ਕਿਹਾ, ਮਹਾਰਾਜਾ ਰਣਜੀਤ ਸਿੰਘ ਦੀ ਸੋਚ ਨਾਲ ਪਾਰਟੀ ਸ਼ੁਰੂ ਕਰੇਗੀ 'ਮਿਸ਼ਨ ਪੰਜਾਬ 2027'
ਚੰਡੀਗੜ੍ਹ, 5 ਜੂਨ (ਅਜੀਤ ਬਿਊਰੋ)-ਭਾਜਪਾ ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਵਿਖੇ ਪਾਰਟੀ ਦੇ ਰਾਸ਼ਟਰੀ ਮੁੱਖ ਦਫ਼ਤਰ 'ਚ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨਾਲ ਮੁਲਾਕਾਤ ਕੀਤੀ | ਇਸ ਮੌਕੇ ਭਾਜਪਾ ਦੇ ਕੌਮੀ ਸਕੱਤਰ ਤੇ ਪੰਜਾਬ ਦੇ ਸਹਿ-ਇੰਚਾਰਜ ਵਿਧਾਇਕ ਨਰਿੰਦਰ ਸਿੰਘ ਰੈਣਾ ਅਤੇ ਸੂਬਾ ਸੰਗਠਨ ਮਹਾਮੰਤਰੀ ਮੰਥਰੀ ਸ੍ਰੀਨਿਵਾਸੁਲੂ ਵੀ ਮੌਜੂਦ ਸਨ | ਢਿੱਲੋਂ ਨੇ ਪੰਜਾਬ ਭਾਜਪਾ ਦੀ ਕਮਾਨ ਸੌਂਪਣ ਲਈ ਰਾਸ਼ਟਰੀ ਪ੍ਰਧਾਨ ਦਾ ਧੰਨਵਾਦ ਕੀਤਾ ਤੇ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣਗੇ ਅਤੇ ਪੰਜਾਬ ਭਰ ਦੇ ਨੇਤਾਵਾਂ, ਅਹੁਦੇਦਾਰਾਂ ਅਤੇ ਕਾਰਕੁਨਾਂ ਨਾਲ ਮਿਲ ਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨਗੇ | ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਰਾਸ਼ਟਰੀ ਲੀਡਰਸ਼ਿਪ ਦੀ ਰਹਿਨੁਮਾਈ ਅਤੇ ਕਾਰਕੁਨਾਂ ਦੇ ਸਾਂਝੇ ਯਤਨਾਂ ਨਾਲ ਭਾਜਪਾ ਪੰਜਾਬ 'ਚ ਇਕ ਮਜ਼ਬੂਤ ਰਾਜਨੀਤਕ ਤਾਕਤ ਵਜੋਂ ਉੱਭਰੇਗੀ ਤੇ ਫ਼ਰਵਰੀ 2027 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ 'ਚ ਭਾਜਪਾ ਦੀ ਸਰਕਾਰ ਬਣੇਗੀ | ਮੁਲਾਕਾਤ ਦੌਰਾਨ ਪੰਜਾਬ ਦੇ ਕਿਸਾਨਾਂ ਦੀ ਭਲਾਈ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਭਾਜਪਾ ਦੀ ਸਰਕਾਰ ਬਣਾਉਣ ਲਈ ਰਣਨੀਤੀ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਢਿੱਲੋਂ ਨੇ ਕਿਹਾ ਕਿ ਭਾਜਪਾ ਪੰਜਾਬ ਨੂੰ ਦੇਸ਼ ਦਾ ਸਰਬੋਤਮ ਸੂਬਾ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਲੋਕਾਂ ਦੀ ਸੇਵਾ ਲਈ ਦਿਨ-ਰਾਤ ਮਿਹਨਤ ਕਰੇਗੀ | ਉਨ੍ਹਾਂ ਕੌਮੀ ਪ੍ਰਧਾਨ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਦਿਨਾਂ 'ਚ ਸੂਬਾ ਭਰ 'ਚ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ | ਮੁਲਾਕਾਤ ਦਾ ਇਕ ਖ਼ਾਸ ਪਲ ਉਸ ਵੇਲੇ ਆਇਆ ਜਦੋਂ ਕੇਵਲ ਸਿੰਘ ਢਿੱਲੋਂ ਨੇ ਕੌਮੀ ਪ੍ਰਧਾਨ ਨੂੰ 'ਸ਼ੇਰ-ਏ-ਪੰਜਾਬ' ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਭੇਟ ਕੀਤੀ ਅਤੇ ਉਨ੍ਹਾਂ ਦੇ 'ਸਰਕਾਰ-ਏ-ਖ਼ਾਲਸਾ' ਰਾਜ ਦੀਆਂ ਸ਼ਾਨਦਾਰ ਉਪਲਬਧੀਆਂ ਅਤੇ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕੀਤੀ | ਢਿੱਲੋਂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਨਿਆਂਪੂਰਨ, ਲੋਕ-ਹਿਤੈਸ਼ੀ ਅਤੇ ਸਮਾਵੇਸ਼ੀ ਸ਼ਾਸਨ ਤੋਂ ਪ੍ਰੇਰਨਾ ਲੈਂਦਿਆਂ ਪੰਜਾਬ 'ਚ ਭਵਿੱਖ ਦੀ ਭਾਜਪਾ ਸਰਕਾਰ ਦੀ ਰੂਪ-ਰੇਖਾ ਅਤੇ ਵਿਕਾਸ ਮਾਡਲ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਭਾਜਪਾ ਲੀਡਰਸ਼ਿਪ ਨੇ ਵਿਸ਼ਵਾਸ ਜਤਾਇਆ ਕਿ ਪਾਰਟੀ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਅੱਗੇ ਵਧੇਗੀ ਤੇ ਪੰਜਾਬ ਲਈ ਇਕ ਸੁਨਹਿਰਾ, ਖੁਸ਼ਹਾਲ ਅਤੇ ਤਰੱਕੀ ਪਸੰਦ ਭਵਿੱਖ ਯਕੀਨੀ ਬਣਾਏਗੀ |
ਢਿੱਲੋਂ ਵਲੋਂ ਭਾਜਪਾ ਪ੍ਰਧਾਨ ਨਿਤਿਨ ਨਬੀਨ ਨਾਲ ਮੁਲਾਕਾਤ
ਅਜੀਤ ਡੈਸਕ
06-06-2026