ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਐਸ.ਆਈ.ਆਰ. ਅਧੀਨ ਸੂਬੇ ’ਚ ਘਰ-ਘਰ ਗਣਨਾ ਦਾ ਪਹਿਲਾ ਪੜਾਅ ਅੱਜ ਤੋਂ

Ad Position 21
No active advertisement
ਅਜੀਤ ਡੈਸਕ 25-06-2026

ਪ੍ਰੋ. ਅਵਤਾਰ ਸਿੰਘ
ਚੰਡੀਗੜ੍ਹ, 24 ਜੂਨ -ਪੰਜਾਬ ’ਚ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ, ਪਾਰਦਰਸ਼ੀ ਅਤੇ ਅਪਡੇਟ ਬਣਾਉਣ ਲਈ ਭਾਰਤੀ ਚੋਣ ਕਮਿਸ਼ਨ ਵਲੋਂ ਵਿਸ਼ੇਸ਼ ਸਰਵੇਖਣ ਅਤੇ ਤਸਦੀਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਤਹਿਤ ਸੂਬੇ ਦੇ 2 ਕਰੋੜ 14 ਲੱਖ 61 ਹਜ਼ਾਰ 43 ਵੋਟਰਾਂ ਤੱਕ ਪਹੁੰਚ ਬਣਾਉਣ ਲਈ 24,453 ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਭਲਕੇ (25 ਜੂਨ) ਤੋਂ ਵਿਸ਼ੇਸ਼ ਤੀਬਰ ਸੋਧ ਅਧੀਨ ਘਰੋ-ਘਰੀ ਗਣਨਾ ਦਾ ਪਹਿਲੇ ਪੜਾਅ ਦਾ ਕੰਮ ਆਰੰਭ ਹੋ ਜਾਵੇਗਾ। ਅਗਲੇ ਇਕ ਮਹੀਨੇ ਦੌਰਾਨ ਬੀ.ਐੱਲ.ਓ. ਘਰ-ਘਰ ਜਾ ਕੇ ਵੋਟਰਾਂ ਦੇ ਵੇਰਵਿਆਂ ਦੀ ਜਾਂਚ ਅਤੇ ਤਸਦੀਕ ਕਰਨਗੇ। ਇਹ ਜਾਣਕਾਰੀ ਮੁੱਖ ਚੋਣ ਅਫਸਰ ਪੰਜਾਬ ਅਨੰਦਿਤਾ ਮਿਤਰਾ ਵਲੋਂ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਗਣਨਾ ਦੇ ਪਹਿਲੇ ਪੜਾਅ ਦੌਰਾਨ ਬੀ.ਐਲ.ਓ. ਵਲੋਂ ਘਰ-ਘਰ ਜਾ ਕੇ ਪ੍ਰੀ-ਪ੍ਰਿੰਟਡ ਫਾਰਮਾਂ ਦੀ ਵੰਡ ਕੀਤੀ ਜਾਵੇਗੀ ਅਤੇ ਬੀ.ਐਲ.ਓ. ਵਲੋਂ ਇਹ ਫਾਰਮ ਭਰਨ ’ਚ ਵੋਟਰਾਂ ਦੀ ਸਹਾਇਤਾ ਕਰਨ ਤੋਂ ਇਲਾਵਾ ਇਨ੍ਹਾਂ ਫਾਰਮਾਂ ਨੂੰ ਘਰੋ-ਘਰੀ ਜਾ ਕੇ ਵਾਪਸ ਇਕੱਤਰ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜੇਕਰ ਬੀ.ਐਲ.ਓ. ਨੂੰ ਕੋਈ ਫਾਰਮ ਪ੍ਰਾਪਤ ਨਹੀਂ ਹੁੰਦਾ ਤਾਂ ਉਸ ਫਾਰਮ ਦੀ ਪ੍ਰਾਪਤੀ ਲਈ ਉਹ ਤਿੰਨ ਵਾਰ ਤੱਕ ਉਸ ਘਰ ਦਾ ਦੌਰਾ ਕਰੇਗਾ ਅਤੇ ਆਪਣੇ ਦੌਰੇ ਸੰਬੰਧੀ ਘਰ ਦੇ ਦਰਵਾਜ਼ੇ ਤੇ ਸਟਿੱਕਰ ਚਿਪਕਾ ਕੇ ਜਾਣਕਾਰੀ ਦਰਜ ਕਰੇਗਾ। ਅਨੰਦਿਤਾ ਮਿਤਰਾ ਨੇ ਦੱਸਿਆ ਕਿ ਵਿਸ਼ੇਸ਼ ਸਰਵੇਖਣ ਮੁਹਿੰਮ ਦੇ ਪੂਰਾ ਹੋਣ ਤੋਂ ਬਾਅਦ 3 ਅਗਸਤ ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਤੋਂ ਬਾਅਦ ਵੋਟਰ ਆਪਣੇ ਨਾਂਅ ਸ਼ਾਮਿਲ ਕਰਵਾਉਣ, ਹਟਾਉਣ ਜਾਂ ਕਿਸੇ ਵੀ ਤਰ੍ਹਾਂ ਦੀ ਸੋਧ ਸੰਬੰਧੀ ਦਾਅਵੇ ਅਤੇ ਇਤਰਾਜ਼ 2 ਸਤੰਬਰ ਤੱਕ ਦਰਜ ਕਰਵਾ ਸਕਣਗੇ। ਇਨ੍ਹਾਂ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਵੇਗਾ ਅਤੇ 1 ਅਕਤੂਬਰ ਨੂੰ ਅੰਤਿਮ ਵੋਟਰ ਸੂਚੀ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਪੰਜਾਬ ਰਾਜ ਵਿਚ 1 ਕਰੋੜ 84 ਲੱਖ 61 ਹਜ਼ਾਰ 581 ਵੋਟਰਾਂ ਦੀ ਮੈਪਿੰਗ ਹੋ ਚੁੱਕੀ ਹੈ, ਜੋ ਕਿ 86.02 ਫੀਸਦੀ ਬਣਦੀ ਹੈ। ਜਿਨ੍ਹਾਂ ਵੋਟਰਾਂ ਦੀ ਮੈਪਿੰਗ ਅਜੇ ਬਾਕੀ ਹੈ, ਉਨ੍ਹਾਂ ਦੀ ਸੂਚੀ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਮੁਹੱਈਆ ਕਰਵਾ ਦਿੱਤੀ ਗਈ ਹੈ। ਚੋਣ ਕਮਿਸ਼ਨ ਨੇ ਸਾਰੀਆਂ ਪਾਰਟੀਆਂ ਨੂੰ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੀ ਅਪੀਲ ਵੀ ਕੀਤੀ ਹੈ। ਅਧਿਕਾਰੀਆਂ ਅਨੁਸਾਰ ਤਸਦੀਕ ਪ੍ਰਕਿਰਿਆ ਦੌਰਾਨ ਵੋਟਰਾਂ ਤੋਂ ਇਹ ਘੋਸ਼ਣਾ ਵੀ ਲਈ ਜਾਵੇਗੀ ਕਿ ਉਨ੍ਹਾਂ ਨੇ ਭਾਰਤ ਤੋਂ ਇਲਾਵਾ ਕਿਸੇ ਹੋਰ ਦੇਸ਼ ਦੀ ਨਾਗਰਿਕਤਾ ਪ੍ਰਾਪਤ ਨਹੀਂ ਕੀਤੀ ਅਤੇ ਨਾ ਹੀ ਉਨ੍ਹਾਂ ਦਾ ਨਾਂਅ ਕਿਸੇ ਹੋਰ ਸਥਾਨ ਦੀ ਵੋਟਰ ਸੂਚੀ ਵਿਚ ਦਰਜ ਹੈ। ਤਸਦੀਕ ਤੋਂ ਬਾਅਦ ਸਾਰੇ ਫਾਰਮਾਂ ਨੂੰ ਸਕੈਨ ਕਰਕੇ ਡਿਜੀਟਲ ਰਿਕਾਰਡ ਦਾ ਹਿੱਸਾ ਬਣਾਇਆ ਜਾਵੇਗਾ। ਭਾਰਤੀ ਚੋਣ ਕਮਿਸ਼ਨ ਵਲੋਂ ਐਸ.ਆਈ.ਆਰ. ਸੰਬੰਧੀ ਐਲਾਨੇ ਗਏ ਪ੍ਰੋਗਰਾਮ ਅਨੁਸਾਰ 25 ਜੂਨ ਤੋਂ 24 ਜੁਲਾਈ, 2026 ਤੱਕ ਘਰੋ-ਘਰੀ ਗਣਨਾ, ਪੋਲਿੰਗ ਸਟੇਸ਼ਨ ਦੀ ਰੈਸ਼ਨਲਾਈਜੇਸਨ ਦਾ ਕੰਮ 24 ਜੁਲਾਈ 2026 ਤੱਕ ਕੀਤਾ ਜਾਵੇਗਾ, ਜਦਕਿ ਵੋਟਰ ਸੂਚੀਆਂ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਚੋਣ ਕਮਿਸ਼ਨ ਵਲੋਂ ਉਨ੍ਹਾਂ ਘਰਾਂ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਜਿੱਥੇ ਪਹਿਲੀ ਵਾਰ ਦੌਰੇ ਦੌਰਾਨ ਕੋਈ ਵਿਅਕਤੀ ਮੌਜੂਦ ਨਹੀਂ ਮਿਲਦਾ। ਅਜਿਹੀ ਸਥਿਤੀ ਵਿਚ ਬੀ.ਐੱਲ.ਓ. ਘਰ ’ਤੇ ਫਾਰਮ ਛੱਡਣ ਦੇ ਨਾਲ ਇਕ ਸੂਚਨਾ ਸਟਿੱਕਰ ਵੀ ਲਗਾਉਣਗੇ, ਜਿਸ ’ਤੇ ਮੁੜ ਦੌਰੇ ਦੀ ਸੰਭਾਵਿਤ ਤਰੀਕ ਦਰਜ ਹੋਵੇਗੀ, ਤਾਂ ਜੋ ਸੰਬੰਧਿਤ ਵੋਟਰ ਸਮੇਂ ਸਿਰ ਆਪਣੇ ਵੇਰਵੇ ਜਮ੍ਹਾਂ ਕਰਵਾ ਸਕਣ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸੰਬੰਧੀ ਇਤਰਾਜ਼ ਅਤੇ ਦਾਅਵੇ 3 ਅਗਸਤ 2026 ਤੋਂ 2 ਸਤੰਬਰ 2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 3 ਅਗਸਤ 2026 ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਸੰਯੁਕਤ ਚੋਣ ਅਫ਼ਸਰ ਗੁਰਿੰਦਰ ਸਿੰਘ ਸੋਢੀ ਵੀ ਹਾਜ਼ਰ ਸਨ।

 

Ad Position 22
No active advertisement
ਪਿਛਲੀ ਖ਼ਬਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਸੰਬੰਧੀ ਲਿਆਂਦੇ ਜਾ ਰਹੇ ‘ਨਵੇਂ ਐਕਟ’ ਦਾ ਵਿਰੋਧ ਅਗਲੀ ਖ਼ਬਰ 6 ਸਾਲਾਂ ਬਾਅਦ ਲਿਪੁਲੇਖ ਦੱਰੇ ਰਾਹੀਂ ਭਾਰਤ-ਚੀਨ ਸਰਹੱਦੀ ਵਪਾਰ ਮੁੜ ਸ਼ੁਰੂ
Ad Position 24
No active advertisement