ਕਿਹਾ, ਮੀਂਹ ਤੋਂ ਪਹਿਲਾਂ ਡਰੇਨਾਂ ਅਤੇ ਹੜ੍ਹ ਸੰਭਾਵੀ ਥਾਵਾਂ ਦੀ ਤੁਰੰਤ ਸਫਾਈ ਯਕੀਨੀ ਬਣਾਈ ਜਾਵੇ
ਚੰਡੀਗੜ੍ਹ, 25 ਅਪ੍ਰੈਲ (ਅਜੀਤ ਬਿਊਰੋ)-ਆਗਾਮੀ ਮੌਨਸੂਨ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਪਟੀ ਕਮਿਸਨਰਾਂ ਨੂੰ ਹੜ੍ਹ ਸੁਰੱਖਿਆ ਦੇ ਸਾਰੇ ਕੰਮ ਸਮੇਂ ਸਿਰ ਪੂਰੇ ਕਰਨ ਦੇ ਹੁਕਮ ਦਿੱਤੇ ਅਤੇ ਅਧਿਕਾਰੀਆਂ ਨੂੰ ਕੁਤਾਹੀ ਲਈ ਨਿੱਜੀ ਜਵਾਬਦੇਹੀ ਦੀ ਚਿਤਾਵਨੀ ਦਿੱਤੀ | ਇਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਉਨ੍ਹਾਂ ਨਾਲਿਆਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਤੋਂ ਤੁਰੰਤ ਗਾਰ ਕੱਢਣ, ਪ੍ਰਦੂਸ਼ਣ ਵਿਰੋਧੀ ਉਪਾਵਾਂ ਨੂੰ ਤੇਜ਼ ਕਰਨ ਅਤੇ ਲੰਬਿਤ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਨੂੰ ਅੱਗੇ ਵਧਾਉਣ ਦੇ ਨਿਰਦੇਸ਼ ਦਿੱਤੇ ਤਾਂ ਕਿ ਮੀਂਹ ਤੋਂ ਪਹਿਲਾਂ ਹੀ ਸਾਰੇ ਪ੍ਰਬੰਧ ਮੁਕੰਮਲ ਹੋਣ | ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਦੇ ਨਾਲ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਸਨ, ਨੇ ਪੰਜਾਬ ਭਰ 'ਚ ਹੜ੍ਹ ਸੁਰੱਖਿਆ ਕਾਰਜਾਂ ਨੂੰ ਪ੍ਰਭਾਵਸਾਲੀ ਢੰਗ ਨਾਲ ਚਲਾਉਣ ਲਈ ਮਾਸਟਰ ਪਲਾਨ ਲਾਗੂ ਕਰਨ ਦੀ ਵਕਾਲਤ ਕੀਤੀ | ਉਨ੍ਹਾਂ ਕਿਹਾ ਕਿ ਡਰੇਨਾਂ ਅਤੇ ਦਰਿਆਵਾਂ ਦੀ ਯੋਜਨਾ ਸਿੰਜਾਈ ਵਿਭਾਗ ਦੇ ਇੰਜਨੀਅਰਾਂ ਨਾਲ ਤਾਲਮੇਲ ਕਰਕੇ ਤਿਆਰ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਹੜ੍ਹ ਸੁਰੱਖਿਆ ਕਾਰਜਾਂ ਦੀ ਨਿਯਮਤ ਤੌਰ 'ਤੇ ਡੀ-ਸਿਲਟਿੰਗ, ਸਫਾਈ ਅਤੇ ਮਜ਼ਬੂਤੀ ਯਕੀਨੀ ਬਣਾਈ ਜਾ ਸਕੇ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਮੌਨਸੂਨ ਦੇ ਮੌਸਮ ਦੌਰਾਨ ਲੋਕਾਂ ਨੂੰ ਹੜ੍ਹਾਂ ਦੇ ਕਹਿਰ ਤੋਂ ਬਚਾਉਣ 'ਚ ਸਹਾਈ ਹੋਵੇਗਾ ਅਤੇ ਹਰੇਕ ਅਧਿਕਾਰੀ ਇਸ ਕੰਮ ਲਈ ਨਿੱਜੀ ਤੌਰ 'ਤੇ ਜਵਾਬਦੇਹ ਹੋਵੇਗਾ | ਉਨ੍ਹਾਂ ਕਿਹਾ ਕਿ ਗਿੱਦੜਪਿੰਡੀ ਰੇਲਵੇ ਪੁਲ ਅਤੇ ਹੜ੍ਹਾਂ ਦੀ ਸੰਭਾਵਨਾ ਵਾਲੀਆਂ ਹੋਰ ਥਾਵਾਂ ਦੀ ਸਫਾਈ ਜਲਦੀ ਤੋਂ ਜਲਦੀ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਹੜ੍ਹ ਵਰਗੀ ਸਥਿਤੀ ਨੂੰ ਟਾਲਿਆ ਜਾ ਸਕੇ | ਬੁੱਢੇ ਨਾਲੇ ਦੀ ਸਫਾਈ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਬੁੱਢੇ ਨਾਲੇ ਦੇ ਪਾਣੀ ਨੂੰ ਲੁਧਿਆਣਾ ਸ਼ਹਿਰ ਦੇ ਸ਼ੁਰੂਆਤੀ ਬਿੰਦੂ ਤੱਕ ਸਾਫ ਕਰ ਦਿੱਤਾ ਗਿਆ ਹੈ ਅਤੇ ਇਸ ਬਿੰਦੂ ਤੋਂ ਅੱਗੇ ਸਫਾਈ ਦਾ ਕੰਮ ਜਾਰੀ ਹੈ | ਡੇਅਰੀਆਂ ਤੋਂ ਬੁੱਢੇ ਨਾਲੇ 'ਚ ਜਾਣ ਵਾਲੇ ਗੋਹੇ ਦੇ ਮਾਮਲੇ ਦੀ ਸਖ਼ਤੀ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ | ਨਗਰ ਨਿਗਮ ਨੂੰ ਡੇਅਰੀਆਂ ਤੋਂ ਗੋਹਾ ਸਹੀ ਢੰਗ ਨਾਲ ਚੁਕਾਉਣਾ ਚਾਹੀਦਾ ਹੈ ਅਤੇ ਡੇਅਰੀ ਮਾਲਕਾਂ ਨੂੰ ਸਹਿਯੋਗ ਕਰਨਾ ਚਾਹੀਦਾ ਹੈ | ਬੁਨਿਆਦੀ ਢਾਂਚੇ ਦੇ ਰਹਿੰਦੇ ਕੰਮਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ ਕਿ ਹੈਬੋਵਾਲ ਵਿਖੇ ਸੀ.ਬੀ.ਜੀ. ਪਲਾਂਟ ਨੂੰ ਜਲਦੀ ਚਾਲੂ ਕੀਤਾ ਜਾਣਾ ਚਾਹੀਦਾ ਹੈ | ਤਾਜਪੁਰ ਵਿਖੇ ਪ੍ਰਸਤਾਵਿਤ ਸੀ.ਬੀ.ਜੀ. ਪਲਾਂਟ ਲਈ 2.5 ਏਕੜ ਜਮੀਨ ਅਲਾਟ ਕਰਨ ਦੇ ਪ੍ਰਸਤਾਵ ਨੂੰ ਨਗਰ ਨਿਗਮ, ਪੀ.ਐਸ.ਆਈ.ਈ.ਸੀ. ਅਤੇ ਪੇਡਾ ਦੁਆਰਾ ਇਕ ਹਫ਼ਤੇ ਦੇ ਅੰਦਰ ਜਲਦੀ ਤੋਂ ਜਲਦੀ ਅੰਤਿਮ ਰੂਪ ਦਿੱਤਾ ਜਾਣਾ ਚਾਹੀਦਾ ਹੈ | ਉਦਯੋਗਿਕ ਗੰਦੇ ਪਾਣੀ ਨੂੰ ਸਹੀ ਢੰਗ ਨਾਲ ਟਰੀਟ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਸੰਬੰਧ 'ਚ ਪ੍ਰਦੂਸ਼ਣ ਬੋਰਡ ਵਲੋਂ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ | ਸੂਬੇ ਭਰ 'ਚ ਡਰੇਨਾਂ 'ਚ ਪ੍ਰਦੂਸ਼ਿਤ ਪਾਣੀ ਦਾਖਲ ਹੋਣ ਵਾਲੀ ਲਾਪਰਵਾਹੀ ਦੇ ਮਾਮਲੇ 'ਚ ਜਵਾਬਦੇਹੀ ਤੈਅ ਕੀਤੀ ਜਾਵੇਗੀ | ਪਾਣੀ ਦੇ ਵਹਾਅ ਅਤੇ ਪ੍ਰਦੂਸ਼ਣ ਕੰਟਰੋਲ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਚਿੱਟੀ ਵੇਈਾ 'ਚ 200 ਕਿਊਸਿਕ ਪਾਣੀ ਛੱਡਣ ਲਈ ਸਿੰਬਲੀ ਵਿਖੇ ਰੈਗੂਲੇਟਰ ਚਾਲੂ ਕੀਤਾ ਜਾਣਾ ਚਾਹੀਦਾ ਹੈ | ਜਲੰਧਰ ਰਾਸ਼ਟਰੀ ਰਾਜਮਾਰਗ 44 'ਤੇ ਬਣੀਆਂ ਪੁਲੀਆਂ 'ਚ ਤੁਰੰਤ ਤਕਨੀਕੀ ਸੁਧਾਰ ਕੀਤਾ ਜਾਣਾ ਚਾਹੀਦਾ ਹੈ | ਇਸੇ ਤਰ੍ਹਾਂ ਕਾਲਾ ਸੰਘਿਆਂ ਡਰੇਨ 'ਚ ਪ੍ਰਦੂਸ਼ਣ ਘਟਾਉਣ ਲਈ ਬਿਸਤ ਦੁਆਬ ਨਹਿਰ ਤੋਂ 100 ਕਿਊਸਿਕ ਪਾਣੀ ਛੱਡਿਆ ਜਾਣਾ ਚਾਹੀਦਾ ਹੈ | ਉਨ੍ਹਾਂ ਅੱਗੇ ਕਿਹਾ ਕਿ ਸਟੋਨ ਲਾਈਨਿੰਗ ਦਾ ਕੰਮ ਪੂਰਾ ਹੋ ਗਿਆ ਹੈ | ਮੁੱਖ ਮੰਤਰੀ ਨੇ ਹਦਾਇਤ ਦਿੱਤੀ ਕਿ ਡੇਅਰੀ ਰਹਿੰਦ-ਖੂੰਹਦ ਨੂੰ ਨਾਲੀਆਂ 'ਚ ਸੁੱਟਣ ਦੀ ਸਖ਼ਤੀ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ ਹੈ | ਧੁੱਸੀ ਬੰਨ੍ਹ ਸੜਕ ਪ੍ਰਾਜੈਕਟ (ਸਤਲੁਜ ਦਰਿਆ) ਦਾ ਮਾਮਲਾ ਕੇਂਦਰੀ ਪੇਂਡੂ ਵਿਕਾਸ ਮੰਤਰੀ ਕੋਲ ਉਠਾਇਆ ਜਾਵੇਗਾ | 117.75 ਕਰੋੜ ਰੁਪਏ ਦੀ ਲਾਗਤ ਨਾਲ ਉਲੀਕਿਆ ਗਿਆ ਇਹ ਪ੍ਰਾਜੈਕਟ ਨਾਬਾਰਡ ਦੇ ਸਹਿਯੋਗ ਨਾਲ ਪੂਰਾ ਕੀਤਾ ਜਾਵੇਗਾ |
ਮੁੱਖ ਮੰਤਰੀ ਵਲੋਂ ਡਿਪਟੀ ਕਮਿਸ਼ਨਰਾਂ ਨੂੰ ਅਗਾਊਾ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼
ਅਜੀਤ ਡੈਸਕ
26-04-2026