ਐਸ.ਏ.ਐਸ. ਨਗਰ (ਮੋਹਾਲੀ), 4 ਮਈ (ਅਜੀਤ ਬਿਊਰੋ)- ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਭਾਜਪਾ 'ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਗਵਾ ਪਾਰਟੀ ਦੇਸ਼ ਦੇ ਕਿਸੇ ਵੀ ਸੂਬੇ ਤੋਂ ਜਿੱਤ ਸਕਦੀ ਹੈ ਪਰ ਉਹ ਮਹਾਨ ਗੁਰੂਆਂ, ਸੰਤਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਤੋਂ ਜਿੱਤਣ ਦਾ ਸੁਪਨਾ ਵੀ ਨਹੀਂ ਦੇਖ ਸਕਦੀ | ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਦੇ ਸ਼ੱਕੀ ਚਰਿੱਤਰ ਤੋਂ ਚੰਗੀ ਤਰ੍ਹਾਂ ਜਾਣੂ ਹਨ, ਜੋ ਇਸ ਨੂੰ ਚੰਗੀ ਤਰ੍ਹਾਂ ਸਬਕ ਸਿਖਾਉਣਗੇ, ਕਿਉਂਕਿ ਪੰਜਾਬੀ ਇਹ ਕਦੇ ਨਹੀਂ ਭੁੱਲਣਗੇ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ ਸੂਬੇ ਦੇ ਅੰਨਦਾਤੇ ਨੂੰ ਕਿਵੇਂ ਜ਼ਲੀਲ ਕੀਤਾ ਗਿਆ ਅਤੇ ਭਾਜਪਾ ਦੇ ਹੱਥ ਇਸ ਅੰਦੋਲਨ ਦÏਰਾਨ ਸ਼ਹੀਦ ਹੋਏ 700 ਤੋਂ ਵੱਧ ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ ਹਨ | ਉਨ੍ਹਾਂ ਨੇ ਕਿਹਾ ਕਿ ਭਾਵੇਂ ਭਾਜਪਾ ਕੁਝ ਸੂਬਿਆਂ 'ਚ ਆਪਣੀ ਚੋਣ ਕਾਰਗੁਜ਼ਾਰੀ ਤੋਂ ਖ਼ੁਸ਼ ਹੈ, ਪਰ ਜਿਥੋਂ ਤੱਕ ਪੰਜਾਬ ਦਾ ਸੰਬੰਧ ਹੈ, ਭਾਜਪਾ ਨੇ ਪੰਜਾਬ ਨਾਲ ਸਦਾ ਬੇਇਨਸਾਫ਼ੀ ਅਤੇ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ |