ਨਵੀਂ ਦਿੱਲੀ, 10 ਜੁਲਾਈ (ਉਪਮਾ ਡਾਗਾ ਪਾਰਥ)- ਜੰਮੂ-ਕਸ਼ਮੀਰ ਦਾ ਰਾਜ ਦਾ ਦਰਜਾ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਨੈਸ਼ਨਲ ਕਾਨਫ਼ਰੰਸ ਸੰਸਦ ਦੇ ਮੌਨਸੂਨ ਇਜਲਾਸ ਦੇ ਪਹਿਲੇ ਦਿਨ ਦਿੱਲੀ ਦੇ ਜੰਤਰ-ਮੰਤਰ ’ਤੇ ਰੋਸ ਪ੍ਰਦਰਸ਼ਨ ਕਰੇਗੀ। ਇਸ ਸੰਬੰਧ ’ਚ ਸਾਬਕਾ ਮੁੱਖ ਮੰਤਰੀ ਡਾ. ਫਾਰੂਕ ਅਬਦੁੱਲਾ ਨੇ ਦੇਸ਼ ਦੇ 52 ਸਿਆਸੀ ਨੇਤਾਵਾਂ, ਜੰਮੂ ਕਸ਼ਮੀਰ ਦੇ ਵੱਖ-ਵੱਖ ਪਾਰਟੀਆਂ ਦੇ ਨੇਤਾਵਾਂ ਨੂੰ ਵੀ ਇਸ ਪ੍ਰਦਰਸ਼ਨ ’ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ। ਅਬਦੁੱਲਾ ਨੇ ਇਹ ਚਿੱਠੀ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ, ਕਾਂਗਰਸੀ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ, ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਡੀ.ਐਮ.ਕੇ. ਦੇ ਮੁਖੀ ਐਮ.ਕੇ. ਸਟਾਲਿਨ, ਤ੍ਰਿਣਮੂਲ ਕਾਂਗਰਸ ਮੁਖੀ ਮਮਤਾ ਬੈਨਰਜੀ, ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ, ਬਹੁਜਨ ਸਮਾਜ ਪਾਰਟੀ ਦੀ ਮਾਇਆਵਤੀ, ਆਰ.ਜੇ.ਡੀ. ਦੇ ਲਾਲੂ ਪ੍ਰਸਾਦ ਯਾਦਵ, ਐਨ.ਸੀ.ਪੀ. ਦੇ ਸ਼ਰਦ ਪਵਾਰ, ਸ਼ਿਵ ਸੈਨਾ (ਊਧਵ) ਦੇ ਊਧਵ ਠਾਕਰੇ, ਏ.ਆਈ.ਐਮ.ਆਈ.ਐਮ. ਦੇ ਅਸਦੁਦੀਨ ਓਵੈਸੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੁਖਬੀਰ ਸਿੰਘ ਬਾਦਲ ਨੂੰ ਭੇਜੀ ਹੈ। ਇਸ ਤੋਂ ਇਲਾਵਾ ਤਾਮਿਲਨਾਡੂ ਦੇ ਮੁੱਖ ਮੰਤਰੀ ਸੀ. ਜੋਸਫ ਵਿਜੈ, ਸੀ.ਪੀ.ਆਈ. ਦੇ ਡੀ. ਰਾਜਾ ਅਤੇ ਰਾਜ ਸਭਾ ਮੈਂਬਰ ਕਪਿਲ ਸਿੱਬਲ ਨੂੰ ਵੀ ਸੱਦਾ ਦਿੱਤਾ ਹੈ।