ਚੰਡੀਗੜ੍ਹ, 22 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਸੂਬੇ ਵਿਚ ਹੋਈ ਗੜੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਤਹਿਤ ਕਿਸਾਨਾਂ ਲਈ 123.28 ਕਰੋੜ ਰੁਪਏ ਤੋਂ ਵੱਧ ਦਾ ਰਾਹਤ ਪੈਕੇਜ ਮਨਜ਼ੂਰ ਕੀਤਾ ਗਿਆ ਹੈ | ਮਾਲ ਮੰਤਰੀ ਨੇ ਦੱਸਿਆ ਕਿ ਸੱਤ ਜ਼ਿਲਿ੍ਹਆਂ ਦੇ 111 ਪਿੰਡਾਂ ਵਿਚ 92695 ਏਕੜ ਰਕਬੇ 'ਚ ਹੋਏ ਫ਼ਸਲੀ ਨੁਕਸਾਨ ਲਈ 123,28,05,938 ਰੁਪਏ ਦੇ ਕੁੱਲ ਰਾਹਤ ਪੈਕੇਜ ਨੂੰ ਮਨਜ਼ੂਰੀ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਨੁਕਸਾਨੇ ਕੁੱਲ ਖੇਤਰ ਵਿਚ 26 ਤੋਂ 32 ਫ਼ੀਸਦੀ ਨੁਕਸਾਨ ਵਾਲਾ 992 ਏਕੜ ਰਕਬਾ, 33 ਤੋਂ 75 ਫ਼ੀਸਦੀ ਨੁਕਸਾਨਿਆ ਗਿਆ 61115 ਏਕੜ ਰਕਬਾ ਅਤੇ 76 ਤੋਂ 100 ਫ਼ੀਸਦੀ ਖ਼ਰਾਬੇ ਵਾਲਾ 30588 ਏਕੜ ਰਕਬਾ ਸ਼ਾਮਲ ਹੈ | ਕੈਬਨਿਟ ਮੰਤਰੀ ਨੇ ਦੱਸਿਆ ਕਿ ਪ੍ਰਭਾਵਿਤ ਜ਼ਿਲਿ੍ਹਆਂ ਵਿਚ ਫ਼ਾਜ਼ਿਲਕਾ ਨੂੰ ਸਭ ਤੋਂ ਵੱਧ ਕਰੀਬ 44.24 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਕੀਤੀ ਗਈ ਹੈ | ਇਸ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ ਨੂੰ ਕਰੀਬ 43.01 ਕਰੋੜ ਰੁਪਏ, ਬਠਿੰਡਾ ਨੂੰ ਲਗਭਗ 22.83 ਕਰੋੜ ਰੁਪਏ, ਮੋਗਾ ਨੂੰ 7.73 ਕਰੋੜ ਰੁਪਏ ਅਤੇ ਅੰਮਿ੍ਤਸਰ ਨੂੰ 5.26 ਕਰੋੜ ਰੁਪਏ ਤੋਂ ਵੱਧ ਦੀ ਰਾਹਤ ਰਾਸ਼ੀ ਜਾਰੀ ਕੀਤੀ ਗਈ ਹੈ | ਇਸੇ ਤਰ੍ਹਾਂ ਫ਼ਿਰੋਜ਼ਪੁਰ ਅਤੇ ਰੂਪਨਗਰ ਜ਼ਿਲਿ੍ਹਆਂ ਦੇ ਕਿਸਾਨਾਂ ਲਈ ਕ੍ਰਮਵਾਰ ਲਗਭਗ 17.10 ਲੱਖ ਰੁਪਏ ਅਤੇ 1.35 ਲੱਖ ਰੁਪਏ ਦਾ ਮੁਆਵਜ਼ਾ ਮਨਜ਼ੂਰ ਕੀਤਾ ਗਿਆ ਹੈ | ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਨੇ ਦੱਸਿਆ ਕਿ ਰਾਹਤ ਦਾ ਇਹ ਮੁਲਾਂਕਣ ਗੜੇਮਾਰੀ ਦੌਰਾਨ ਫ਼ਸਲੀ ਨੁਕਸਾਨ ਦੇ ਮੁਤਾਬਿਕ ਕੀਤਾ ਗਿਆ ਹੈ ਅਤੇ ਇਸ ਤਹਿਤ 26 ਫ਼ੀਸਦੀ ਤੋਂ ਲੈ ਕੇ 100 ਫ਼ੀਸਦੀ ਨੁਕਸਾਨੇ ਰਕਬੇ ਨੂੰ ਕਵਰ ਕੀਤਾ ਗਿਆ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰੇਕ ਪ੍ਰਭਾਵਿਤ ਕਿਸਾਨ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਮੁਆਵਜ਼ਾ ਮਿਲ ਸਕੇ |