ਚੰਡੀਗੜ੍ਹ, 8 ਜੂਨ (ਪ੍ਰੋ. ਅਵਤਾਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਲਈ ਚੁਣੇ ਗਏ 355 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਦਾਅਵਾ ਕੀਤਾ ਕਿ ਸੂਬਾ ਸਰਕਾਰ ਵਲੋਂ ਹੁਣ ਤੱਕ 67,037 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ | ਇਸ ਮੌਕੇ ਉਨ੍ਹਾਂ ਭਰਤੀ ਪ੍ਰਕਿਰਿਆ 'ਚ ਪਾਰਦਰਸ਼ਤਾ ਦਾ ਜ਼ਿਕਰ ਕਰਦਿਆਂ ਕੇਂਦਰ ਸਰਕਾਰ ਨੂੰ ਪੇਪਰ ਲੀਕ ਦੇ ਮਾਮਲਿਆਂ 'ਤੇ ਵੀ ਆੜੇ ਹੱਥੀਂ ਲਿਆ | 'ਮਿਸ਼ਨ ਰੋਜ਼ਗਾਰ' ਤਹਿਤ ਹੋਏ ਸਮਾਗਮ 'ਚ ਨਿਯੁਕਤੀ ਪੱਤਰ ਵੰਡਣ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ 'ਚ ਪਹਿਲੀ ਵਾਰ ਸਰਕਾਰੀ ਨੌਕਰੀਆਂ ਸਿਰਫ਼ ਯੋਗਤਾ, ਮਿਹਨਤ ਅਤੇ ਪਾਰਦਰਸ਼ੀ ਪ੍ਰਕਿਰਿਆ ਦੇ ਆਧਾਰ 'ਤੇ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਰਿਸ਼ਵਤ, ਸਿਫ਼ਾਰਸ਼ ਅਤੇ ਰਾਜਨੀਤਕ ਦਖ਼ਲਅੰਦਾਜ਼ੀ ਦੇ ਦੌਰ ਦਾ ਅੰਤ ਹੋ ਚੁੱਕਾ ਹੈ ਅਤੇ ਹੁਣ ਹਰ ਯੋਗ ਨੌਜਵਾਨ ਨੂੰ ਬਰਾਬਰ ਦਾ ਮੌਕਾ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਸਾਲ 2017 ਤੋਂ ਲੈ ਕੇ ਹੁਣ ਤੱਕ ਦੇਸ਼ ਭਰ 'ਚ 93 ਪ੍ਰੀਖਿਆਵਾਂ ਦੇ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਦਕਿ ਪੰਜਾਬ 'ਚ 2022 ਤੋਂ ਬਾਅਦ ਇਕ ਵੀ ਪੇਪਰ ਲੀਕ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਨੀਟ ਵਰਗੀਆਂ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਣ ਨਾਲ ਦੇਸ਼ ਭਰ ਦੇ ਲੱਖਾਂ ਨੌਜਵਾਨਾਂ ਦਾ ਮਨੋਬਲ ਟੁੱਟਿਆ ਹੈ, ਪਰ ਪੰਜਾਬ ਸਰਕਾਰ ਨੇ ਭਰਤੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਇਮਾਨਦਾਰ ਅਤੇ ਭਰੋਸੇਯੋਗ ਬਣਾਇਆ ਹੈ | ਮੁੱਖ ਮੰਤਰੀ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਚੁਣੇ ਗਏ ਉਮੀਦਵਾਰਾਂ ਦੀ ਸਫ਼ਲਤਾ ਉਨ੍ਹਾਂ ਦੀ ਸਖ਼ਤ ਮਿਹਨਤ, ਲਗਨ ਅਤੇ ਕਾਬਲੀਅਤ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਹੁਣ ਉਹ ਸਰਕਾਰੀ ਪਰਿਵਾਰ ਦਾ ਹਿੱਸਾ ਬਣ ਗਏ ਹਨ ਤੇ ਲੋਕਾਂ ਦੀ ਸੇਵਾ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨ | ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਨੂੰ ਵਿਦੇਸ਼ਾਂ ਵੱਲ ਜਾਣ ਤੋਂ ਰੋਕਣਾ ਹੈ | ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਹੁਣ ਉਲਟਾ ਪ੍ਰਵਾਸ ਸ਼ੁਰੂ ਹੋ ਗਿਆ ਹੈ ਤੇ ਕਈ ਨੌਜਵਾਨ ਵਿਦੇਸ਼ਾਂ ਤੋਂ ਵਾਪਸ ਆ ਕੇ ਆਪਣੇ ਸੂਬੇ 'ਚ ਭਵਿੱਖ ਬਣਾਉਣ ਲਈ ਉਤਸ਼ਾਹਿਤ ਹੋ ਰਹੇ ਹਨ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ 'ਚ ਹੁਨਰ ਵਿਕਾਸ ਅਤੇ ਤਕਨੀਕੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ 'ਤੇ ਕੰਮ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਸੂਬੇ 'ਚ 25 ਨਵੇਂ ਉਦਯੋਗਿਕ ਸਿਖਲਾਈ ਸੰਸਥਾਨ (ਆਈ.ਟੀ.ਆਈ.) ਬਣਾਏ ਜਾ ਰਹੇ ਹਨ, ਜਦਕਿ 13 ਮੌਜੂਦਾ ਆਈ.ਟੀ.ਆਈਜ਼ ਨੂੰ ਆਧੁਨਿਕ ਸਹੂਲਤਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ ਸਰਕਾਰੀ ਪੌਲੀਟੈਕਨਿਕ ਕਾਲਜਾਂ ਦੇ ਆਧੁਨਿਕੀਕਰਨ ਲਈ 20 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ | ਸਿੱਖਿਆ ਖੇਤਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਨੀਤੀ ਆਯੋਗ ਦੀ ਰਿਪੋਰਟ ਅਨੁਸਾਰ ਸਕੂਲੀ ਸਿੱਖਿਆ ਦੇ ਖੇਤਰ 'ਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉੱਭਰਿਆ ਹੈ | ਇਸ ਮੌਕੇ ਸਰਕਾਰ ਦੇ ਇਕ ਹੋਰ ਮਹੱਤਵਪੂਰਨ ਫ਼ੈਸਲੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲਗਭਗ 65 ਹਜ਼ਾਰ ਠੇਕਾ ਆਧਾਰਿਤ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਰਾਹ ਪੱਧਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਠੇਕੇਦਾਰ ਆਧਾਰਿਤ ਰੁਜ਼ਗਾਰ ਪ੍ਰਣਾਲੀ ਨੂੰ ਖ਼ਤਮ ਕਰਕੇ ਕਰਮਚਾਰੀਆਂ ਨੂੰ ਸਿੱਧੇ ਤੌਰ 'ਤੇ ਸਰਕਾਰ ਨਾਲ ਜੋੜਨ ਲਈ ਦੋ ਨਵੇਂ ਕਾਨੂੰਨ ਲਿਆ ਰਹੀ ਹੈ | ਇਸ ਮੌਕੇ ਰਣਜੋਧ ਸਿੰਘ, ਕਾਲਾ ਸਿੰਘ, ਮਨਪ੍ਰੀਤ ਕੌਰ, ਪਰਮਜੀਤ ਕੌਰ ਆਦਿ ਨਿਯੁਕਤੀ ਪੱਤਰ ਪ੍ਰ੍ਰਾਪਤ ਕਰਨ ਵਾਲਿਆਂ ਨੇ ਵੀ ਆਪਣੇ ਵਿਚਾਰ ਪ੍ਰਗਟਾਏ | ਸਮਾਰੋਹ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਵਧੀਕ ਮੁੱਖ ਸਕੱਤਰ ਤਕਨੀਕੀ ਸਿੱਖਿਆ ਵਿਕਾਸ ਪ੍ਰਤਾਪ, ਸਕੱਤਰ ਸਥਾਨਕ ਸਰਕਾਰਾਂ ਘਨਸ਼ਿਆਮ ਥੋਰੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਫ਼ਸਰ ਅਤੇ ਨਿਯੁਕਤੀ ਪੱਤਰ ਲੈਣ ਵਾਲੇ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ |