ਸੰਗਰੂਰ, 11 ਮਈ (ਧੀਰਜ ਪਸ਼ੌਰੀਆ)-ਇਥੋਂ ਦੇ ਨੇੜਲੇ ਪਿੰਡ ਖ਼ੁਰਾਣਾ ਵਿਖੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਬੇਅਦਬੀ ਰੋਕਣ ਸੰਬੰਧੀ ਬਣਾਏ ਕਾਨੂੰਨ ਨੂੰ ਲੈ ਕੇ ਕਰਵਾਏ ਸ਼ੁਕਰਾਨਾ ਸਮਾਗਮ 'ਚ ਸ਼ਾਮਿਲ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਸਿੱਖ ਜਾਂ ਸ਼ਰਧਾਲੂ ਪਰਿਵਾਰਾਂ ਨੰੂ ਇਸ ਕਾਨੂੰਨ ਤੋਂ ਡਰਨ ਦੀ ਲੋੜ ਨਹੀਂ, ਉਹ ਆਪਣੇ ਘਰਾਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰ ਸਕਦੇ ਹਨ, ਗੁਟਕਾ ਸਾਹਿਬ ਰੱਖ ਸਕਦੇ ਹਨ | ਇਹ ਕਾਨੰੂਨ ਦਹਿਸ਼ਤ ਫੈਲਾਉਣ ਲਈ ਨਹੀਂ, ਸਗੋਂ ਬੇਅਦਬੀ ਦੀਆਂ ਘਟਨਾਵਾਂ ਨੰੂ ਰੋਕਣ ਲਈ ਬਣਾਇਆ ਗਿਆ ਹੈ | ਸ਼ੁਕਰਾਨਾ ਸਮਾਗਮ 'ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਇਕਾ ਨਰਿੰਦਰ ਕੌਰ ਭਰਾਜ ਸਮੇਤ ਵੱਡੀ ਗਿਣਤੀ ਆਗੂਆਂ ਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ | ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਨੂੰਨ ਸੰਤਾਂ-ਮਹਾਂਪੁਰਸ਼ਾਂ ਅਤੇ ਉੱਘੇ ਕਾਨੂੰਨਦਾਨਾਂ ਨਾਲ ਵਿਚਾਰ ਚਰਚਾਵਾਂ ਕਰਨ ਤੋਂ ਬਾਅਦ ਹੀ ਬਣਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਬੇਸ਼ੱਕ ਕੁਝ ਵਿਰੋਧੀ ਪਾਰਟੀਆਂ ਇਸ ਕਾਨੂੰਨ ਦਾ ਵਿਰੋਧ ਕਰ ਰਹੀਆਂ ਹਨ ਪਰ ਉਹ ਅਤੇ ਸਮੂਹ ਸੰਗਤ ਗੁਰੂ ਸਾਹਿਬਾਨ ਵਲੋਂ ਲਗਾਈ ਗਈ ਸੇਵਾ ਤੋਂ ਬਾਅਦ ਕਾਨੂੰਨ ਬਣਨ 'ਤੇ ਪੂਰੀ ਤਰਾਂ ਸੰਤੁਸ਼ਟ ਹਨ | ਉਨ੍ਹਾਂ ਕਿਹਾ ਕਿ ਜਦੋਂ ਉਹ ਲੋਕ ਸਭਾ ਮੈਂਬਰ ਸਨ ਤਾਂ ਉਸ ਸਮੇਂ ਵੀ ਵਾਹਿਗੁਰੂ ਨੇ ਸੇਵਾ ਦਾ ਮੌਕਾ ਦਿੱਤਾ ਸੀ ਅਤੇ ਲੋਕ ਸਭਾ 'ਚ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿੱਤੀ ਗਈ ਸੀ | ਗੁਰਦੁਆਰਾ ਜੋਤੀਸਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕਿਰਪਾਲ ਸਿੰਘ ਵਲੋਂ ਰੱਖੀਆਂ ਮੰਗਾਂ ਨੂੰ ਉਨ੍ਹਾਂ ਸੰਗਤ ਦਾ ਹੱਕ ਦੱਸਦਿਆਂ ਕਿਹਾ ਕਿ ਇਸ ਨੂੰ ਕੁਝ ਦਿਨਾਂ 'ਚ ਹੀ ਪੂਰਾ ਕਰ ਦਿੱਤਾ ਜਾਵੇਗਾ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਸਮਝੌਤਿਆਂ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਤਾਂ ਸਾਡੇ ਦੇਸ਼ ਦੀ ਖੇਤੀ ਵੀ ਵਿਦੇਸ਼ੀ ਹੋਣ ਜਾ ਰਹੀ ਹੈ, ਜੇ ਪੰਜਾਬ ਦੀ ਖੇਤੀ ਨੰੂ ਬਚਾਉਣਾ ਹੈ ਤਾਂ ਅਮਰੀਕਾ ਤੋਂ ਸੁਚੇਤ ਹੋਣ ਦੀ ਜ਼ਰੂਰਤ ਹੈ | ਉਨ੍ਹਾਂ ਨੇ ਈ.ਡੀ. ਵਲੋਂ ਕੀਤੀ ਜਾ ਰਹੀ ਛਾਪੇਮਾਰੀ ਨੂੰ ਕੇਂਦਰ ਦੀ ਮੋਦੀ ਸਰਕਾਰ ਵਲੋਂ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਦੱਸਦਿਆਂ ਕਿਹਾ ਕਿ ਪੰਜਾਬੀ ਇਸ ਤਰ੍ਹਾਂ ਡਰਨ ਵਾਲੇ ਨਹੀਂ ਹਨ | ਇਸ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁਕਰਾਨਾ ਸਮਾਗਮ 'ਚ ਸ਼ਾਮਿਲ ਹੋਣ ਤੋਂ ਬਾਅਦ ਮੁੱਖ ਸੇਵਾਦਾਰ ਬਾਬਾ ਕਿਰਪਾਲ ਸਿੰਘ ਨਾਲ ਮੁਲਾਕਾਤ ਕੀਤੀ | ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. ਰਾਜਬੀਰ ਸਿੰਘ, ਵਿੱਤ ਮੰਤਰੀ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ, ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਜਵੰਧਾ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ, ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਾਮ ਸਿੰਗਲਾ, ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਅਵਤਾਰ ਸਿੰਘ ਈਲਵਾਲ, ਡਾਇਰੈਕਟਰ ਜਸਵੀਰ ਸਿੰਘ ਜੱਸੀ ਸੇਖੋਂ, ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਦਲਜੀਤ ਸਿੰਘ ਘਰਾਚੋਂ, ਚੇਅਰਮੈਨ ਜਸਵੀਰ ਕੌਰ ਸ਼ੇਰਗਿੱਲ, ਚੇਅਰਮੈਨ ਹਰਵਿੰਦਰ ਸਿੰਘ, ਚੇਅਰਮੈਨ ਗੀਤੀਮਾਨ, ਬਾਰ ਕੌਂਸਲ ਦੇ ਮੈਂਬਰ ਗੁਰਤੇਜ ਸਿੰਘ ਗਰੇਵਾਲ, ਬਾਰ ਦੇ ਪ੍ਰਧਾਨ ਸੁਖਜਿੰਦਰ ਸਿੰਘ ਢੀਂਡਸਾ, ਸਾਬਕਾ ਪ੍ਰਧਾਨ ਗਗਨਦੀਪ ਸਿੰਘ ਸਿਬੀਆ, ਸੈਕਟਰੀ ਸਿਮਰਨਦੀਪ ਸਿੰਘ ਬਲੱਗਣ, ਨਗਰ ਕੌਂਸਲ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਨਹਿਲ, ਨਗਰ ਪੰਚਾਇਤ ਦਿੜ੍ਹਬਾ ਦੇ ਪ੍ਰਧਾਨ ਮਨਿੰਦਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਬੀਰ ਸਿੰਘ ਢੀਂਡਸਾ, ਪ੍ਰਗਟ ਢਿੱਲੋਂ ਭਵਾਨੀਗੜ੍ਹ, ਗੁਰਪਿਆਰ ਸਿੰਘ ਅਕੋਈ, ਬੰਟੀ ਸੈਨੀ ਥਲੇਸਾ, ਨਵਦੀਪ ਕੌਰ, ਬਲਵਿੰਦਰ ਬਾਵਲਾ, ਪੰਚ-ਸਰਪੰਚ ਅਤੇ ਵੱਡੀ ਗਿਣਤੀ ਸੰਗਤ ਨੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ |
ਬੇਅਦਬੀ ਕਾਨੰੂਨ ਤੋਂ ਆਮ ਲੋਕਾਂ ਨੰੂ ਘਬਰਾਉਣ ਦੀ ਜ਼ਰੂਰਤ ਨਹੀਂ-ਮੁੱਖ ਮੰਤਰੀ <br/>
ਅਜੀਤ ਡੈਸਕ
12-05-2026