ਨਵੀਂ ਦਿੱਲੀ, 25 ਮਈ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਪੰਜਾਬ ਰਾਜ ਚੋਣ ਕਮਿਸ਼ਨ ਦੇ ਬੈਲੇਟ ਪੇਪਰ ਨਾਲ ਸਥਾਨਕ ਚੋਣਾਂ ਕਰਵਾਉਣ ਦੇ ਫ਼ੈਸਲੇ ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਖਾਰਜ ਕਰਦਿਆਂ ਕਿਹਾ ਕਿ ਉਹ ਹੁਣ ਇਸ ਮੰਚ 'ਤੇ ਚਲ ਰਹੇ ਪੂਰੇ ਚੋਣ ਅਮਲ ਨੂੰ ਅਸਥਿਰ ਨਹੀਂ ਕਰ ਸਕਦੀ | ਚੀਫ਼ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜਾਇਮਾਲਿਆ ਬਾਗਚੀ ਦੇ ਬੈਂਚ ਨੇ ਪਟੀਸ਼ਨਕਰਤਾ ਰੂਚਿਰਾ ਗਰਗ ਨੂੰ ਚੋਣਾਂ ਤੋਂ ਇਕ ਦਿਨ ਪਹਿਲਾਂ ਅਦਾਲਤ ਦਾ ਰੁਖ਼ ਕਰਨ ਲਈ ਝਾੜ ਲਗਾਉਂਦਿਆਂ ਕਿਹਾ ਕਿ ਚੋਣਾਂ ਦੇ ਇਸ ਪੂਰੇ ਅਮਲ ਨੂੰ ਇਸ ਅੰਤਿਮ ਪੜਾਅ 'ਤੇ ਰੋਕਣਾ ਕਿਸੇ ਵੀ ਤਰ੍ਹਾਂ ਨਿਆਂਸੰਗਤ ਨਹੀਂ ਹੈ | ਉਨ੍ਹਾਂ ਇਹ ਵੀ ਕਿਹਾ ਕਿ ਤੁਹਾਨੂੰ ਚੰਗੀ ਤਰ੍ਹਾਂ ਪਤਾ ਸੀ ਕਿ ਰਾਜ 'ਚ ਸਥਾਨਕ ਚੋਣਾਂ ਹੋਣ ਵਾਲੀਆਂ ਹਨ ਕਿਉਂਕਿ ਇਸ ਤੋਂ ਪਹਿਲਾਂ ਵੀ ਇਸ ਵਿਸ਼ੇ ਨੂੰ ਲੈ ਕੇ ਅਦਾਲਤਾਂ 'ਚ ਮੁਕੱਦਮੇਬਾਜ਼ੀ ਦੇ ਕਈ ਦੌਰ ਹੋ ਚੁੱਕੇ ਹਨ ਅਤੇ ਇਸ ਨੂੰ ਲੈ ਕੇ ਚੋਣ ਪ੍ਰੋਗਰਾਮ ਦੀ ਰਸਮੀ ਨੋਟੀਫਿਕੇਸ਼ਨ ਜਾਰੀ ਹੋਣ ਦਾ ਇੰਤਜ਼ਾਰ ਕਰਨ ਦੀ ਕੋਈ ਲੋੜ ਨਹੀਂ ਸੀ | ਸੁਪਰੀਮ ਕੋਰਟ ਨੇ ਚੋਣਾਂ ਲਈ ਇਕ ਸੁਤੰਤਰ ਨਿਗਰਾਨ ਨਿਯੁਕਤ ਕਰਨ ਦੀ ਮੰਗ ਨੂੰ ਇਹ ਕਹਿੰਦਿਆਂ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ ਕਿ ਇਹ ਇਕ ਬਹੁਤ ਹੀ ਗੰਭੀਰ ਦਖ਼ਲਅੰਦਾਜ਼ੀ ਹੋਵੇਗੀ | ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਆਦੇਸ਼ ਖ਼ਿਲਾਫ਼ ਦਾਇਰ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਸੀ, ਜਿਸ 'ਚ ਆਉਣ ਵਾਲੀਆਂ ਪੰਜਾਬ ਦੀਆਂ ਸਥਾਨਕ ਚੋਣਾਂ 'ਚ ਈ.ਵੀ.ਐਮ. ਨਾਲ ਵੋਟਾਂ 'ਤੇ ਸਵਿਚ ਕਰਨ ਦੇ ਰਾਜ ਚੋਣ ਕਮਿਸ਼ਨ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਗਰਗ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ | ਪੰਜਾਬ ਰਾਜ ਚੋਣ ਕਮਿਸ਼ਨ ਨੇ ਹਾਈ ਕੋਰਟ 'ਚ ਦਲੀਲ ਦਿੰਦਿਆਂ ਕਿਹਾ ਸੀ ਕਿ ਸਥਾਨਕ ਚੋਣਾਂ ਬੈਲੇਟ ਪੇਪਰ ਰਾਹੀਂ ਇਸ ਲਈ ਕਰਵਾਈਆਂ ਜਾ ਰਹੀਆਂ ਹਨ, ਕਿਉਂਕਿ ਚੋਣ ਕਮਿਸ਼ਨ ਉਨ੍ਹਾਂ ਵਲੋਂ ਤੈਅ ਪ੍ਰੋਗਰਾਮ ਮੁਤਾਬਿਕ ਲੋੜੀਂਦੀ ਗਿਣਤੀ 'ਚ ਈ.ਵੀ.ਐਮ. ਮਸ਼ੀਨਾਂ ਉਪਲਬਧ ਕਰਵਾਉਣ 'ਚ ਨਾਕਾਮ ਰਿਹਾ | ਜ਼ਿਕਰਯੋਗ ਹੈ ਕਿ ਪੰਜਾਬ ਦੀਆਂ 8 ਨਗਰ ਨਿਗਮਾਂ ਸਮੇਤ 104 ਨਗਰ ਕੌਂਸਲਾਂ 'ਚ 26 ਮਈ ਨੂੰ ਵੋਟਿੰਗ ਹੋਵੇਗੀ ਅਤੇ 29 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ |
ਬੈਲਟ ਪੇਪਰਾਂ ਰਾਹੀਂ ਪੈਣਗੀਆਂ ਵੋਟਾਂ ਸੁਪਰੀਮ ਕੋਰਟ ਵਲੋਂ ਚੁਣੌਤੀ ਪਟੀਸ਼ਨ ਖ਼ਾਰਜ
ਅਜੀਤ ਡੈਸਕ
26-05-2026