ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਕੀ ਪੰਜਾਬ ਭਾਜਪਾ ਨੂੰ ਮਿਲਣ ਜਾ ਰਹੀ ਹੈ ਨਵੀਂ ਟੀਮ

Ad Position 21
No active advertisement
ਅਜੀਤ ਡੈਸਕ 13-06-2026

ਦਿੱਲੀ 'ਚ ਹਾਈਕਮਾਨ ਦੀ ਅਹਿਮ ਬੈਠਕ ਨੇ ਵਧਾਈਆਂ ਸਿਆਸੀ ਅਟਕਲਾਂ
ਸੰਦੀਪ ਕੁਮਾਰ ਮਾਹਨਾ

ਚੰਡੀਗੜ੍ਹ, 12 ਜੂਨ-ਪੰਜਾਬ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨੂੰ ਅਚਾਨਕ ਨਵੀਂ ਦਿੱਲੀ ਤਲਬ ਕੀਤੇ ਜਾਣ ਤੋਂ ਬਾਅਦ ਸੂਬੇ ਦੀ ਸਿਆਸਤ 'ਚ ਨਵੀਆਂ ਚਰਚਾਵਾਂ ਛਿੜ ਗਈਆਂ ਹਨ | ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵਲੋਂ ਬੁਲਾਈ ਗਈ ਇਸ ਉੱਚ ਪੱਧਰੀ ਬੈਠਕ ਨੂੰ ਪੰਜਾਬ 'ਚ ਭਾਜਪਾ ਦੀ ਭਵਿੱਖੀ ਰਣਨੀਤੀ, ਜਥੇਬੰਦਕ ਪੁਨਰਗਠਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਕੌਮੀ ਸੰਗਠਨ ਮਹਾਮੰਤਰੀ ਬੀ. ਐਲ. ਸੰਤੋਸ਼ ਅਤੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ ਦੀ ਅਗਵਾਈ ਹੇਠ ਨਵੀਂ ਦਿੱਲੀ ਵਿਖੇ ਪੰਜਾਬ ਭਾਜਪਾ ਦੀ ਕੋਰ ਲੀਡਰਸ਼ਿਪ ਨਾਲ ਵਿਸਥਾਰਤ ਬੈਠਕ ਹੋਈ | ਮੀਟਿੰਗ 'ਚ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤੇ ਰਾਜ ਸਭਾ ਮੈਂਬਰ ਤਰੁਣ ਚੁੱਘ, ਪੰਜਾਬ ਦੇ ਸਹਿ-ਇੰਚਾਰਜ ਅਤੇ ਆਰ. ਐਸ. ਪੁਰਾ ਤੋਂ ਵਿਧਾਇਕ ਨਰਿੰਦਰ ਸਿੰਘ ਰੈਨਾ, ਸੂਬਾ ਸੰਗਠਨ ਮੰਤਰੀ ਮੰਥਰੀ ਸ੍ਰੀਨਿਵਾਸੁਲੂ, ਸਾਬਕਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਮਨੋਰੰਜਨ ਕਾਲੀਆ, ਇਕਬਾਲ ਸਿੰਘ ਲਾਲਪੁਰਾ, ਮਨਪ੍ਰੀਤ ਸਿੰਘ ਬਾਦਲ, ਅਵਿਨਾਸ਼ ਰਾਏ ਖੰਨਾ, ਸ਼ਵੇਤ ਮਲਿਕ, ਜੈ ਇੰਦਰ ਕੌਰ ਅਤੇ ਅਨਿਲ ਸਰੀਨ ਸਮੇਤ ਹੋਰ ਸੀਨੀਅਰ ਆਗੂ ਮੌਜੂਦ ਸਨ | ਬੈਠਕ ਦੌਰਾਨ ਪੰਜਾਬ 'ਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ, ਵੱਖ-ਵੱਖ ਕਮੇਟੀਆਂ ਦੇ ਗਠਨ, ਬੂਥ ਪੱਧਰ ਤੱਕ ਸੰਗਠਨ ਨੂੰ ਸਰਗਰਮ ਕਰਨ ਅਤੇ ਮੈਂਬਰਸ਼ਿਪ ਮੁਹਿੰਮ ਨੂੰ ਤੇਜ਼ ਕਰਨ ਸੰਬੰਧੀ ਚਰਚਾ ਕੀਤੀ ਗਈ | ਇਸ ਤੋਂ ਇਲਾਵਾ ਤਾਜ਼ਾ ਸਰਵੇਖਣ ਰਿਪੋਰਟਾਂ ਦਾ ਜਾਇਜ਼ਾ ਲੈਂਦਿਆਂ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਅਤੇ ਪਾਰਟੀ ਦੀਆਂ ਸੰਭਾਵਨਾਵਾਂ ਦਾ ਵੀ ਮੁਲਾਂਕਣ ਕੀਤਾ ਗਿਆ | ਸੂਤਰਾਂ ਮੁਤਾਬਿਕ ਬੈਠਕ ਦਾ ਸਭ ਤੋਂ ਅਹਿਮ ਏਜੰਡਾ ਨਵੰਬਰ 'ਚ ਸੰਭਾਵਿਤ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਚੋਣ ਏਜੰਡੇ 'ਤੇ ਵਿਸਥਾਰ ਸਹਿਤ ਚਰਚਾ ਸੀ | ਨਾਲ ਹੀ ਉਮੀਦਵਾਰਾਂ ਦੀ ਸੂਚੀ ਨੂੰ ਅਮਲੀ ਜਾਮਾ ਪਹਿਨਾਉਣ ਬਾਰੇ ਵੀ ਚਰਚਾ ਕੀਤੀ ਗਈ | ਇਸ ਤੋਂ ਇਲਾਵਾ ਪੰਜਾਬ ਭਾਜਪਾ ਦੀ ਨਵੀਂ ਸੂਬਾ ਟੀਮ ਦੇ ਗਠਨ ਬਾਰੇ ਵੀ ਚਰਚਾ ਕੀਤੀ ਗਈ | ਕੇਵਲ ਸਿੰਘ ਢਿੱਲੋਂ ਨੂੰ ਸੂਬਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਅਜੇ ਤੱਕ ਪਾਰਟੀ ਦੀ ਪੂਰੀ ਟੀਮ ਦਾ ਐਲਾਨ ਨਹੀਂ ਹੋਇਆ ਹੈ, ਜਿਸ ਕਾਰਨ ਸੂਬਾ ਜਨਰਲ ਸਕੱਤਰਾਂ, ਉਪ ਪ੍ਰਧਾਨਾਂ, ਸਕੱਤਰਾਂ, ਮੋਰਚਿਆਂ ਅਤੇ ਵੱਖ-ਵੱਖ ਸੈੱਲਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਨੂੰ ਲੈ ਕੇ ਚਰਚਾਵਾਂ ਤੇਜ਼ ਹਨ | ਸਿਆਸੀ ਹਲਕਿਆਂ 'ਚ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ 'ਚ ਪਾਰਟੀ ਦੀ ਨਵੀਂ ਟੀਮ ਦਾ ਐਲਾਨ ਕੀਤਾ ਜਾ ਸਕਦਾ ਹੈ | ਮੀਟਿੰਗ 'ਚ ਪਾਰਟੀ ਵਲੋਂ ਨੌਜਵਾਨਾਂ, ਕਿਸਾਨਾਂ, ਔਰਤਾਂ ਅਤੇ ਸ਼ਹਿਰੀ ਵਰਗ ਤੱਕ ਆਪਣੀ ਪਹੁੰਚ ਹੋਰ ਵਧਾਉਣ ਲਈ ਵਿਸ਼ੇਸ਼ ਰਣਨੀਤੀ ਤਿਆਰ ਕਰਨ 'ਤੇ ਵੀ ਵਿਚਾਰ ਕੀਤਾ ਗਿਆ | ਮੀਟਿੰਗ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਭਾਜਪਾ ਦਾ ਮੁੱਖ ਮਕਸਦ ਪੰਜਾਬ ਨੂੰ ਬਚਾਉਣਾ, ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਅਤੇ ਬੇਰੁਜ਼ਗਾਰੀ ਤੋਂ ਬਚਾਉਣਾ ਅਤੇ ਕਿਸਾਨੀ ਨੂੰ ਮਜ਼ਬੂਤ ਕਰਨਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ ਦੇ ਭਵਿੱਖ ਨੂੰ ਧਿਆਨ 'ਚ ਰੱਖਦਿਆਂ ਆਪਣੀ ਰਣਨੀਤੀ ਤਿਆਰ ਕਰ ਰਹੀ ਹੈ | ਭਾਵੇਂ ਬੈਠਕ ਤੋਂ ਬਾਅਦ ਕੋਈ ਅਧਿਕਾਰਤ ਫ਼ੈਸਲਾ ਜਨਤਕ ਨਹੀਂ ਕੀਤਾ ਗਿਆ ਪਰ ਸਿਆਸੀ ਹਲਕਿਆਂ 'ਚ ਇਸ ਨੂੰ ਪੰਜਾਬ ਭਾਜਪਾ ਲਈ ਆਉਣ ਵਾਲੇ ਸਮੇਂ ਦੀ ਦਿਸ਼ਾ ਤੈਅ ਕਰਨ ਵਾਲੀ ਅਹਿਮ ਬੈਠਕ ਵਜੋਂ ਦੇਖਿਆ ਜਾ ਰਿਹਾ ਹੈ | ਹੁਣ ਸਭ ਦੀਆਂ ਨਜ਼ਰਾਂ ਇਸ ਗੱਲ 'ਤੇ ਟਿਕੀਆਂ ਹੋਈਆਂ ਹਨ ਕਿ ਕੀ ਪਾਰਟੀ ਜਲਦ ਆਪਣੀ ਨਵੀਂ ਸੂਬਾ ਟੀਮ ਦਾ ਐਲਾਨ ਕਰੇਗੀ ਅਤੇ 2027 ਦੀ ਚੋਣਾਂਵੀ ਜੰਗ ਲਈ ਆਪਣਾ ਖਾਕਾ ਜਨਤਕ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਨਵੰਬਰ 'ਚ ਹੋਣਗੀਆਂ ਵਿਧਾਨ ਸਭਾ ਚੋਣਾਂ-ਕੇਜਰੀਵਾਲ ਅਗਲੀ ਖ਼ਬਰ ਹੁਣ 200 ਲੀਟਰ ਤੋਂ ਜ਼ਿਆਦਾ ਨਹੀਂ ਮਿਲੇਗਾ ਡੀਜ਼ਲ-ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
Ad Position 24
No active advertisement