ਕਿਹਾ, ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ
ਚੰਡੀਗੜ੍ਹ, 5 ਜੂਨ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਭਰ ਦੀਆਂ ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ | ਇਸ ਪ੍ਰਮੁੱਖ ਸਕੀਮ ਨੂੰ ਲਾਗੂ ਕਰਨ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਔਰਤਾਂ ਦੀ ਆਰਥਿਕ ਸੁਤੰਤਰਤਾ ਨੂੰ ਮਜ਼ਬੂਤ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਉਹ ਸਵੈ-ਮਾਣ ਨਾਲ ਆਪਣਾ ਜੀਵਨ ਬਸਰ ਕਰਨ | ਮੁੱਖ ਮੰਤਰੀ ਨੇ ਦੱਸਿਆ ਕਿ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਪੰਜਾਬ ਦੀ ਹਰ ਯੋਗ ਲਾਭਪਾਤਰੀ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦੋਂਕਿ ਅਨੁਸੂਚਿਤ ਜਾਤੀ (ਐਸ.ਸੀ.) ਸ਼੍ਰੇਣੀ ਨਾਲ ਸੰਬੰਧਿਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ | ਉਨ੍ਹਾਂ ਕਿਹਾ ਕਿ ਫ਼ੰਡ ਸਿੱਧੇ ਤੌਰ 'ਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ 'ਚ ਪਾਏ ਜਾਣਗੇ ਤੇ ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਪ੍ਰਾਪਤ ਕਰ ਰਹੀਆਂ ਹਨ, ਉਹ ਵੀ ਇਸ ਸਕੀਮ ਤਹਿਤ ਯੋਗ ਹੋਣਗੀਆਂ | ਪੰਜਾਬ ਦੀਆਂ ਲਗਪਗ 97 ਫ਼ੀਸਦੀ ਔਰਤਾਂ ਨੂੰ ਇਸ ਪਹਿਲਕਦਮੀ ਦਾ ਲਾਭ ਮਿਲਣ ਦੀ ਉਮੀਦ ਹੈ ਤੇ ਪੰਜਾਬ ਸਰਕਾਰ ਨੇ ਇਸ ਸਕੀਮ ਨੂੰ ਲਾਗੂ ਕਰਨ ਲਈ ਬਜਟ 'ਚ 9,300 ਕਰੋੜ ਰੁਪਏ ਅਲਾਟ ਕੀਤੇ ਹਨ | ਇਸ ਸਕੀਮ ਦੇ ਵੱਡੇ ਸਮਾਜਿਕ ਮਹੱਤਵ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਵਿੱਤੀ ਸਹਾਇਤਾ ਔਰਤਾਂ ਨੂੰ ਅਮੀਰ ਨਾ ਬਣਾਵੇ, ਪਰ ਇਹ ਉਨ੍ਹਾਂ ਨੂੰ ਸਵੈ-ਮਾਣ ਜ਼ਰੂਰ ਪ੍ਰਦਾਨ ਕਰੇਗੀ | ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ 'ਚ ਰਜਿਸਟ੍ਰੇਸ਼ਨ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ ਤੇ ਹਰ ਰੋਜ਼ ਲੱਖਾਂ ਔਰਤਾਂ ਦੇ ਨਾਂਅ ਦਰਜ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਸ਼੍ਰੇਣੀ ਨਾਲ ਸੰਬੰਧਿਤ ਔਰਤਾਂ ਨੂੰ ਇਸ ਸਕੀਮ ਤਹਿਤ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ | ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕਰਨ ਦੀ ਜ਼ਿੰਮੇਵਾਰੀ ਲਗਭਗ ਦੋ ਲੱਖ 'ਮਹਿਲਾ ਸਤਿਕਾਰ ਸਖੀਆਂ' ਨੂੰ ਸੌਂਪੀ ਗਈ ਹੈ |' ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਹ ਰਜਿਸਟ੍ਰੇਸ਼ਨਾਂ ਆਂਗਣਵਾੜੀ ਕੇਂਦਰਾਂ, ਸੇਵਾ ਕੇਂਦਰਾਂ ਅਤੇ ਸੰਬੰਧਿਤ ਜ਼ਿਲਿ੍ਹਆਂ 'ਚ ਡਿਪਟੀ ਕਮਿਸ਼ਨਰਾਂ ਵਲੋਂ ਵਿਸ਼ੇਸ਼ ਤੌਰ 'ਤੇ ਨਿਰਧਾਰਤ ਕੀਤੇ ਗਏ ਹੋਰ ਸਥਾਨਾਂ ਰਾਹੀਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਭਰ 'ਚ ਔਰਤਾਂ ਨੂੰ ਸਮਰੱਥ ਬਣਾਉਣ ਅਤੇ ਇਹ ਯਕੀਨੀ ਬਣਾਉਣ 'ਚ ਬਹੁਤ ਸਹਾਈ ਸਿੱਧ ਹੋਵੇਗੀ ਕਿ ਉਹ ਮਾਣ ਅਤੇ ਆਤਮ-ਵਿਸ਼ਵਾਸ ਨਾਲ ਆਪਣਾ ਜੀਵਨ ਬਸਰ ਕਰ ਸਕਣ |
ਮੁੱਖ ਮੰਤਰੀ ਵਲੋਂ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਜਾਇਜ਼ਾ <br/>
ਅਜੀਤ ਡੈਸਕ
06-06-2026