ਅੰਮ੍ਰਿਤਸਰ, 10 ਜੁਲਾਈ (ਜਸਵੰਤ ਸਿੰਘ ਜੱਸ)-ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਬਣੀ ਫ਼ਿਲਮ ‘ਸਤਲੁਜ’ ‘ਤੇ ਲੱਗੀ ਰੋਕ ਹਟਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰਵਾਰ ਘੰਟਾ ਘਰ ਪਲਾਜ਼ਾ ਤੋਂ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਵਿਸ਼ਾਲ ਰੋਸ ਮਾਰਚ ਕੀਤਾ ਗਿਆ ਤੇ ਪੰਜਾਬ ਦੇ ਰਾਜਪਾਲ ਦੇ ਨਾਂਅ ਮੰਗ ਪੱਤਰ ਸੌਂਪਿਆ ਗਿਆ। ਰੋਸ ਮਾਰਚ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ, ਅਧਿਕਾਰੀ ਤੇ ਸਮੂਹ ਮੁਲਾਜ਼ਮ ਸ਼ਾਮਿਲ ਸਨ, ਜਿਸ ’ਚ ਸਭ ਨੇ ਹੱਥਾਂ ’ਚ ਤਖ਼ਤੀਆਂ ਤੇ ਬੈਨਰ ਫੜ੍ਹੇ ਹੋਏ ਸਨ, ਜਿਨ੍ਹਾਂ ’ਤੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਤੇ ਉਸ ਦੌਰ ਦੇ ਸਿੱਖਾਂ ’ਤੇ ਹੋਏ ਅੱਤਿਆਚਾਰਾਂ ਲਈ ਇਨਸਾਫ਼ ਦੇ ਨਾਅਰੇ ਲਿਖੇ ਹੋਏ ਸਨ। ਰੋਸ ਮਾਰਚ ਦੀ ਆਰੰਭਤਾ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਸੱਚ ਤੇ ਮਨੁੱਖੀ ਅਧਿਕਾਰਾਂ ਲਈ ਅਦੁੱਤੀ ਕੁਰਬਾਨੀ ਹੈ। ਉਨ੍ਹਾਂ ਕਿਹਾ ਕਿ ਭਾਈ ਖਾਲੜਾ ਦੇ ਜੀਵਨ, ਮਨੁੱਖੀ ਅਧਿਕਾਰਾਂ ਲਈ ਲੜੇ ਗਏ ਸੰਘਰਸ਼ ਤੇ ਸਿੱਖ ਨੌਜਵਾਨਾਂ ਨਾਲ ਹੋਈਆਂ ਵਧੀਕੀਆਂ ਤੋਂ ਸੰਸਾਰ ਦੇ ਲੋਕਾਂ ਨੂੰ ਜਾਣੂੰ ਕਰਵਾਉਣ ਲਈ ਬਣੀ ਫ਼ਿਲਮ ‘ਸਤਲੁਜ’ ਨੂੰ ਰਿਲੀਜ਼ ਹੋਣ ਤੋਂ ਕੁਝ ਹੀ ਸਮੇਂ ਬਾਅਦ ਸਰਕਾਰ ਵਲੋਂ ਪਾਬੰਦੀ ਲਗਾਉਣਾ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਵਕੀਲਾਂ, ਮਨੁੱਖੀ ਅਧਿਕਾਰਾਂ ਲਈ ਲੜਨ ਵਾਲਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੇ ਵੀ ਉਸ ਸਮੇਂ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਇਹ ਸਮਾਂ ਸਿੱਖਾਂ ’ਤੇ ਅੱਤਿਆਚਾਰਾਂ ਦੀ ਸਿਖ਼ਰ ਸੀ, ਪਰ ਦੁੱਖ ਹੈ ਕਿ ਅੱਜ ਤੱਕ ਸਿੱਖਾਂ ਨੂੰ ਇਨਸਾਫ਼ ਨਹੀਂ ਮਿਲਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਖਾਲੜਾ ਦੇ ਕੇਸ ’ਚ ਸਜ਼ਾ ਭੁਗਤ ਰਹੇ ਪੁਲਿਸ ਅਧਿਕਾਰੀ ਪ੍ਰਤੀ ਸਰਕਾਰ ਵਲੋਂ ਵਰਤੀ ਗਈ ਨਰਮੀ ਵੀ ਵੱਡੇ ਸਵਾਲ ਪੈਦਾ ਕਰਦੀ ਹੈ। ਉਨ੍ਹਾਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ ਅਨੁਸਾਰ 14 ਜੁਲਾਈ ਨੂੰ ਸਤਲੁਜ ਦਰਿਆ ਦੇ ਕੰਢੇ ਹਰੀਕੇ ਵਿਖੇ ਸ਼ਹੀਦਾਂ ਨਮਿਤ ਕੀਤੇ ਜਾ ਰਹੇ ਅਰਦਾਸ ਸਮਾਗਮ ਸਮੇਂ ਸੰਗਤਾਂ ਨੂੰ ਪੁੱਜਣ ਦੀ ਅਪੀਲ ਵੀ ਕੀਤੀ। ਉਨ੍ਹਾਂ ਫ਼ਿਲਮ ‘ਸਤਲੁਜ’ ’ਤੇ ਲਗਾਈ ਗਈ ਪਾਬੰਦੀ ਤੁਰੰਤ ਹਟਾ ਕੇ ਇਸ ਨੂੰ ਮੁੜ ਰਿਲੀਜ਼ ਕਰਨ ਦੀ ਮੰਗ ਕੀਤੀ ਤਾਂ ਜੋ ਨਵੀਂ ਪੀੜ੍ਹੀ ਪੰਜਾਬ ਦੇ ਇਤਿਹਾਸ ਦੀਆਂ ਕੌੜੀਆਂ ਸੱਚਾਈਆਂ ਤੋਂ ਜਾਣੂ ਹੋ ਸਕੇ। ਇਸ ਦੌਰਾਨ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ ਪੱਲਵੀ ਮਿਸ਼ਰਾ ਨੂੰ ਸੌਂਪਿਆ ਗਿਆ। ਰੋਸ ਮਾਰਚ ’ਚ ਬਲਦੇਵ ਸਿੰਘ ਕਲਿਆਣ, ਅਲਵਿੰਦਰਪਾਲ ਸਿੰਘ ਪੱਖੋਕੇ, ਕੁਲਵੰਤ ਸਿੰਘ ਮੰਨਣ, ਸੁਰਜੀਤ ਸਿੰਘ ਤੁਗਲਵਾਲ, ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵੱਡ, ਅਮਰਜੀਤ ਸਿੰਘ ਬੰਡਾਲਾ, ਅਮਰਜੀਤ ਸਿੰਘ ਭਲਾਈਪੁਰ, ਸਤਬੀਰ ਸਿੰਘ ਧਾਮੀ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਸ਼ਾਹਬਾਜ਼ ਸਿੰਘ, ਬਿਜੈ ਸਿੰਘ, ਤੇਜਿੰਦਰ ਸਿੰਘ ਪੱਡਾ, ਜਸਵਿੰਦਰ ਸਿੰਘ ਜੱਸੀ, ਪ੍ਰੀਤਪਾਲ ਸਿੰਘ, ਭਗਵੰਤ ਸਿੰਘ ਧੰਗੇੜਾ, ਬਲਵਿੰਦਰ ਸਿੰਘ ਖੈਰਾਬਾਦ, ਗੁਰਨਾਮ ਸਿੰਘ, ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਅਜ਼ਾਦਦੀਪ ਸਿੰਘ, ਗੁਰਮੀਤ ਸਿੰਘ ਮੁਕਤਸਰੀ, ਸਤਨਾਮ ਸਿੰਘ ਰਿਆੜ, ਮੇਜਰ ਸਿੰਘ, ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਰਾਜਿੰਦਰ ਸਿੰਘ ਰੂਬੀ, ਨਰਿੰਦਰ ਸਿੰਘ ਮਥਰੇਵਾਲ ਆਦਿ ਸ਼ਾਮਿਲ ਸਨ।
ਫ਼ਿਲਮ ‘ਸਤਲੁਜ’ ’ਤੇ ਪਾਬੰਦੀ ਵਿਰੁੱਧ ਸ਼੍ਰੋਮਣੀ ਕਮੇਟੀ ਵਲੋਂ ਰੋਸ ਮਾਰਚ
ਅਜੀਤ ਡੈਸਕ
11-07-2026