ਮੋਦੀ ਵਲੋਂ ਈਰਾਨ ਦੇ ਰਾਸ਼ਟਰਪਤੀ ਨਾਲ ਫ਼ੋਨ ’ਤੇ ਗੱਲਬਾਤ
ਅਜੀਤ ਡੈਸਕ
01-07-2026
ਨਵੀਂ ਦਿੱਲੀ, 30 ਜੂਨ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਫ਼ੋਨ ’ਤੇ ਗੱਲਬਾਤ ਕੀਤੀ, ਜਿਨ੍ਹਾਂ ਨੇ ਉਨ੍ਹਾਂ ਨੂੰ ਪੱਛਮੀ ਏਸ਼ੀਆ ’ਚ ਹਾਲ ਹੀ ਦੀਆਂ ਘਟਨਾਵਾਂ ਅਤੇ ਅੱਗੇ ਦੀ ਰਾਹ ਬਾਰੇ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਈਰਾਨੀ ਨੇਤਾ ਨਾਲ ਗੱਲਬਾਤ ’ਚ ਉਨ੍ਹਾਂ ਨੇ ਭਾਰਤ ਅਤੇ ਦੁਨੀਆ ਲਈ ਹੋਰਮੁਜ਼ ਜਲਡਮਰੂ ’ਚ ਆਵਾਜਾਈ ਦੀ ਆਜ਼ਾਦੀ ਦੇ ਮਹੱਤਵ ਨੂੰ ਦੁਹਰਾਇਆ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਬਣੀ ਸਹਿਮਤੀ ਦਾ ਸਵਾਗਤ ਕੀਤਾ ਅਤੇ ਭਾਰਤ ਦੇ ਇਸ ਲਗਾਤਾਰ ਰੁਖ ਨੂੰ ਦੁਹਰਾਇਆ ਕਿ ਸਾਰੇ ਮੁੱਦਿਆਂ ਨੂੰ ਗੱਲਬਾਤ ਅਤੇ ਕੂਟਨੀਤੀ ਜ਼ਰੀਏ ਸੁਲਝਾਇਆ ਜਾਣਾ ਚਾਹੀਦਾ ਹੈ। ਮੋਦੀ ਨੇ ਖੇਤਰ ’ਚ ਸਥਾਈ ਸ਼ਾਂਤੀ ਅਤੇ ਸਥਿਰਤਾ ਅਤੇ ਵਪਾਰ ਦੀ ਆਜ਼ਾਦੀ ਦੀ ਰਾਖੀ ਲਈ ਲਗਾਤਾਰ ਯਤਨਾਂ ਦੀ ਜ਼ਰੂਰਤ ਨੂੰ ਦੁਹਰਾਇਆ। ਬਿਆਨ ’ਚ ਕਿਹਾ ਕਿ ਫੋਨ ’ਤੇ ਗੱਲਬਾਤ ਦੌਰਾਨ ਈਰਾਨ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਛਮੀ ਏਸ਼ੀਆ ’ਚ ਹਾਲੀਆ ਘਟਨਾਵਾਂ ਅਤੇ ਅੱਗੇ ਦੇ ਰਾਹ ਬਾਰੇ ਜਾਣਕਾਰੀ ਦਿੱਤੀ। ਮੋਦੀ ਨੇ ਐਕਸ ’ਤੇ ਇਹ ਵੀ ਲਿਖਿਆ ਕਿ ਈਰਾਨ ਦੇ ਰਾਸ਼ਟਰਪਤੀ ਡਾ. ਮਸੂਦ ਪੇਜ਼ੇਸ਼ਕੀਅਨ ਨਾਲ ਪੱਛਮੀ ਏਸ਼ੀਆ ’ਚ ਹਾਲੀਆ ਘਟਨਾਵਾਂ ’ਤੇ ਗੱਲਬਾਤ ਕੀਤੀ। ਗੱਲਬਾਤ ’ਚ ਹੋਈ ਪ੍ਰਗਤੀ ਦਾ ਸਵਾਗਤ ਕੀਤਾ ਅਤੇ ਉਮੀਦ ਜਤਾਈ ਕਿ ਲਗਾਤਾਰ ਯਤਨਾਂ ਨਾਲ ਖੇਤਰ ’ਚ ਸਥਾਈ ਸ਼ਾਂਤੀ ਆਵੇਗੀ। ਭਾਰਤ ਅਤੇ ਦੁਨੀਆ ਲਈ ਹੋਰਮੁਜ਼ ਜਲਡਮਰੂ ’ਚ ਨੈਵੀਗੇਸ਼ਨ ਦੀ ਆਜ਼ਾਦੀ ਦੇ ਮਹੱਤਵ ਨੂੰ ਦੁਹਰਾਇਆ। ਇਸ ਤੋਂ ਪਹਿਲਾਂ ਈਰਾਨੀ ਰਾਸ਼ਟਰਪਤੀ ਪੇਜ਼ੇਸ਼ਕੀਅਨ ਨੇ ਪ੍ਰਧਾਨ ਮੰਤਰੀ ਮੋਦੀ ਦੀ ਈਰਾਨ ਦੇ ਮਰਹੂਮ ਸੁਪਰੀਮ ਲੀਡਰ ਆਇਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸੰਸਕਾਰ ਸਮਾਰੋਹ ਲਈ ਸੱਦਾ ਦਿੱਤਾ ਸੀ।