ਅਯੁੱਧਿਆ, 25 ਜੂਨ (ਏਜੰਸੀ)-ਰਾਮ ਮੰਦਿਰ ’ਚ ਚੜ੍ਹਾਵੇ ਦੀ ਚੋਰੀ ਅਤੇ ਹੇਰਾਫੇਰੀ ਦੇ ਦੋਸ਼ਾਂ ਨੂੰ ਲੈ ਕੇ ਵੀਰਵਾਰ ਨੂੰ ਇਥੇ ਐਫ. ਆਈ. ਆਰ. ਦਰਜ ਕੀਤੀ ਗਈ। ਇਹ ਐਫ. ਆਈ. ਆਰ. ਅਜਿਹੇ ਸਮੇਂ ਦਰਜ ਕੀਤੀ ਗਈ ਹੈ ਜਦੋਂ ਇਸ ਮਾਮਲੇ ਦੀ ਜਾਂਚ ਇਕ ਵਿਸ਼ੇਸ਼ ਜਾਂਚ ਟੀਮ ਕਰ ਰਹੀ ਹੈ, ਜਿਸ ਨੇ ਦੋ ਦਿਨ ਪਹਿਲਾਂ ਉਤਰ ਪ੍ਰਦੇਸ਼ ਸਰਕਾਰ ਨੂੰ ਆਪਣੀ ਸ਼ੁਰੂਆਤੀ ਰਿਪੋਰਟ ਸੌਂਪੀ ਸੀ। ਪੁਲਿਸ ਦੇ ਇਕ ਅਧਿਕਾਰੀ ਨੇ ਵੀਰਵਾਰ ਨੂੰ ਪੁਸ਼ਟੀ ਕੀਤੀ ਕਿ ਐਫ. ਆਈ. ਆਰ. ਦਰਜ ਕਰ ਲਈ ਗਈ ਹੈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਿੱਟ ਨੇ ਕੁਝ ਸਖ਼ਤ ਸਿਫਾਰਿਸ਼ਾਂ ਕੀਤੀਆਂ ਹਨ ਅਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੀ ਇਸ ਮਾਮਲੇ ਨੂੰ ਲੈ ਕੇ ਬਹੁਤ ਗੰਭੀਰ ਹਨ। ਐਫ. ਆਈ. ਆਰ. ਦਰਜ ਹੋਣ ਤੱਕ ਦੀਆਂ ਘਟਨਾਵਾਂ ਦਾ ਜ਼ਿਕਰ ਕਰਦੇ ਹੋਏ ਅਧਿਕਾਰੀ ਨੇ ਕਿਹਾ ਕਿ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।