ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸ੍ਰੀ ਹਜ਼ੂਰ ਸਾਹਿਬ ਐਕਟ ’ਤੇ ਸਿੱਖ ਜਥੇਬੰਦੀਆਂ ਨਾਲ ਸਲਾਹ ਮਸ਼ਵਰੇ ਲਈ ਮਹਾਰਾਸ਼ਟਰ ਸਰਕਾਰ ਨੇ ਬਣਾਈ ਕਮੇਟੀ

Ad Position 21
No active advertisement
ਅਜੀਤ ਡੈਸਕ 27-06-2026
ਚੰਡੀਗੜ੍ਹ, 26 ਜੂਨ (ਸੰਦੀਪ ਕੁਮਾਰ ਮਾਹਨਾ)-ਮਹਾਰਾਸ਼ਟਰ ਸਰਕਾਰ ਵਲੋਂ ਪ੍ਰਸਤਾਵਿਤ ਹਜ਼ੂਰ ਸਾਹਿਬ ਐਕਟ-2026 ਨੂੰ ਵਿਧਾਨ ਸਭਾ ਵਿਚ ਪੇਸ਼ ਕਰਨ ਤੋਂ ਪਹਿਲਾਂ ਸਿੱਖ ਜਥੇਬੰਦੀਆਂ, ਧਾਰਮਿਕ ਵਿਦਵਾਨਾਂ ਅਤੇ ਹੋਰ ਹਿੱਸੇਦਾਰਾਂ ਨਾਲ ਵਿਸਤ੍ਰਿਤ ਸਲਾਹ-ਮਸ਼ਵਰਾ ਕਰਨ ਲਈ ਇਕ ਕਮੇਟੀ ਦੇ ਗਠਨ ਦਾ ਫੈਸਲਾ ਕੀਤਾ ਗਿਆ ਹੈ। ਇਸ ਕਮੇਟੀ ਦੇ ਗਠਨ ’ਚ ਭਾਜਪਾ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਨੇ ਅਹਿਮ ਭੂਮਿਕਾ ਨਿਭਾਈ ਹੈ। ਇਸ ਮਾਮਲੇ ਨੂੰ ਲੈ ਕੇ ਆਰ.ਪੀ. ਸਿੰਘ ਵਲੋਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਨਾਲ ਮੁਲਾਕਾਤ ਕੀਤੀ ਗਈ ਸੀ। ਫੜਨਵੀਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਆਪਣੇ ਕੈਬਨਿਟ ਸਹਿਯੋਗੀ ਚੰਦਰਸ਼ੇਖਰ ਬਾਵਨਕੁਲੇ ਨੂੰ ਵੀ ਸਲਾਹ-ਮਸ਼ਵਰੇ ਲਈ ਟੈਲੀਫੋਨ ’ਤੇ ਲਿਆ, ਜਦੋਂਕਿ ਭਾਜਪਾ ਦੇ ਪੰਜਾਬ ਪ੍ਰਧਾਨ ਵੀ ਟੈਲੀਫੋਨ ’ਤੇ ਗੱਲਬਾਤ ਲਈ ਜੁੜੇ ਹੋਏ ਸਨ।ਆਰ.ਪੀ. ਸਿੰਘ ਨੇ ਕਿਹਾ ਕਿ ਅਸੀਂ ਬੇਨਤੀ ਕੀਤੀ ਸੀ ਕਿ ਮਹਾਰਾਸ਼ਟਰ ਵਿਧਾਨ ਸਭਾ ਵਿਚ ਬਿੱਲ ਪੇਸ਼ ਕਰਨ ਤੋਂ ਪਹਿਲਾਂ ਵਿਆਪਕ ਸਲਾਹ-ਮਸ਼ਵਰਾ ਕੀਤਾ ਜਾਵੇ। ਬਾਵਨਕੁਲੇ ਨੇ ਸਾਡੇ ਸੁਝਾਅ ਨੂੰ ਸਵੀਕਾਰ ਕਰ ਲਿਆ ਅਤੇ ਬਿੱਲ ਪੇਸ਼ ਕਰਨ ਤੋਂ ਪਹਿਲਾਂ ਮਾਮਲੇ ਦੀ ਜਾਂਚ ਕਰਨ ਅਤੇ ਵਿਆਪਕ ਸਲਾਹ-ਮਸ਼ਵਰੇ ਦੀ ਸਹੂਲਤ ਲਈ ਇਕ ਕਮੇਟੀ ਦੇ ਗਠਨ ਲਈ ਸਹਿਮਤੀ ਦਿੱਤੀ।ਮਹਾਰਾਸ਼ਟਰ ਸਰਕਾਰ ਦੇ ਫ਼ੈਸਲੇ ਦਾ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਵਲੋਂ ਸਵਾਗਤ ਕਰਦਿਆਂ ਇਸ ਨੂੰ ਸਿੱਖ ਭਾਵਨਾਵਾਂ ਦੇ ਸਤਿਕਾਰ ਵੱਲ ਇਕ ਸਕਾਰਾਤਮਕ ਕਦਮ ਕਰਾਰ ਦਿੱਤਾ ਹੈ।ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਸਿੱਖ ਪੰਥ ਦੀ ਆਸਥਾ, ਇਤਿਹਾਸ ਅਤੇ ਵਿਰਾਸਤ ਦਾ ਮਹਾਨ ਕੇਂਦਰ ਹੈ। ਇਸ ਦੇ ਪ੍ਰਬੰਧਨ ਨਾਲ ਸੰਬੰਧਿਤ ਕਿਸੇ ਵੀ ਕਾਨੂੰਨੀ ਢਾਂਚੇ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਸਿੱਖ ਜਥੇਬੰਦੀਆਂ, ਧਾਰਮਿਕ ਵਿਦਵਾਨਾਂ ਅਤੇ ਹੋਰ ਸੰਬੰਧਿਤ ਧਿਰਾਂ ਨਾਲ ਵਿਸਤ੍ਰਿਤ ਸਲਾਹ-ਮਸ਼ਵਰਾ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਸਰਕਾਰ ਵਲੋਂ ਇਸ ਦਿਸ਼ਾ ’ਚ ਕਮੇਟੀ ਗਠਿਤ ਕਰਨ ਦਾ ਫ਼ੈਸਲਾ ਸਿੱਖ ਸਮਾਜ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ ਵਾਲਾ ਹੈ।ਢਿੱਲੋਂ ਨੇ ਦੱਸਿਆ ਕਿ ਇਸ ਮਾਮਲੇ ਸੰਬੰਧੀ ਹੋਈ ਉੱਚ ਪੱਧਰੀ ਚਰਚਾ ਦੌਰਾਨ ਉਨ੍ਹਾਂ ਨੇ ਟੈਲੀਫੋਨ ਰਾਹੀਂ ਆਪਣਾ ਪੱਖ ਰੱਖਦਿਆਂ ਅਪੀਲ ਕੀਤੀ ਸੀ ਕਿ ਹਜ਼ੂਰ ਸਾਹਿਬ ਐਕਟ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਸਿੱਖ ਪੰਥ ਨਾਲ ਵਿਆਪਕ ਸਲਾਹ-ਮਸ਼ਵਰਾ ਕੀਤਾ ਜਾਵੇ। ਕੇਵਲ ਸਿੰਘ ਢਿੱਲੋਂ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਅਤੇ ਚੰਦਰਸ਼ੇਖਰ ਬਾਵਨਕੁਲੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਿੱਖ ਸਮਾਜ ਦੀਆਂ ਭਾਵਨਾਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਸੰਵੇਦਨਸ਼ੀਲਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਗੱਲਬਾਤ ਅਤੇ ਸਹਿਮਤੀ ਰਾਹੀਂ ਹੀ ਅਜਿਹਾ ਕਾਨੂੰਨੀ ਢਾਂਚਾ ਤਿਆਰ ਕੀਤਾ ਜਾ ਸਕਦਾ ਹੈ, ਜਿਸ ’ਤੇ ਸਮੁੱਚੇ ਸਿੱਖ ਸਮਾਜ ਦਾ ਭਰੋਸਾ ਬਣੇ। ਢਿੱਲੋਂ ਨੇ ਕਿਹਾ ਕਿ ਪਾਰਟੀ ਹਮੇਸ਼ਾ ਸਿੱਖ ਸੰਸਥਾਵਾਂ, ਧਾਰਮਿਕ ਪਰੰਪਰਾਵਾਂ ਅਤੇ ਸਿੱਖ ਵਿਰਾਸਤ ਦੇ ਸਤਿਕਾਰ ਲਈ ਵਚਨਬੱਧ ਰਹੀ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਵਿਸਤ੍ਰਿਤ ਸਲਾਹ-ਮਸ਼ਵਰੇ ਲਈ ਬਣਾਈ ਜਾਣ ਵਾਲੀ ਕਮੇਟੀ ਸਾਰੀਆਂ ਪੰਥਕ ਧਿਰਾਂ ਦੇ ਵਿਚਾਰਾਂ ਨੂੰ ਅਹਿਮੀਅਤ ਦੇਵੇਗੀ ਅਤੇ ਭਵਿੱਖ ਵਿਚ ਤਿਆਰ ਹੋਣ ਵਾਲਾ ਕਾਨੂੰਨੀ ਢਾਂਚਾ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਅਤੇ ਉਮੀਦਾਂ ਅਨੁਸਾਰ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਵੈਨੇਜ਼ੁਏਲਾ ’ਚ ਭੁਚਾਲ ਨਾਲ ਹੁਣ ਤੱਕ 920 ਮੌਤਾਂ, 3000 ਤੋਂ ਵੱਧ ਜ਼ਖ਼ਮੀ ਅਗਲੀ ਖ਼ਬਰ ਹਿਮਾਚਲ ਦੇ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਕੋਲ ਸੂਬੇ ਦੇ ਲੰਬਿਤ ਮੁੱਦੇ ਉਠਾਏ
Ad Position 24
No active advertisement