ਚੰਡੀਗੜ੍ਹ, 8 ਮਈ (ਅ.ਬ.)-ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੇ ਟਿੱਪਣੀ ਕੀਤੀ ਕਿ ਪੰਜਾਬ 'ਚ ਡਰੱਗਜ ਦੀ ਸਮੱਸਿਆ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ ਅਤੇ ਇਹ ਸਿਰਫ ਕਾਨੂੰਨ ਵਿਵਸਥਾ ਦਾ ਮਾਮਲਾ ਨਹੀਂ ਰਿਹਾ, ਸਗੋਂ ਸਮਾਜ ਦੇ ਭਵਿੱਖ ਨਾਲ ਜੁੜਿਆ ਮੁੱਦਾ ਬਣ ਚੁੱਕਾ ਹੈ | ਇਸ 'ਤੇ ਆਪਣਾ ਪ੍ਰਤੀਕਰਮ ਦਿੰਦਿੰਆਂ ਪੰਜਾਬ ਭਾਜਪਾ ਦੇ ਉਪ-ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਮਾਨ ਸਰਕਾਰ ਦੇ ਝੂਠ ਦਾ ਪਰਦਾਫਾਸ਼ ਕੀਤਾ ਹੈ | ਜਿਹੜੀ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਦਾ ਢੰਡੋਰਾ ਗਲੀ-ਗਲੀ 'ਚ ਪਿੱਟ ਰਹੀ ਸੀ ਉਸ ਮੁਹਿੰਮ ਦੀ ਸੱਚਾਈ ਸੁਪਰੀਮ ਕੋਰਟ ਨੇ ਸਾਰਿਆਂ ਦੇ ਸਾਹਮਣੇ ਲਿਆ ਦਿੱਤੀ ਹੈ | ਆਮ ਆਦਮੀ ਪਾਰਟੀ ਸਰਕਾਰ ਸੂਬੇ 'ਚ ਨਸ਼ਾ ਖ਼ਤਮ ਹੋਣ ਦੇ ਦਾਅਵੇ ਕਰਦੀ ਹੈ, ਪ੍ਰੰਤੂ ਇਹ ਸਾਰੇ ਦਾਅਵੇ ਝੂਠੇ ਨਿਕਲੇ ਹਨ | ਹੁਣ ਸੁਪਰੀਮ ਕੋਰਟ ਦੀ ਇਸ ਸਖ਼ਤ ਟਿੱਪਣੀ ਦੇ ਬਾਅਦ ਸੂਬਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਸਬਕ ਲੈਣਾ ਚਾਹੀਦਾ ਹੈ ਅਤੇ ਜ਼ਮੀਨੀ ਪੱਧਰ 'ਤੇ ਕੰਮ ਕਰਕੇ ਵਿਖਾਉਣਾ ਚਾਹੀਦਾ ਹੈ |