10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਦਿੱਲੀ ਕੂਚ ਕਰ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਨੇ ਰੋਕਿਆ

Ad Position 21
No active advertisement
ਅਜੀਤ ਡੈਸਕ 22-07-2026

ਰਾਜਪੁਰਾ, 21 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਭਾਰਤ-ਅਮਰੀਕਾ ਪ੍ਰਸਤਾਵਿਤ ਵਪਾਰ ਸਮਝੌਤੇ ਦੇ ਵਿਰੋਧ ’ਚ ਦਿੱਲੀ ਵਿਖੇ ਹੋਣ ਵਾਲੀ ‘ਕਿਸਾਨ ਮਹਾਪੰਚਾਇਤ’ ’ਚ ਸ਼ਾਮਿਲ ਹੋਣ ਲਈ ਪੰਜਾਬ ਤੋਂ ਜਾ ਰਹੇ ਸੈਂਕੜੇ ਕਿਸਾਨਾਂ ਨੂੰ ਮੰਗਲਵਾਰ ਨੂੰ ਹਰਿਆਣਾ ਪੁਲਿਸ ਨੇ ਸ਼ੰਭੂ ਸਰਹੱਦ ‘ਤੇ ਰੋਕ ਦਿੱਤਾ। ਹਰਿਆਣਾ ’ਚ ਦਾਖਲੇ ਵਾਲੇ ਸਥਾਨ ‘ਤੇ ਪੁਲਿਸ ਨੇ ਬੈਰੀਕੇਡ ਲਗਾਏ ਤੇ ਸੀਮੈਂਟ ਦੇ ਬਲਾਕ ਰੱਖ ਕੇ ਰਸਤਾ ਬੰਦ ਕਰ ਦਿੱਤਾ। ਅੰਬਾਲਾ ਜ਼ਿਲ੍ਹੇ ’ਚ ਪ੍ਰਸ਼ਾਸਨ ਨੇ ਮਨਾਹੀ ਦੇ ਹੁਕਮ ਵੀ ਲਾਗੂ ਕਰ ਦਿੱਤੇ ਗਏ। ਦਿੱਲੀ ਦੇ ਕਿਸਾਨ ਘਾਟ ਵਿਖੇ ‘ਦੇਸ਼ ਬਚਾਓ ਮੋਰਚਾ’ ਦੇ ਬੈਨਰ ਹੇਠ ਇਕ ਦਿਨ ਦੀ ਪ੍ਰਸਤਾਵਿਤ ਕਿਸਾਨ ਮਹਾਪੰਚਾਇਤ ਸੀ। ਸਵੇਰੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਸੈਂਕੜੇ ਕਿਸਾਨ ਆਪਣੇ ਸੰਗਠਨਾਂ ਦੇ ਝੰਡੇ ਲੈ ਕੇ ਸ਼ੰਭੂ ਸਰਹੱਦ ‘ਤੇ ਪਹੁੰਚੇ। ਉਹ ਬੱਸਾਂ ਰਾਹੀਂ ਦਿੱਲੀ ਜਾਣਾ ਚਾਹੁੰਦੇ ਸਨ, ਪਰ ਉਨ੍ਹਾਂ ਨੂੰ ਹਰਿਆਣਾ ’ਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਤੇ ਹਰਿਅਾਣਾ ਖੇਤੀਬਾੜੀ ਮੰਤਰੀ ਸ਼ਾਮ ਲਾਲ ਰਾਣਾ ’ਚ ਮੀਟਿੰਗ ਹੋਈ ਤੇ ਗ੍ਰਿਫ਼ਤਾਰ ਕੀਤੇ ਗਏ ਆਗੂਆਂ ਨੂੰ ਛੱਡਣ ਨੂੰ ਲੈ ਕੇ ਦੋਵਾਂ ਧਿਰਾਂ ’ਚ ਸਹਿਮਤੀ ਬਣੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਸ਼ਾਂਤੀਪੂਰਵਕ ਦਿੱਲੀ ਜਾਣਾ ਚਾਹੁੰਦੇ ਸਨ, ਪਰ ਹਰਿਆਣਾ ਸਰਕਾਰ ਨੇ ਉਨ੍ਹਾਂ ਨੂੰ ਸਰਹੱਦ ‘ਤੇ ਹੀ ਰੋਕ ਦਿੱਤਾ। ਉਨ੍ਹਾਂ ਕਿਹਾ ਕਿ ਕਿਸਾਨ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਪੂਰੀ ਤਰ੍ਹਾਂ ਰੱਦ ਕਰਨ ਦੀ ਮੰਗ ਕਰ ਰਹੇ ਹਨ।
ਕਿਸਾਨਾਂ ਨੂੰ ਖਨੌਰੀ ਨੇੜੇ ਹਰਿਆਣਾ ਬਾਰਡਰ ’ਤੇ ਪੁਲਿਸ ਨੇ ਰੋਕਿਆ
­ਖਨੌਰੀ/ਪਾਤੜਾਂ, (ਬਲਵਿੰਦਰ ਸਿੰਘ ਥਿੰਦ, ਗੁਰਇਕਬਾਲ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ), ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਦਸ਼ਮੇਸ਼ ਕਿਸਾਨ ਮਜ਼ਦੂਰ ਯੂਨੀਅਨ ਤੇ ਹੋਰ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਐਕਸਪ੍ਰੈੱਸਵੇਅ ‘ਤੇ ਧਰਨਾ ਲਗਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਦੇ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਰਕਾਰਾਂ ਅਕਸਰ ਕਿਸਾਨਾਂ ‘ਤੇ ਸੜਕਾਂ ਜਾਮ ਕਰਨ ਦੇ ਦੋਸ਼ ਲਗਾਉਂਦੀਆਂ ਹਨ, ਪਰ ਅੱਜ ਸਾਰਿਆਂ ਦੇ ਸਾਹਮਣੇ ਸੱਚਾਈ ਹੈ ਕਿ ਸੜਕਾਂ ਕਿਸਾਨ ਨਹੀਂ, ਸਗੋਂ ਸਰਕਾਰਾਂ ਤੇ ਪੁਲਿਸ ਹੀ ਬੰਦ ਕਰਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਰਾਜਧਾਨੀ ’ਚ ਸ਼ਾਂਤਮਈ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਜਮਹੂਰੀ ਹੱਕ ਹੈ, ਪਰ ਹਰਿਆਣਾ ਸਰਕਾਰ ਨੇ ਉਸ ਹੱਕ ਨੂੰ ਵੀ ਕੁਚਲਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਰਸਤੇ ਬੰਦ ਕਰਨ ਕਾਰਨ ਸੈਂਕੜੇ ਟਰੱਕ ਤੇ ਹੋਰ ਵਾਹਨ ਵੀ ਫਸ ਗਏ। ਇਨ੍ਹਾਂ ’ਚ ਬੱਚਿਆਂ ਦੇ ਖਾਣ-ਪੀਣ ਦਾ ਸਾਮਾਨ ਤੇ ਜ਼ਰੂਰੀ ਵਸਤਾਂ ਲਿਜਾਣ ਵਾਲੇ ਵਾਹਨ ਵੀ ਸ਼ਾਮਿਲ ਸਨ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਟਰੈਫਿਕ ਜਾਮ ਲਈ ਕਿਸਾਨ ਨਹੀਂ, ਸਗੋਂ ਹਰਿਆਣਾ ਪੁਲਿਸ ਜ਼ਿੰਮੇਵਾਰ ਹੈ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਹਰਿਆਣਾ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਆਪਣੇ ਸੂਬੇ ’ਚ ਦਾਖ਼ਲ ਹੋਣ ਤੋਂ ਰੋਕਦੀ ਰਹੀ ਤਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਪੰਜਾਬ ਦੌਰੇ ਦਾ ਵਿਰੋਧ ਕੀਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਤੇ ਉਨ੍ਹਾਂ ਦੇ ਸਾਥੀਆਂ ਨੂੰ ਇਕ ਦਿਨ ਪਹਿਲਾਂ ਹੀ ਹਿਰਾਸਤ ’ਚ ਲੈ ਲਿਆ ਗਿਆ ਸੀ।

Ad Position 22
No active advertisement
ਪਿਛਲੀ ਖ਼ਬਰ ਜੰਗ ਵਿਚਕਾਰ ਪਾਕਿ ਪੁੱਜੇ ਈਰਾਨ ਦੇ ਗ੍ਰਹਿ ਮੰਤਰੀ ਮੋਮੇਨੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੋਫਾੜ
Ad Position 24