ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰ ਸਰਕਾਰ ਵਲੋਂ ਹਰ ਰੋਜ਼ ਵਧਾਈਆਂ ਜਾ ਰਹੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦੇ ਰੋਸ ਵਜੋਂ ਇਕ ਸੁਨੇਹਾ ਦੇਣ ਦੇ ਮਕਸਦ ਨਾਲ ਆਪਣੀ ਪਤਨੀ ਅੰਮਿ੍ਤਾ ਵੜਿੰਗ ਦੇ ਨਾਲ ਬਲਦ ਗੱਡੀ ਉਪਰ ਬੈਠ ਕੇ ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 5 ਵਿਖੇ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਚ ਬਣੇ ਬੂਥ 'ਤੇ ਵੋਟ ਪਾਉਣ ਲਈ ਪਹੁੰਚੇ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਤੇਲ ਕੀਮਤਾਂ ਵਧਾਉਣ ਦੇ ਵਿਰੋਧ ਵਿਚ ਸੜਕਾਂ 'ਤੇ ਉਤਰੇਗੀ | ਉਨ੍ਹਾਂ ਕਿਹਾ ਕਿ ਪੈਟਰੋਲ ਦੀ ਕੀਮਤ 105 ਰੁਪਏ ਤੇ ਡੀਜ਼ਲ 95 ਰੁਪਏ ਪ੍ਰਤੀ ਲੀਟਰ ਪਹੁੰਚ ਚੁੱਕਿਆ ਹੈ | ਉਨ੍ਹਾਂ ਆਮ ਆਦਮੀ ਪਾਰਟੀ 'ਤੇ ਦੋਸ਼ ਲਾਇਆ ਕਿ ਸਰਕਾਰ ਇਹ ਚੋਣ ਲੁੱਟਣਾ ਚਾਹੁੰਦੀ ਹੈ | ਉਪਰੰਤ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਉਨ੍ਹਾਂ ਦੀ ਪਤਨੀ ਅੰਮਿ੍ਤਾ ਵੜਿੰਗ ਨੇ ਪੋਲਿੰਗ ਬੂਥ 'ਤੇ ਜਾ ਕੇ ਆਪਣੀ ਵੋਟ ਪਾਈ |