ਅਜਨਾਲਾ, 25 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਮੁਖੀ ਅਤੇ ਪੰਜਾਬ ਤੋਂ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਨੂੰ ਅੱਜ ਅਜਨਾਲਾ ਪੁਲਿਸ ਥਾਣਾ ਹਮਲੇ ਦੇ ਮਾਮਲੇ 'ਚ ਨਿਆਂਇਕ ਹਿਰਾਸਤ 'ਚ ਵਾਪਸ ਭੇਜ ਦਿੱਤਾ ਗਿਆ ਅਤੇ ਇਕ ਵਾਰ ਫਿਰ ਇੱਥੇ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿਚ ਤਬਦੀਲ ਕਰ ਦਿੱਤਾ ਗਿਆ ਹੈ | ਭਾਈ ਅੰਮਿ੍ਤਪਾਲ ਸਿੰਘ ਦਾ ਦੋ ਦਿਨਾਂ ਦਾ ਪੁਲਿਸ ਰਿਮਾਂਡ ਅੱਜ ਖ਼ਤਮ ਹੋ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅਜਨਾਲਾ ਦੀ ਸਬ-ਡਵੀਜ਼ਨਲ ਅਦਾਲਤ 'ਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ | ਬਚਾਅ ਪੱਖ ਦੇ ਵਕੀਲ ਹਰਪਾਲ ਸਿੰਘ ਖਾਰਾ ਨੇ ਪੁਸ਼ਟੀ ਕੀਤੀ ਕਿ ਪੁਲਿਸ ਵਲੋਂ ਭਾਈ ਅੰਮਿ੍ਤਪਾਲ ਸਿੰਘ ਦੇ ਰਿਮਾਂਡ 'ਚ ਵਾਧੇ ਦੀ ਮੰਗ ਨਹੀਂ ਕੀਤੀ ਗਈ, ਜਿਸ ਕਾਰਨ ਅਦਾਲਤ ਨੇ ਉਨ੍ਹਾਂ ਨੂੰ ਨਿਆਇਕ ਹਿਰਾਸਤ ਵਿਚ ਭੇਜਣ ਦੇ ਹੁਕਮ ਦਿੱਤੇ | ਭਾਈ ਅੰਮਿ੍ਤਪਾਲ ਸਿੰਘ ਨੂੰ ਮੁੜ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਹੈ ਅਤੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 30 ਅਪ੍ਰੈਲ ਨੂੰ ਹੋਵੇਗੀ |