ਚੰਡੀਗੜ੍ਹ, 20 ਜੂਨ (ਪ੍ਰੋ. ਅਵਤਾਰ ਸਿੰਘ)-ਪੰਜਾਬ ਰਾਜ ਚੋਣ ਕਮਿਸ਼ਨ ਨੇ ਨਗਰ ਨਿਗਮ ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰਸਹਾਏ (ਜ਼ਿਲ੍ਹਾ ਫ਼ਿਰੋਜ਼ਪੁਰ), ਨਗਰ ਕੌਂਸਲ ਜਲਾਲਾਬਾਦ (ਜ਼ਿਲ੍ਹਾ ਫ਼ਾਜ਼ਿਲਕਾ) ਅਤੇ ਨਗਰ ਪੰਚਾਇਤ ਮਮਦੋਟ (ਜ਼ਿਲ੍ਹਾ ਫ਼ਿਰੋਜ਼ਪੁਰ) ਦੀਆਂ ਆਮ ਚੋਣਾਂ ਕਰਵਾਉਣ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ।ਚੋਣ ਕਮਿਸ਼ਨ ਵਲੋਂ ਜਾਰੀ ਪੱਤਰ ਅਨੁਸਾਰ ਇਨ੍ਹਾਂ ਸਥਾਨਕ ਸੰਸਥਾਵਾਂ ਲਈ 5 ਜੁਲਾਈ ਨੂੰ ਵੋਟਾਂ ਪਾਈਆਂ ਜਾਣਗੀਆਂ, ਜਦਕਿ ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ਦਾ ਐਲਾਨ ਵੀ ਉਸੇ ਦਿਨ ਕੀਤਾ ਜਾਵੇਗਾ।ਰਾਜ ਚੋਣ ਕਮਿਸ਼ਨ ਵਲੋਂ ਜਾਰੀ ਚੋਣਾਂ ਸੰਬੰਧੀਨੋਟੀਫ਼ਿਕੇਸ਼ਨ ਅਨੁਸਾਰ 22 ਜੂਨ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਉਮੀਦਵਾਰ 22 ਜੂਨ ਤੋਂ 25 ਜੂਨ ਤੱਕ ਹਰ ਰੋਜ਼ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 26 ਜੂਨ ਨੂੰ ਕੀਤੀ ਜਾਵੇਗੀ, ਜਦਕਿ ਨਾਂਅ ਵਾਪਸ ਲੈਣ ਦੀ ਆਖ਼ਰੀ ਮਿਤੀ 27 ਜੂਨ ਦੁਪਹਿਰ 3 ਵਜੇ ਤੱਕ ਨਿਰਧਾਰਿਤ ਕੀਤੀ ਗਈ ਹੈ।ਕਮਿਸ਼ਨ ਅਨੁਸਾਰ ਵੋਟਿੰਗ 5 ਜੁਲਾਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਚੋਣਾਂ ਦੌਰਾਨ ਈ.ਵੀ.ਐਮ. ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇਗੀ ਅਤੇ ਵੋਟਾਂ ਦੀ ਗਿਣਤੀ ਵੀ ਵੋਟਿੰਗ ਸਮਾਪਤ ਹੋਣ ਤੋਂ ਬਾਅਦ ਉਸੇ ਦਿਨ ਕੀਤੀ ਜਾਵੇਗੀ।ਕਮਿਸ਼ਨ ਵਲੋਂ ਕਿਹਾ ਗਿਆ ਹੈ ਕਿ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਸੰਬੰਧਿਤ ਜ਼ਿਲ੍ਹਾ ਪ੍ਰਸ਼ਾਸਨਾਂ ਅਤੇ ਚੋਣ ਅਧਿਕਾਰੀਆਂ ਨੂੰ ਜਾਰੀ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਚੋਣ ਪ੍ਰੋਗਰਾਮ ਦੇ ਐਲਾਨ ਨਾਲ ਹੀ ਸੰਬੰਧਿਤ ਸਥਾਨਕ ਸੰਸਥਾਵਾਂ ਦੇ ਖੇਤਰਾਂ ਵਿਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ, ਜੋ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਜਾਰੀ ਰਹੇਗਾ। ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਨੂੰ ਵਿਸ਼ੇਸ਼ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ।