ਨਵੀਂ ਦਿੱਲੀ, 28 ਮਈ (ਪੀ. ਟੀ. ਆਈ.)-ਸਰਕਾਰੀ ਸੂਤਰਾਂ ਨੇ ਵੀਰਵਾਰ ਨੂੰ ਦੱਸਿਆ ਕਿ ਸਰਕਾਰ 21 ਜੂਨ ਨੂੰ ਹੋਣ ਵਾਲੀ ਨੀਟ-ਯੂ.ਜੀ. ਮੁੜ ਪ੍ਰੀਖਿਆ ਦੇ ਸੁਚਾਰੂ ਸੰਚਲਾਨ ਨੂੰ ਯਕੀਨੀ ਬਣਾਉਣ ਲਈ ਪੇਪਰਾਂ ਦੀ ਆਵਾਜਾਈ ਲਈ ਭਾਰਤੀ ਹਵਾਈ ਫ਼ੌਜ ਦੇ ਜਹਾਜ਼ਾਂ ਦੀ ਵਰਤੋਂ ਕਰਨ ਦੀ ਸੰਭਾਵਨਾ ਦੀ ਪੜਚੋਲ ਕਰ ਰਹੀ ਹੈ | ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਕ ਉੱਚ ਪੱਧਰੀ ਮੀਟਿੰਗ 'ਚ ਇਸ ਬਦਲ ਦੀ ਪੜਚੋਲ ਕੀਤੀ ਗਈ, ਜਿਸ 'ਚ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਸੰਚਾਰ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਵੀ ਸ਼ਾਮਿਲ ਹੋਏ | ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਨੇ ਇਸ ਗੱਲ 'ਤੇ ਚਰਚਾ ਕੀਤੀ ਕਿ ਕੀ ਨੀਟ-ਯੂ.ਜੀ. ਪੇਪਰਾਂ ਦੀ ਆਵਾਜਾਈ ਲਈ ਭਾਰਤੀ ਹਵਾਈ ਫ਼ੌਜ ਦੇ ਜਹਾਜ਼ਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ | ਹਾਲਾਂਕਿ, ਹੁਣ ਤੱਕ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ ਹੈ ਅਤੇ ਬਦਲ ਨੂੰ ਅੰਤਿਮ ਵਿਚਾਰ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਹਮਣੇ ਰੱਖਿਆ ਜਾਵੇਗਾ | ਮੰਨਿਆ ਜਾਂਦਾ ਹੈ ਕਿ ਪ੍ਰਧਾਨ ਮੰਤਰੀ 21 ਜੂਨ ਨੂੰ ਹੋਣ ਵਾਲੀ ਨੀਟ ਮੁੜ ਪ੍ਰੀਖਿਆ ਦੀਆਂ ਤਿਆਰੀਆਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਪ੍ਰੀਖਿਆ ਪ੍ਰਕਿਰਿਆ ਨਾਲ ਸੰਬੰਧਿਤ ਹਰ ਵੇਰਵਿਆਂ ਬਾਰੇ ਅਪਡੇਟ ਕੀਤਾ ਜਾ ਰਿਹਾ ਹੈ |