਕਾਸ ਯਾਤਰਾ 'ਚ ਮੁੱਖ ਭਾਈਵਾਲਾਂ ਵਜੋਂ ਪ੍ਰਵਾਸੀ ਪੰਜਾਬੀਆਂ ਨਾਲ ਜੁੜਨ ਦੀ ਸਰਕਾਰ ਦੀ ਵਚਨਬੱਧਤਾ ਦੀ ਵੀ ਪੁਸ਼ਟੀ ਕੀਤੀ | ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਨੀਦਰਲੈਂਡਜ਼ 'ਚ ਭਾਰਤੀ ਸਫ਼ੀਰ ਕੁਮਾਰ ਤੁਹਿਨ ਤੇ ਹੋਰ ਵੀ ਹਾਜ਼ਰ ਸਨ |
ਮੁੱਖ ਮੰਤਰੀ ਵਲੋਂ ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ 'ਤੇ ਹੰਭਲੇ ਜਾਰੀ
ਅਜੀਤ ਡੈਸਕ
22-04-2026