ਗੰਗਟੋਕ, 21 ਜੁਲਾਈ (ਪੀ.ਟੀ.ਆਈ)-ਸਿੱਕਮ ਦੇ ਨਾਮਚੀ ਜ਼ਿਲ੍ਹੇ ’ਚ ਇਕ ਨਿਰਮਾਣ ਅਧੀਨ ਸੁਰੰਗ ਢਹਿਣ ਨਾਲ 20 ਮਜ਼ਦੂਰਾਂ ਦੀ ਮੌਤ ਹੋ ਗਈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਗਿਣਤੀ ਵਧ ਸਕਦੀ ਹੈ, ਕਿਉਂਕਿ ਖੋਜ ਅਤੇ ਬਚਾਅ ਕਾਰਜ ਜਾਰੀ ਹਨ। ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਗ ਨੇ ਦੱਸਿਅ ਕਿ ਝੋਲੁੰਗੇ ਦੇ ਸਮਰਦੁੰਗ ’ਚ ਐਨ.ਐਚ.ਪੀ.ਸੀ. (ਨੈਸ਼ਨਲ ਹਾਈਡ੍ਰੋਇਲੈਕਟ੍ਰਿਕ ਪਾਵਰ ਕਾਰਪੋਰੇਸ਼ਨ) ਤੀਸਤਾ ਪਣ ਬਿਜਲੀ ਪ੍ਰਾਜੈਕਟ ਤਹਿਤ ਨਿਰਮਾਣ ਅਧੀਨ ਸੁਰੰਗ ਜ਼ਮੀਨ ਖਿਸਕਣ ਕਾਰਨ ਢਹਿ ਗਈ। ਮੁੱਖ ਮੰਤਰੀ ਨੇ ਦੱਸਿਆ ਕਿ ਉਸ ਸਮੇਂ ਪ੍ਰਾਜੈਕਟ ਅਧਿਕਾਰੀਆਂ ਅਤੇ ਕਰਮਚਾਰੀਆਂ ਸਮੇਤ ਕੁੱਲ 25 ਵਿਅਕਤੀ ਸੁਰੰਗ ’ਚ ਫਸ ਗਏ ਸਨ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨਾਲ ਫ਼ੋਨ ’ਤੇ ਗੱਲ ਕਰਕੇ ਰਾਹਤ ਅਤੇ ਬਚਾਅ ਕਾਰਜਾਂ ਦੀ ਜਾਣਕਾਰੀ ਲਈ। ਨਾਮਚੀ ਪੁਲਿਸ ਨੇ ਇਕ ਬਿਆਨ ’ਚ ਦੱਸਿਆ ਕਿ ਮੰਗਲਵਾਰ ਸਵੇਰੇ ਸਾਢੇ 9 ਵਜੇ ਤੱਕ 10 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਜਿਨ੍ਹਾਂ ’ਚੋਂ 7 ਦੀ ਪਛਾਣ ਹੋ ਗਈ ਹੈ, ਜਦੋਂਕਿ ਤਿੰਨ ਅਣਪਛਾਤੀਆਂ ਲਾਸ਼ਾਂ ਨੂੰ ਜ਼ਿਲ੍ਹਾ ਹਸਪਤਾਲ ਸਿੰਗਤਮ ਭੇਜ ਦਿੱਤਾ ਗਿਆ, ਜਿਨ੍ਹਾਂ ਸੱਤ ਮ੍ਰਿਤਕਾਂ ਦੀ ਪਛਾਣ ਹੋਈ ਹੈ, ਉਨ੍ਹਾਂ ’ਚੋਂ ਚਾਰ ਪੱਛਮੀ ਬੰਗਾਲ ਦੇ ਜਲਪਾਈਗੁੜੀ ਨਾਲ, ਇਕ-ਇਕ ਪੰਜਾਬ, ਅਸਾਮ ਅਤੇ ਦੇਹਰਾਦੂਨ (ਉੱਤਰਾਖੰਡ) ਨਾਲ ਸੰਬੰਧਿਤ ਹਨ।
ਪ੍ਰਧਾਨ ਮੰਤਰੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁਪਏ ਦੀ ਸਹਾਇਤਾ ਦਾ ਐਲਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਗ ਨਾਲ ਫ਼ੋਨ ’ਤੇ ਗੱਲ ਕੀਤੀ ਅਤੇ ਨਾਮਚੀ ਜ਼ਿਲ੍ਹੇ ਵਿਚ ਸੁਰੰਗ ਢਹਿਣ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ। ਪ੍ਰਧਾਨ ਮੰਤਰੀ ਨੇ ਹਾਦਸੇ ’ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਲਈ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਲਈ 50,000 ਰੁਪਏ ਦੀ ਐਕਸਗ੍ਰੇਸ਼ੀਆ ਦਾ ਐਲਾਨ ਕੀਤਾ।
ਸਿੱਕਮ ’ਚ ਨਿਰਮਾਣ ਅਧੀਨ ਸੁਰੰਗ ਢਹਿਣ ਨਾਲ 20 ਮੌਤਾਂ
ਅਜੀਤ ਡੈਸਕ
22-07-2026