ਨਵੀਂ ਦਿੱਲੀ, 13 ਜੁਲਾਈ (ਅਜੀਤ ਬਿਊਰੋ)-ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਵਿਰੋਧ ਕਿਸੇ ਧਰਮ ਜਾਂ ਭਾਈਚਾਰੇ ਨਾਲ ਨਹੀਂ, ਸਗੋਂ ਅੱਤਵਾਦ, ਹਿੰਸਾ ਅਤੇ ਖੂਨ-ਖਰਾਬੇ ਨਾਲ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਸ਼ਾਂਤੀ, ਹਿੰਮਤ, ਕੁਰਬਾਨੀ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਨਿਆਂਪਾਲਿਕਾ, ਸਸ਼ਤਰ ਬਲਾਂ, ਪ੍ਰਸ਼ਾਸਨ, ਵਪਾਰ, ਖੇਡਾਂ, ਸਾਹਿਤ ਅਤੇ ਵਿਗਿਆਨ ਸਮੇਤ ਵੱਖ-ਵੱਖ ਖੇਤਰਾਂ ’ਚ ਸਿੱਖ ਭਾਈਚਾਰੇ ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਨੇਕਾਂ ਸਿੱਖ ਸ਼ਖਸੀਅਤਾਂ ਨੇ ਆਪਣੀ ਯੋਗਤਾ, ਸੇਵਾ ਅਤੇ ਪ੍ਰਾਪਤੀਆਂ ਰਾਹੀਂ ਭਾਰਤ ਦਾ ਨਾਂਅ ਦੇਸ਼ ਅਤੇ ਵਿਸ਼ਵ ਪੱਧਰ ’ਤੇ ਰੌਸ਼ਨ ਕੀਤਾ ਹੈ। ਉਨ੍ਹਾਂ ਪੰਜਾਬ ’ਚ ਅੱਤਵਾਦ ਦੇ ਦੌਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਸ ਸਮੇਂ ਹਜ਼ਾਰਾਂ ਬੇਕਸੂਰ ਨਾਗਰਿਕਾਂ, ਪੁਲਿਸ ਮੁਲਾਜ਼ਮਾਂ ਅਤੇ ਲੋਕ ਸੇਵਕਾਂ ਨੇ ਆਪਣੀਆਂ ਜਾਨਾਂ ਗੁਆਈਆਂ। ਅੱਤਵਾਦ ਨੂੰ ਕਿਸੇ ਵੀ ਤਰੀਕੇ ਨਾਲ ਸਿੱਖ ਧਰਮ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ। ਬੀਬੀ ਪਰਮਜੀਤ ਕੌਰ ਖਾਲੜਾ ਵਲੋਂ ਸਵਰਗੀ ਜਸਵੰਤ ਸਿੰਘ ਖਾਲੜਾ ਨਾਲ ਸੰਬੰਧਿਤ ਮਾਮਲਿਆਂ ਦੀ ਜਾਂਚ ਲਈ ਇੱਕ ਜਾਂਚ ਕਮਿਸ਼ਨ ਬਣਾਉਣ ਦੀ ਮੰਗ ’ਤੇ ਬਿੱਟੂ ਨੇ ਕਿਹਾ ਕਿ ਉਹ ਬੇਕਸੂਰ ਨਾਗਰਿਕਾਂ, ਪੁਲਿਸ ਮੁਲਾਜ਼ਮਾਂ ਅਤੇ ਹੋਰ ਲੋਕਾਂ ਦੀਆਂ ਹੱਤਿਆਵਾਂ ਸਮੇਤ ਸਾਰੇ ਸੰਬੰਧਿਤ ਮਾਮਲਿਆਂ ਦੀ ਸੁਤੰਤਰ, ਨਿਰਪੱਖ ਅਤੇ ਸਮਾਂਬੱਧ ਜਾਂਚ ਲਈ ਕਮਿਸ਼ਨ ਬਣਾਉਣ ਦੀ ਮੰਗ ਦਾ ਪੂਰਾ ਸਮਰਥਨ ਕਰਦੇ ਹਨ। ਫ਼ਿਲਮ ‘ਸਤਲੁਜ’ ਸੰਬੰਧੀ ਉਨ੍ਹਾਂ ਕਿਹਾ ਕਿ ਇਤਿਹਾਸ ਨਾਲ ਜੁੜੇ ਕਿਸੇ ਵੀ ਵਿਸ਼ੇ ਨੂੰ ਸੰਤੁਲਿਤ ਅਤੇ ਨਿਰਪੱਖ ਢੰਗ ਨਾਲ ਪੇਸ਼ ਕੀਤਾ ਜਾਣਾ ਚਾਹੀਦਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਉਹ ਜਲਦੀ ਹੀ ਬੀਬੀ ਪਰਮਜੀਤ ਕੌਰ ਖਾਲੜਾ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ 14 ਜੁਲਾਈ ਨੂੰ ਹੋਣ ਵਾਲੀ ਅਰਦਾਸ ਵਿਚ ਪੰਜਾਬ ਦੇ ਉਸ ਹਿੰਸਕ ਦੌਰ ਤੋਂ ਪ੍ਰਭਾਵਿਤ ਸਾਰੇ ਲੋਕਾਂ ਅਤੇ ਪੀੜਤਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਜਾਵੇ।
ਜਥੇਦਾਰ ਉਸ ਦੌਰ ’ਚ ਮਾਰੇ ਗਏ ਸਾਰੇ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਨ-ਬਿੱਟੂ
ਅਜੀਤ ਡੈਸਕ
14-07-2026