ਨਵੀਂ ਦਿੱਲੀ, 23 ਜੁਲਾਈ (ਪੀ.ਟੀ.ਆਈ.)-ਸੀ.ਜੇ.ਪੀ ਦੇ ਚੱਲ ਰਹੇ ਅੰਦੋਲਨ ਨੂੰ ਲੈ ਕੇ ਤਣਾਅ ਵਧਣ ਕਾਰਨ ਸੱਤਾਧਾਰੀ ਐੱਨ.ਡੀ.ਏ ਅਤੇ ਵਿਰੋਧੀ ‘ਇੰਡੀਆ’ ਗੱਠਜੋੜ ਦੇ ਸੰਸਦ ਮੈਂਬਰ ਅੱਜ ਸੰਸਦ ਦੇ ਬਾਹਰ ਪੇਪਰ ਲੀਕ ਦੇ ਮੁੱਦੇ ’ਤੇ ਆਹਮੋ-ਸਾਹਮਣੇ ਹੋ ਗਏ। ਦੋਵਾਂ ਪਾਸਿਆਂ ਨੇ ਇੱਕ ਦੂਜੇ ਨੂੰ ਨਿੰਦਣ ਲਈ ਵਿਰੋਧੀ ਨਾਅਰੇਬਾਜ਼ੀ ਕੀਤੀ। ਸੱਤਾਧਾਰੀ ਐਨ.ਡੀ.ਏ. ਦੇ ਸੰਸਦ ਮੈਂਬਰਾਂ ਨੇ ਪੇਪਰ ਲੀਕ ਮਾਮਲੇ ਦਾ ਸਿਆਸੀਕਰਨ ਕਰਨ ਲਈ ਵਿਰੋਧੀਆਂ ਖਿਲਾਫ਼ ਨਾਅਰੇ ਲਗਾਏ ਜਦੋਂਕਿ ਵਿਰੋਧੀ ‘ਇੰਡੀਆ’ ਗੱਠਜੋੜ ਦੇ ਮੈਂਬਰਾਂ ਨੇ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੀ ਅਗਵਾਈ ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੇ ਕੀਤੀ। ਉਨ੍ਹਾਂ ਨੇ ‘ਪ੍ਰਧਾਨ ਨੂੰ ਬਰਖਾਸਤ ਕਰੋ’ ਦੇ ਬੈਨਰ ਚੁੱਕੇ ਹੋਏ ਸਨ। ਬਾਅਦ ’ਚ ਰਾਹੁਲ ਗਾਂਧੀ, ਅਖਿਲੇਸ਼ ਯਾਦਵ ਅਤੇ ਗੱਠਜੋੜ ਦੇ ਹੋਰ ਮੈਂਬਰ ਵੀ ਪ੍ਰਦਰਸ਼ਨ ’ਚ ਸ਼ਾਮਿਲ ਹੋਏ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਰਾਹੁਲ ਗਾਂਧੀ, ਅਖਿਲੇਸ਼ ਯਾਦਵ ਅਤੇ ‘ਇੰਡੀਆ’ ਗੱਠਜੋੜ ਦੇ ਹੋਰ ਆਗੂਆਂ ਨੇ ਆਪਣੇ ਵਿਰੋਧ ਪ੍ਰਦਰਸ਼ਨ ਦੀ ਰਣਨੀਤੀ ਸੰਬੰਧੀ ਮੀਟਿੰਗ ਵੀ ਕੀਤੀ। ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਉਨ੍ਹਾਂ ਨੌਜਵਾਨਾਂ ਦੀਆਂ ਅੱਖਾਂ ’ਚ ਦੇਖਣ ਜੋ ਵਿਰੋਧ ਪ੍ਰਦਰਸ਼ਨ ਦੌਰਾਨ ਸੜਕਾਂ ’ਤੇ ਜ਼ਖ਼ਮੀ ਹੋਏ ਹਨ। ਪ੍ਰਧਾਨ ਮੰਤਰੀ ਦੇ ਬਿਆਨ ਕਿ ਜੋ ਲੋਕ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨਗੇ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ, ਤੋਂ ਬਾਅਦ ਖੜਗੇ ਨੇ ਕਿਹਾ ਕਿ ਨੌਜਵਾਨਾਂ ਲਈ ਸਾਰੇ ਰਸਤੇ ਬੰਦ ਹੋ ਗਏ ਹਨ ਅਤੇ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਪੁੱਛਿਆ ਕਿ ਉਹ ਕਿੱਥੇ ਜਾਣ। ਐਕਸ ’ਤੇ ਇਸ ਪੋਸਟ ’ਚ ਖੜਗੇ ਨੇ ਕਿਹਾ ਕਿ ਨਰਿੰਦਰ ਮੋਦੀ ਜੀ ਤੁਹਾਡੀ ਦੇਖਰੇਖ ’ਚ ਸਿੱਖਿਆ ਵਿਵਸਥਾ ਖੋਖਲੀ ਹੋ ਗਈ ਹੈ। ਤੁਹਾਡੀ ਸਰਕਾਰ ਨੇ ਨੌਜਵਾਨਾਂ ’ਤੇ ਲਾਠੀਚਾਰਜ ਕੀਤਾ, ਪੈਲੇਟ ਗੰਨ ਅਤੇ ਡੰਡਿਆਂ ਦੀ ਵਰਤੋਂ ਕੀਤੀ ਅਤੇ ਨੌਜਵਾਨਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ, ਜਿਵੇਂ ਉਹ ਸਾਡੇ ਆਪਣੇ ਬੱਚੇ ਨਹੀਂ ਹਨ। ਉਨ੍ਹਾਂ ਕਿਹਾ ਕਿ ਆਪਣੇ ਏ.ਸੀ. ਆਲੀਸ਼ਾਨ ਮਹੱਲਾਂ ’ਚੋਂ ਬਾਹਰ ਨਿਕਲੋ ਅਤੇ ਉਨ੍ਹਾਂ ਨੌਜਵਾਨਾਂ ਦੀਆਂ ਅੱਖਾਂ ’ਚ ਝਾਤੀ ਮਾਰੋ, ਜੋ ਤੁਹਾਡੀ ਤਾਨਾਸ਼ਾਹੀ ਖ਼ਿਲਾਫ਼ ਲੜਦੇ ਹੋਏ ਸੜਕਾਂ ’ਤੇ ਜ਼ਖ਼ਮੀ ਹੋਏ ਹਨ।
‘ਇੰਡੀਆ’ ਗੱਠਜੋੜ ਤੇ ਐੱਨ.ਡੀ.ਏ. ਸੰਸਦ ਮੈਂਬਰ ਆਹਮੋ-ਸਾਹਮਣੇ
ਅਜੀਤ ਡੈਸਕ
24-07-2026