ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਸਾਡੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣਗੇ-ਮੁੱਖ ਮੰਤਰੀ

Ad Position 21
No active advertisement
ਅਜੀਤ ਡੈਸਕ 29-06-2026

ਵਿਰੋਧੀ ਪਾਰਟੀਆਂ ਇਸ ਮੁੱਦੇ ਨੂੰ ਧਾਰਮਿਕ ਰੰਗਤ ਦੇ ਕੇ ਲੈਣਾ ਚਾਹੁੰਦੀਆਂ ਸਿਆਸੀ ਲਾਹਾ
ਸੁਰਿੰਦਰਪਾਲ ਸਿੰਘ ਵਰਪਾਲ

ਅੰਮ੍ਰਿਤਸਰ, 28 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ 5 ਸਿੰਘ ਸਾਹਿਬਾਨ ਵਲੋਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ’ ਦੇ ਸੰਦਰਭ ’ਚ ਤਲਬ ਕੀਤੇ ਗਏ ਸਿੱਖ ਵਿਧਾਇਕਾਂ ਦੇ ਮਾਮਲੇ ’ਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਮੇਤ ਆਮ ਆਦਮੀ ਪਾਰਟੀ ਦੇ ਸਾਰੇ ਮੰਤਰੀ ਤੇ ਵਿਧਾਇਕ ਸੋਮਵਾਰ ਨੂੰ ਪੂਰੀ ਨਿਮਰਤਾ ਤੇ ਭਾਵਨਾ ਸਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਜਿਥੇ ਸੂਬਾ ਸਰਕਾਰ ਦਾ ਅਤੇ ਆਪਣਾ ਪੱਖ ਰੱਖਣਗੇ ਉਥੇ ਨਾਲ ਹੀ ਮੇਰਾ ਮਾਸਕ ਪਾ ਕੇ ਮੇਰੀ ਨਕਲ ਉਤਾਰਨ ਵਾਲੇ ਵਿਅਕਤੀ ਦੀ ਫਰਜ਼ੀ ਵੀਡੀਓ ਵੀ ਪੱਤਰ ਨਾਲ ਵੇਰਵਿਆਂ ਸਹਿਤ ਲਿਖਤੀ ਰੂਪ ’ਚ ਜਥੇਦਾਰ ਸਾਹਿਬ ਨੂੰ ਸੌਂਪੀ ਜਾਵੇਗੀ। ਅੱਜ ਅੰਮ੍ਰਿਤਸਰ ਵਿਖੇ ਪਾਰਟੀ ਵਿਧਾਇਕਾਂ, ਮੰਤਰੀਆਂ ਸਮੇਤ ਹੋਰ ਅਹੁਦੇਦਾਰਾਂ ਨਾਲ ਮੀਟਿੰਗ ਕਰਨ ਮਗਰੋਂ ਮੁੱਖ ਮੰਤਰੀ ਨੇ ‘ਆਪ’ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡਾ ਸਰਵਉੱਚ ਅਸਥਾਨ ਹੈ। ਇਸ ਪਵਿੱਤਰ ਤਖ਼ਤ ਵਲੋਂ ਜਾਰੀ ਕੀਤਾ ਕੋਈ ਵੀ ਹੁਕਮ ਜਾਂ ਆਦੇਸ਼ ਸਾਨੂੰ ਪੂਰੀ ਸ਼ਰਧਾ ਨਾਲ ਪ੍ਰਵਾਨ ਹੈ ਤੇ ਸਰਕਾਰ ਵਲੋਂ ਉਸ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੇ ਸਾਰੇ ਮੰਤਰੀ, ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ, ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਤਲਬ ਕੀਤਾ ਗਿਆ ਹੈ, ਉਹ ਸੋਮਵਾਰ ਨੂੰ ਉੱਥੇ ਹਾਜ਼ਰ ਹੋ ਕੇ ਇਕ ਨਿਮਾਣੇ ਸਿੱਖ ਵਜੋਂ ਸਰਕਾਰ ਦੀ ਸਥਿਤੀ ਸਪੱਸ਼ਟ ਕਰਨ ਦੇ ਨਾਲ-ਨਾਲ ਆਪਣਾ ਪੱਖ ਵੀ ਪੇਸ਼ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਤਖ਼ਤ ਸਾਹਿਬ ਦਾ ਆਦੇਸ਼ ਮੇਰੇ ਤੇ ਮੇਰੇ ਪਰਿਵਾਰ ਲਈ ਹਮੇਸ਼ਾ ਸਰਵਉੱਚ ਰਿਹਾ ਹੈ, ਅਤੇ ਰਹੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਮੇਰੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਇਸ ਗੱਲ ਤੋਂ ਵੀ ਹੁੰਦਾ ਹੈ ਕਿ ਜਦੋਂ ਮੈਨੂੰ ਪਹਿਲਾਂ ਤਖ਼ਤ ਸਾਹਿਬ ਵਲੋਂ ਬੁਲਾਇਆ ਗਿਆ ਸੀ ਤਾਂ ਮੈਂ ਉੱਥੇ ਪੇਸ਼ ਹੋਣ ਲਈ ਰਾਸ਼ਟਰਪਤੀ ਦੇ ਇਕ ਸਮਾਗਮ ਨੂੰ ਵੀ ਛੱਡ ਦਿੱਤਾ ਸੀ। ਉਨ੍ਹਾਂ ਕਿਹਾ ਕਿ ਜਦੋਂ ਧਾਰਮਿਕ ਪਦਵੀਆਂ ’ਤੇ ਬੈਠੇ ਸਿਆਸੀ ਤੌਰ ’ਤੇ ਨਿਯੁਕਤ ਲੋਕ ਆਪਣੇ ਸਿਆਸੀ ਆਕਾਵਾਂ ਨੂੰ ਖੁਸ਼ ਕਰਨ ਲਈ ਇਕਪਾਸੜ ਫ਼ੈਸਲੇ ਲੈਣ ਲੱਗ ਪੈਂਦੇ ਹਨ ਤਾਂ ਕੁਦਰਤੀ ਤੌਰ ’ਤੇ ਸਵਾਲ ਉੱਠਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਹੁਣ ਹੁਕਮ ਦਿੱਤਾ ਹੈ ਕਿ ਗੁਰਦੁਆਰਿਆਂ ਦੇ ਬਾਹਰ ਮੇਰੇ ਸਮਾਜਿਕ ਬਾਈਕਾਟ ਦੇ ਪੋਸਟਰ ਲਾਏ ਜਾਣ ਪਰ ਸ਼੍ਰੋਮਣੀ ਅਕਾਲੀ ਦਲ ਜਾਂ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਅਜਿਹੇ ਪੋਸਟਰ ਗੁਰਦੁਆਰਿਆਂ ਦੇ ਬਾਹਰ ਕਦੇ ਕਿਉਂ ਨਹੀਂ ਲਗਾਏ ਗਏ, ਜਦੋਂ ਕਿ ਉਨ੍ਹਾਂ ਨੇ ਬੇਅਦਬੀ ਦੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਖ਼ੁਦ ਕਬੂਲ ਕੀਤੀ ਸੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ 2 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਸਾਥੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਆਪਣੀਆਂ ਗ਼ਲਤੀਆਂ ਮੰਨੀਆਂ, ਗੁਨਾਹ ਕਬੂਲ ਕੀਤੇ, ਗੋਲੀਕਾਂਡ ਦੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਲਈ ਅਤੇ ਇਹ ਵੀ ਮੰਨਿਆ ਕਿ ਸੰਗਤ ਵਿਰੁੱਧ ਹੁਕਮ ਜਾਰੀ ਕੀਤੇ ਗਏ ਸਨ। ਕੀ ਕਿਸੇ ਨੇ ਗੁਰਦੁਆਰਿਆਂ ਦੇ ਬਾਹਰ ਉਨ੍ਹਾਂ ਦੇ ਬਾਈਕਾਟ ਦੇ ਪੋਸਟਰ ਲਾਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵੀ ਮੈਂ ਪਿੰਡਾਂ, ਸਮਾਜਿਕ ਇਕੱਠਾਂ ਅਤੇ ਜਨਤਕ ਰੈਲੀਆਂ ’ਚ ਜਾਂਦਾ ਹਾਂ ਤਾਂ ਉੱਥੇ ਭਾਰੀ ਇਕੱਠ ਹੁੰਦਾ ਹੈ ਜੋ ਵਿਰੋਧੀ ਧਿਰ ਬਰਦਾਸ਼ਤ ਨਹੀਂ ਕਰ ਸਕਦੀ। ਇਸ ਜ਼ੋਰਦਾਰ ਹੁੰਗਾਰੇ ਤੋਂ ਨਿਰਾਸ਼ ਹੋ ਕੇ ਰਵਾਇਤੀ ਸਿਆਸੀ ਪਾਰਟੀਆਂ ਮੇਰੇ ’ਤੇ ਬੇਬੁਨਿਆਦ ਦੋਸ਼ ਲਾਉਣ ਦੇ ਹੇਠਲੇ ਪੱਧਰ ਤੱਕ ਉੱਤਰ ਆਈਆਂ ਹਨ। ਪੰਜਾਬ ਦੇ ਲੋਕ ਅਜਿਹੀ ਰਾਜਨੀਤੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਭਾਜਪਾ, ਕਾਂਗਰਸ ਅਤੇ ਅਕਾਲੀ ਮੈਨੂੰ ਧਾਰਮਿਕ ਤੌਰ ’ਤੇ ਬਦਨਾਮ ਕਰ ਕੇ ਸਿਆਸੀ ਲਾਹਾ ਲੈਣਾ ਚਾਹੁੰਦੇ ਹਨ, ਜਦੋਂ ਕਿ ਮੈਂ ਸਿਰਫ਼ ਰੋਜ਼ਗਾਰ, ਪਾਣੀ, ਬਿਜਲੀ, ਸਿਹਤ, ਸਿੱਖਿਆ ਅਤੇ ਸਰਬਪੱਖੀ ਵਿਕਾਸ ਵਰਗੇ ਮੁੱਦਿਆਂ ’ਤੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਿਹਾ ਹਾਂ। ਇਕ ਸਵਾਲ ਦੇ ਜਵਾਬ ’ਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਜਥੇਦਾਰ ਸਾਹਿਬ ਨੂੰ ਪੱਤਰ ਲਿਖ ਕੇ ਦੱਸੇਗੀ ਕਿ ਕਿਸ ਤਰ੍ਹਾਂ ਮੈਨੂੰ ਬਦਨਾਮ ਕਰਨ ਲਈ ਇਕ ਫਰਜ਼ੀ ਵੀਡੀਓ ’ਚ ਮੇਰੀ ਨਕਲ ਉਤਾਰਨ ਵਾਲੇ ਵਿਅਕਤੀ ਦੀ ਵਰਤੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਮੰਤਰੀਆਂ ਅਤੇ ਵਿਧਾਇਕਾਂ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋਣ ਬਾਅਦ ਅਸੀਂ ਅਗਲੀ ਰਣਨੀਤੀ ’ਤੇ ਵਿਚਾਰ-ਵਟਾਂਦਰਾ ਕਰਾਂਗੇ।
ਸਿੱਖਾਂ ਦੇ ਧਾਰਮਿਕ ਮਾਮਲਿਆਂ ’ਚ ਦਖ਼ਲ ਦੇਣ ਤੋਂ ਗੁਰੇਜ਼ ਕਰੇ ਮਹਾਰਾਸ਼ਟਰ ਸਰਕਾਰ-ਮੁੱਖ ਮੰਤਰੀ
ਮਹਾਰਾਸ਼ਟਰ ਸਰਕਾਰ ਵਲੋਂ 70 ਸਾਲ ਪੁਰਾਣੇ ‘ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਐਕਟ, 1956’ ਨੂੰ ਰੱਦ ਕਰਨ ਦੇ ਫ਼ੈਸਲੇ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ’ਚ ਮੁੱਖ ਮੰਤਰੀ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਨੂੰ ਸਿੱਖ ਕੌਮ ਦੇ ਮਾਮਲਿਆਂ ’ਚ ਦਖ਼ਲ ਨਾ ਦੇ ਕੇ ਅਜਿਹੀਆਂ ਕਾਰਵਾਈਆਂ ਰਾਹੀਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੋਂ ਬਚਣਾ ਚਾਹੀਦਾ ਹੈ, ਜੋ ਕਿਸੇ ਦੇ ਵੀ ਹਿੱਤ ’ਚ ਨਹੀਂ ਹਨ।

Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਵਲੋਂ ਈਰਾਨ ਦੇ 10 ਫ਼ੌਜੀ ਟਿਕਾਣਿਆਂ ’ਤੇ ਹਮਲਾ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੂੰ ਸੈਸ਼ਲਜ਼ ਦਾ ਸਰਬਉੱਚ ਨਾਗਰਿਕ ਸਨਮਾਨ
Ad Position 24
No active advertisement