ਚੰਡੀਗੜ੍ਹ, 1 ਜੂਨ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਵਜ਼ਾਰਤ ਨੇ ਅੱਜ ਅਹਿਮ ਫ਼ੈਸਲਾ ਲੈਂਦਿਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੀ ਚੋਣ ਮਸ਼ੀਨਰੀ ਨੂੰ ਮਜ਼ਬੂਤ ਕਰਨ ਲਈ ਚੋਣ ਵਿਭਾਗ ਦੇ ਸੇਵਾ ਨਿਯਮਾਂ 'ਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ | ਇਸ ਫ਼ੈਸਲੇ ਨਾਲ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਪ੍ਰਸ਼ਾਸਨਿਕ ਰੁਕਾਵਟਾਂ ਦੂਰ ਹੋਣਗੀਆਂ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐਸ.ਆਈ.ਆਰ.) ਨੂੰ ਸੁਚਾਰੂ ਅਤੇ ਨਿਰਵਿਘਨ ਤਰੀਕੇ ਨਾਲ ਨੇਪਰੇ ਚਾੜ੍ਹਨ 'ਚ ਮਦਦ ਮਿਲੇਗੀ ਅਤੇ ਚੋਣਾਂ ਨਾਲ ਸੰਬੰਧਿਤ ਕਾਰਜਾਂ ਲਈ ਲੋੜੀਂਦਾ ਸਟਾਫ਼ ਯਕੀਨੀ ਬਣਾਉਣ ਲਈ ਖ਼ਾਲੀ ਪਈਆਂ ਮਹੱਤਵਪੂਰਨ ਅਸਾਮੀਆਂ ਨੂੰ ਭਰਨ ਲਈ ਰਾਹ ਪੱਧਰਾ ਹੋਵੇਗਾ | ਮੰਤਰੀ ਮੰਡਲ ਨੇ ਜਲ ਸਰੋਤ ਵਿਭਾਗ ਦੀ ਸਾਲ 2025-26 ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ | ਇਹ ਫ਼ੈਸਲੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਏ ਗਏ | ਫ਼ੈਸਲੇ ਦੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਚੋਣ ਕਾਨੂੰਨਗੋ ਦੀ ਅਸਾਮੀ ਤੋਂ ਚੋਣ ਤਹਿਸੀਲਦਾਰ ਵਜੋਂ ਤਰੱਕੀ ਲਈ ਲੋੜੀਂਦੇ ਤਜਰਬੇ ਨੂੰ 15 ਸਾਲ ਤੋਂ ਘਟਾ ਕੇ 12 ਸਾਲ ਕਰਨ ਲਈ ਚੋਣ ਵਿਭਾਗ ਦੇ ਸੇਵਾ ਨਿਯਮਾਂ 'ਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ | ਇਹ ਸੋਧ ਵਿਭਾਗ 'ਚ ਚੋਣ ਤਹਿਸੀਲਦਾਰ ਦੀਆਂ 7 ਖ਼ਾਲੀ ਅਸਾਮੀਆਂ ਹੋਣ ਕਾਰਨ ਜ਼ਰੂਰੀ ਹੋ ਗਈ ਸੀ | ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਸੁਧਾਈ ਅਤੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣਾਂ ਨਾਲ ਸੰਬੰਧਿਤ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਚੋਣ ਤਹਿਸੀਲਦਾਰਾਂ ਦੀਆਂ ਸੇਵਾਵਾਂ ਦੀ ਤੁਰੰਤ ਲੋੜ ਹੈ | ਮੌਜੂਦਾ ਨਿਯਮਾਂ ਤਹਿਤ 15 ਸਾਲਾਂ ਦੇ ਤਜਰਬੇ ਦੀ ਲੋੜ ਹੁੰਦੀ ਹੈ ਤੇ ਇਸ ਵੇਲੇ ਸੇਵਾ ਨਿਭਾਅ ਰਹੇ ਚੋਣ ਕਾਨੂੰਨਗੋਆਂ 'ਚੋਂ ਕੋਈ ਵੀ ਤਰੱਕੀ ਲਈ ਯੋਗ ਨਹੀਂ ਹੈ | ਵਿਭਾਗ ਨੇ ਲੋੜੀਂਦੇ ਤਜਰਬੇ ਨੂੰ ਘਟਾ ਕੇ 12 ਸਾਲ ਕਰਨ ਦੀ ਤਜ਼ਵੀਜ ਰੱਖੀ ਸੀ, ਤਾਂ ਜੋ ਯੋਗ ਚੋਣ ਕਾਨੂੰਨਗੋਆਂ ਨੂੰ ਆਉਣ ਵਾਲੇ ਸਮੇਂ 'ਚ ਪਦ-ਉੱਨਤ ਕੀਤਾ ਜਾ ਸਕੇ ਤੇ ਚੋਣ ਮਸ਼ੀਨਰੀ ਨੂੰ ਮਜ਼ਬੂਤ ਕਰਨ ਲਈ ਖ਼ਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾ ਸਕੇ |
ਮੰਤਰੀ ਮੰਡਲ ਨੇ ਸਾਲ 2025-26 ਲਈ ਜਲ ਸਰੋਤ ਵਿਭਾਗ ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ | ਇਸ ਨਾਲ ਵਿੱਤੀ ਸਾਲ ਦੌਰਾਨ ਵਿਭਾਗ ਦੇ ਪ੍ਰਸ਼ਾਸਨਿਕ ਕੰਮਕਾਜ ਅਤੇ ਪ੍ਰਾਪਤੀਆਂ ਦੇ ਦਸਤਾਵੇਜ਼ੀਕਰਨ ਅਤੇ ਸਮੀਖਿਆ ਕਰਨ 'ਚ ਮਦਦ ਮਿਲੇਗੀ |
ਪੰਜਾਬ ਮੰਤਰੀ ਮੰਡਲ ਵਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ 'ਚ ਸੋਧ ਨੂੰ ਹਰੀ ਝੰਡੀ <br/>
ਅਜੀਤ ਡੈਸਕ
02-06-2026