ਨਵੀਂ ਦਿੱਲੀ, 14 ਜੁਲਾਈ (ਪੀ.ਟੀ.ਆਈ.)-ਭਾਰਤ ਨੇ ਮੰਗਲਵਾਰ ਨੂੰ ਕਿਹਾ ਕਿ ਉਸਨੇ ਇਕ ਸੀਨੀਅਰ ਕੈਨੇਡੀਅਨ ਪੁਲਿਸ ਅਧਿਕਾਰੀ ਦੀਆਂ ਟਿੱਪਣੀਆਂ ਦਾ ਨੋਟਿਸ ਲਿਆ ਹੈ ਜੋ ਦਰਸਾਉਂਦੇ ਹਨ ਕਿ 2023 ’ਚ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੀ ਜਾਂਚ ਕਰ ਰਹੇ ਜਾਂਚਕਰਤਾਵਾਂ ਨੂੰ ਭਾਰਤੀ ਸਰਕਾਰੀ ਏਜੰਟਾਂ ਦੀ ਸ਼ਮੂਲੀਅਤ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (ਆਰ.ਸੀ.ਐਮ.ਪੀ.) ਦੀ ਡਿਪਟੀ ਕਮਿਸ਼ਨਰ ਲੀਜ਼ਾ ਮੋਰਲੈਂਡ ਦੀਆਂ ਟਿੱਪਣੀਆਂ ਪਿਛਲੇ ਹਫ਼ਤੇ ਅਮਰੀਕੀ ਅਧਿਕਾਰੀਆਂ ਵਲੋਂ ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਸਾਥੀ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ’ਤੇ ਨਿੱਝਰ ਦੀ ਹੱਤਿਆ ਦਾ ਹੁਕਮ ਦੇਣ ਦਾ ਦੋਸ਼ ਲਗਾਉਣ ਤੋਂ ਬਾਅਦ ਆਈਆਂ । ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਕਈ ਦੇਸ਼ਾਂ ਵਿਚ ਕੰਮ ਕਰ ਰਹੇ ਅੰਤਰਰਾਸ਼ਟਰੀ ਸੰਗਠਿਤ ਅਪਰਾਧਿਕ ਨੈੱਟਵਰਕਾਂ ਵਿਰੁੱਧ ਦੋਸ਼ਾਂ ਤੇ ਲਾਗੂ ਕਰਨ ਦੀਆਂ ਕਾਰਵਾਈਆਂ ਬਾਰੇ ਅਮਰੀਕੀ ਨਿਆਂ ਵਿਭਾਗ ਦੁਆਰਾ ਕੀਤੇ ਗਏ ਐਲਾਨਾਂ ਨੂੰ ਦੇਖਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਨੇ ਆਰਸੀਐਮਪੀ ਡਿਪਟੀ ਕਮਿਸ਼ਨਰ ਦੀਆਂ ਟਿੱਪਣੀਆਂ ਦਾ ਨੋਟਿਸ ਲਿਆ ਹੈ । ਬ੍ਰਿਟਿਸ਼ ਕੋਲੰਬੀਆ ਦੇ ਇੱਕ ਗੁਰਦੁਆਰੇ ਦੇ ਬਾਹਰ ਨਿੱਝਰ ਦੀ ਹੱਤਿਆ ਤੋਂ ਕੁਝ ਹਫ਼ਤਿਆਂ ਬਾਅਦ, ਟਰੂਡੋ ਨੇ ਇਹ ਸਨਸਨੀਖੇਜ਼ ਦੋਸ਼ ਲਗਾਇਆ ਕਿ ਭਾਰਤ ਸਰਕਾਰ ਸਿੱਖ ਵੱਖਵਾਦੀ ਦੀ ਹੱਤਿਆ ਵਿਚ ਸ਼ਾਮਿਲ ਸੀ।