ਚੰਡੀਗੜ੍ਹ, 8 ਜੂਨ (ਰਾਮ ਸਿੰਘ ਬਰਾੜ)-ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ 'ਵਿਕਸਤ ਭਾਰਤ' ਦਾ ਸੰਕਲਪ ਇਕ ਰਾਸ਼ਟਰੀ ਸੰਕਲਪ ਹੈ, ਜਿਸ 'ਚ ਦੇਸ਼ ਦੇ ਹਰੇਕ ਨਾਗਰਿਕ ਅਤੇ ਸੰਸਥਾ ਨੂੰ ਸਹਿਯੋਗ ਕਰਨਾ ਹੋਵੇਗਾ | ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸ ਸੰਕਲਪ ਨੂੰ ਸਾਕਾਰ ਕਰਨ ਲਈ ਇਹ ਜ਼ਰੂਰੀ ਹੈ ਕਿ ਸਾਡੀਆਂ ਨੀਤੀਆਂ, ਯੋਜਨਾਵਾਂ, ਪ੍ਰੋਗਰਾਮ ਅਤੇ ਬਜਟ ਵਿਵਸਥਾਵਾਂ ਸਮਾਜ ਦੇ ਆਖਰੀ ਵਿਅਕਤੀ ਦੇ ਜੀਵਨ 'ਚ ਹਾਂ-ਪੱਖੀ ਬਦਲਾਅ ਲਿਆਉਣ ਵਾਲੇ ਹੋਣ | ਅਸੀਂ ਸਮਾਜਿਕ ਪਰਿਵਰਤਨ ਦੀ ਗਤੀ ਨੂੰ ਤੇਜ਼ ਕਰਨਾ ਹੈ, ਨੈਤਿਕ ਮੁੱਲਾਂ ਨੂੰ ਮਜ਼ਬੂਤ ਕਰਨਾ ਹੈ ਅਤੇ ਸਮਾਜ ਨੂੰ ਇਕ ਪ੍ਰਗਤੀਸ਼ੀਲ ਦਿਸ਼ਾ ਦੇਣੀ ਹੈ | ਉਨ੍ਹਾਂ ਕਿਹਾ ਕਿ ਵਿਧਾਇਕਾਂ ਦੀ ਇਸ ਸੰਕਲਪ ਦੀ ਪ੍ਰਾਪਤੀ 'ਚ ਮਹੱਤਵਪੂਰਨ ਭੂਮਿਕਾ ਹੈ, ਕਿਉਂਕਿ ਵਿਧਾਇਕ ਆਪਣੇ ਖੇਤਰਾਂ 'ਚ ਨੀਤੀਆਂ ਅਤੇ ਜਨ-ਭਲਾਈ ਦੀਆਂ ਪਹਿਲਕਦਮੀਆਂ ਰਾਹੀਂ ਜ਼ਮੀਨੀ ਪੱਧਰ 'ਤੇ ਬਦਲਾਅ ਲਿਆਉਣ ਦਾ ਸਭ ਤੋਂ ਪ੍ਰਭਾਵੀ ਸਾਧਨ ਹੁੰਦੇ ਹਨ | ਬਿਰਲਾ ਨੇ ਇਹ ਵਿਚਾਰ ਚੰਡੀਗੜ੍ਹ ਸਥਿਤ ਹਰਿਆਣਾ ਵਿਧਾਨ ਸਭਾ ਦੇ ਚੈਂਬਰ 'ਚ ਰਾਸ਼ਟਰ ਮੰਡਲ ਸੰਸਦੀ ਐਸੋਸੀਏਸ਼ਨ ਇੰਡੀਆ ਰਿਜਨ ਜ਼ੋਨ-2 (ਨੌਰਥ ਜ਼ੋਨ) (ਸੀ.ਪੀ.ਏ.) ਕਾਨਫ਼ਰੰਸ ਦਾ ਉਦਘਾਟਨ ਕਰਦੇ ਹੋਏ ਪ੍ਰਗਟ ਕੀਤੇ | ਇਸ ਮੌਕੇ ਰਾਜ ਸਭਾ ਦੇ ਉਪ ਚੇਅਰਮੈਨ ਹਰੀਵੰਸ਼, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ, ਹਰਿਆਣਾ ਸਰਕਾਰ ਦੇ ਸੰਸਦੀ ਕਾਰਜ ਮੰਤਰੀ ਮਹੀਪਾਲ ਢਾਂਡਾ ਸਮੇਤ ਰਾਜ ਸਰਕਾਰ ਦੇ ਹੋਰ ਮੰਤਰੀ ਤੇ ਵਿਧਾਨ ਸਭਾ ਮੈਂਬਰ ਮੌਜੂਦ ਸਨ | ਬਿਰਲਾ ਨੇ ਕਿਹਾ ਕਿ ਅੱਜ ਪੂਰੀ ਦੁਨੀਆ ਭਾਰਤ ਵੱਲ ਨਵੀਂ ਉਮੀਦ ਅਤੇ ਬੇਅੰਤ ਸੰਭਾਵਨਾਵਾਂ ਨਾਲ ਦੇਖ ਰਹੀ ਹੈ, ਇਸ ਲਈ ਇਹ ਸਮਾਂ ਸਮੂਹਿਕ ਯਤਨਾਂ ਅਤੇ ਵਿਆਪਕ ਹਿੱਸੇਦਾਰੀ ਦਾ ਹੈ |