03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ, ਕੌਮੀ ਏਕਤਾ ਤੇ ਪੰਥਕ ਚੇਤਨਾ ਦੇ ਸੰਦੇਸ਼ ਨਾਲ ਮੀਰੀ ਪੀਰੀ ਖ਼ਾਲਸਾ ਮਾਰਚ ਆਰੰਭ

Ad Position 21
No active advertisement
ਅਜੀਤ ਡੈਸਕ 25-07-2026

ਜਸਵੰਤ ਸਿੰਘ ਜੱਸ
ਅੰਮ੍ਰਿਤਸਰ, 24 ਜੁਲਾਈ- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਕੇਵਲ 11 ਵਰ੍ਹਿਆਂ ਦੀ ਉਮਰ ਵਿਚ ਮੀਰੀ ਤੇ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕਰਨ ਦੇ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖ਼ਤ ਸਾਹਿਬ ਵਲੋਂ ਵਿਸ਼ਾਲ ਮੀਰੀ- ਪੀਰੀ ਖ਼ਾਲਸਾ ਮਾਰਚ ਅੱਜ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਾਈ ਜਾਹੋ ਜਲਾਲ ਅਤੇ ਜੈਕਾਰਿਆਂ ਦੀ ਗੂੰਜ ਵਿਚ ਆਰੰਭ ਕੀਤਾ ਗਿਆ। ਸਿੱਖ ਧਰਮ ਦੇ ਮੀਰੀ-ਪੀਰੀ ਦੇ ਮਹਾਨ ਸਿਧਾਂਤ ਨੂੰ ਸੰਗਤਾਂ ਖ਼ਾਸਕਰ ਅਜੋਕੀ ਪੀੜ੍ਹੀ ਤੱਕ ਪਹੁੰਚਾਉਣ, ਕੌਮੀ ਏਕਤਾ ਤੇ ਪੰਥਕ ਚੇਤਨਾ ਨੂੰ ਹੋਰ ਮਜ਼ਬੂਤ ਕਰਨ ਤੇ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੇ ਸੰਦੇਸ਼ ਦੇਣ ਦੇ ਨਾਲ-ਨਾਲ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਦੇ ਪ੍ਰਚਾਰ ਪ੍ਰਸਾਰ ਹਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਆਰੰਭ ਕੀਤੇ ਗਏ ਇਸ 12 ਦਿਨਾ ਖ਼ਾਲਸਾ ਮਾਰਚ ਦੀ ਸਵੇਰੇ ਕਰੀਬ 10 ਵਜੇ ਸ਼ੁਰੂਆਤ ਹੋਈ। ਸ੍ਰੀ ਦਰਬਾਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ ਡਾ: ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ, ਬਿਕਰਮ ਸਿੰਘ ਮਜੀਠੀਆ, ਮਹੇਸ਼ ਇੰਦਰ ਸਿੰਘ ਗਰੇਵਾਲ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਤੇ ਗਗਨਜੀਤ ਸਿੰਘ ਬਰਨਾਲਾ ਅਤੇ ਨਿਹੰਗ ਸਿੰਘ ਜਥੇਬੰਦੀ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਸ਼ਾਮਿਲ ਸਨ।ਨਿਹੰਗ ਸਿੰਘ ਦਲ ਪੰਥ ਵਲੋਂ ਹਾਥੀ, ਊਠ ਤੇ ਘੋੜਿਆਂ ਸਮੇਤ ਕੀਤੀ ਸ਼ਮੂਲੀਅਤ ਨੇ ਖ਼ਾਲਸਾ ਮਾਰਚ ਦੇ ਖ਼ਾਲਸਾਈ ਜਲੌਅ ਵਿਚ ਹੋਰ ਵਾਧਾ ਕੀਤਾ। ਮਿੰਨੀ ਹੈਲੀਕਾਪਟਰਨੁਮਾ ਡਰੋਨ ਵਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਤੇ ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਅਕਾਲੀ ਆਗੂਆਂ ਅਤੇ ਸੰਗਤਾਂ ਵਲੋਂ ਖ਼ਾਲਸਾ ਮਾਰਚ ਅਤੇ ਇਸ ਵਿਚ ਸ਼ਾਮਿਲ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ ਗਿਆ।
ਸਦੀਆਂ ਤੋਂ ਅਕਾਲ ਤਖ਼ਤ ਸਿੱਖ ਪੰਥ ਲਈ ਪ੍ਰੇਰਨਾ ਦਾ ਸਰੋਤ-ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਦੁਆਰਾ ਬਖ਼ਸ਼ਿਸ਼ ਮੀਰੀ ਪੀਰੀ ਦੇ ਨਿਵੇਕਲੇ ਸਿਧਾਂਤ ਨੇ ਸਿੱਖ ਕੌਮ ਨੂੰ ਆਤਮਿਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਅਦੁੱਤੀ ਸੰਤੁਲਨ ਪ੍ਰਦਾਨ ਕੀਤਾ ਹੈ, ਜੋ ਸਦੀਆਂ ਤੋਂ ਕਈ ਤਰ੍ਹਾਂ ਦੀਆਂ ਚੁਣੌਤੀਆਂ ਦੇ ਬਾਵਜੂਦ ਸਿੱਖ ਪੰਥ ਲਈ ਸਦਾ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਅੱਜ ਆਰੰਭ ਕੀਤੇ ਗਏ ਖ਼ਾਲਸਾ ਮਾਰਚ ਦਾ ਮਕਸਦ ਇਸ ਮਹਾਨ ਵਿਰਾਸਤ ਨੂੰ ਘਰ-ਘਰ ਤੀਕ ਪਹੁੰਚਾਉਣਾ ਅਤੇ ਨੌਜੁਆਨ ਪੀੜ੍ਹੀ ਨੂੰ ਗੁਰਬਾਣੀ, ਗੁਰਮਤਿ ਅਤੇ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨਾਲ ਜੋੜਨ ਦਾ ਇਕ ਉਪਰਾਲਾ ਹੈ।
ਅਕਾਲ ਤਖ਼ਤ ਸਾਹਿਬ ਦਾ ਹਰ ਆਦੇਸ਼ ਪੰਥ ਲਈ ਅਹਿਮੀਅਤ ਰੱਖਦਾ-ਸੁਖਬੀਰ
ਇਸੇ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸੰਖੇਪ ਗੱਲਬਾਤ ਦੌਰਾਨ ਸੰਗਤਾਂ ਨੂੰ ਮੀਰੀ ਪੀਰੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਮੀਰੀ ਪੀਰੀ ਖ਼ਾਲਸਾ ਮਾਰਚ ਵਿਚ ਹਰ ਸਿੱਖ ਨੂੰ ਸ਼ਮੂਲੀਅਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦਾ ਹਰ ਆਦੇਸ਼ ਪੰਥ ਲਈ ਅਹਿਮੀਅਤ ਰੱਖਦਾ ਹੈ ਅਤੇ ਪੂਰੀ ਕੌਮ ਨੂੰ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਰੌਸ਼ਨੀ ਵਿਚ ਸਜਾਏ ਜਾ ਰਹੇ ਇਸ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਹਿੱਸਾ ਬਣਨਾ ਚਾਹੀਦਾ ਹੈ।
ਘੰਟਾ ਘਰ ਪਲਾਜ਼ਾ, ਵਿਰਾਸਤੀ ਮਾਰਗ ਅਤੇ ਹਾਲ ਗੇਟ ਆਦਿ ਰਾਹੀਂ ਅਗਲੇ ਪੜਾਅ ਗੁ: ਬੀੜ ਬਾਬਾ ਬੁੱਢਾ ਸਾਹਿਬ ਲਈ ਰਵਾਨਾ ਹੋਏ ਖ਼ਾਲਸਾ ਮਾਰਚ, ਜਿਸ ਵਿਚ ਛੇਵੇਂ ਪਾਤਿਸ਼ਾਹ ਦੀਆਂ ਮੀਰੀ ਪੀਰੀ ਦੀਆਂ ਸ੍ਰੀ ਸਾਹਿਬਾਂ ਦੇ ਵੀ ਸੰਗਤਾਂ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ, ਦਾ ਵੱਖ-ਵੱਖ ਥਾਵਾਂ ’ਤੇ ਨਿੱਘਾ ਸਵਾਗਤ ਕੀਤਾ ਗਿਆ।
ਕੌਣ-ਕੌਣ ਹੋਏ ਸ਼ਾਮਿਲ
ਖ਼ਾਲਸਾ ਮਾਰਚ ਦੀ ਰਵਾਨਗੀ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ, ਗਿਆਨੀ ਕੇਵਲ ਸਿੰਘ, ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਅਕਾਲੀ ਆਗੂ ਜਥੇ: ਗੁਲਜ਼ਾਰ ਸਿੰਘ ਰਣੀਕੇ, ਦਰਬਾਰਾ ਸਿੰਘ ਗੁਰੂ, ਸੁੱਚਾ ਸਿੰਘ ਲੰਗਾਹ, ਸਿਕੰਦਰ ਸਿੰਘ ਮਲੂਕਾ, ਹੀਰਾ ਸਿੰਘ ਗਾਬੜੀਆ, ਤਜਿੰਦਰ ਸਿੰਘ ਮਿੱਡੂਖੇੜਾ, ਐਡਵੋਕੇਟ ਅਰਸ਼ਦੀਪ ਸਿੰਘ ਕਲੇਰ, ਸਰਬਜੀਤ ਸਿੰਘ ਝਿੰਜਰ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਗੁਰਬਚਨ ਸਿੰਘ ਬੱਬੇਹਾਲੀ, ਬੀਬੀ ਹਰਗੋਬਿੰਦ ਕੌਰ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਗੁਰਪ੍ਰੀਤ ਸਿੰਘ ਝੱਬਰ, ਗੁਰਮੀਤ ਸਿੰਘ ਬੂਹ, ਖ਼ੁਸ਼ਵਿੰਦਰ ਸਿੰਘ ਭਾਟੀਆ, ਸੁਰਜੀਤ ਸਿੰਘ ਤੁਗਲਵਾਲ, ਸੁਰਜੀਤ ਸਿੰਘ ਗੜ੍ਹੀ, ਮੰਗਵਿੰਦਰ ਸਿੰਘ ਖਾਪੜਖੇੜੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵੱਢ, ਜੋਧ ਸਿੰਘ ਸਮਰਾ, ਗੁਰਿੰਦਰਪਾਲ ਸਿੰਘ ਰਣੀਕੇ, ਗੁਰਬਚਨ ਸਿੰਘ ਕਰਮੂੰਵਾਲਾ, ਪਰਮਜੀਤ ਸਿੰਘ ਲੱਖੇਵਾਲ, ਕੇਵਲ ਸਿੰਘ ਬਾਦਲ, ਭਾਈ ਅਜੈਬ ਸਿੰਘ ਅਭਿਆਸੀ, ਸੁਖਵਰਸ ਸਿੰਘ ਪੰਨੂ, ਜਥੇਦਾਰ ਕੌਰ ਸਿੰਘ, ਰਘਬੀਰ ਸਿੰਘ ਸਹਾਰਨਮਾਜਰਾ, ਅਜਮੇਰ ਸਿੰਘ ਖੇੜਾ, ਨਵਤੇਜ ਸਿੰਘ ਕਾਉਣੀ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਅਵਤਾਰ ਸਿੰਘ ਵਣਵਾਲਾ, ਗੁਰਨਾਮ ਸਿੰਘ ਜੱਸਲ, ਹਰਜਿੰਦਰ ਸਿੰਘ ਪਵਾਤ, ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ, ਰਣਬੀਰ ਸਿੰਘ ਰਾਣਾ ਲੋਪੋਕੇ, ਰਾਜਵਿੰਦਰ ਸਿੰਘ ਰਾਜਾ ਲਦੇਹ, ਓ.ਐਸ.ਡੀ. ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਪ੍ਰੀਤਪਾਲ ਸਿੰਘ, ਜਸਵਿੰਦਰ ਸਿੰਘ ਜੱਸੀ, ਭਗਵੰਤ ਸਿੰਘ ਧੰਗੇੜਾ, ਬਲਵਿੰਦਰ ਸਿੰਘ ਖੈਰਾਬਾਦ, ਮੀਤ ਸਕੱਤਰ ਗੁਰਨਾਮ ਸਿੰਘ, ਗੁਰਦਿਆਲ ਸਿੰਘ, ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਗੁਰਮੀਤ ਸਿੰਘ ਮੁਕਤਸਰੀ, ਅਜ਼ਾਦਦੀਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ, ਮੈਨੇਜਰ ਰਜਿੰਦਰ ਸਿੰਘ ਰੂਬੀ, ਨਰਿੰਦਰ ਸਿੰਘ ਮਥਰੇਵਾਲ, ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਰਜਿੰਦਰ ਸਿੰਘ ਚੰਦੀ ਫਗਵਾੜਾ, ਗੁਰਦੀਪ ਸਿੰਘ ਖੇੜਾ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਤੇ ਨਿਸ਼ਾਨ ਸਿੰਘ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਸਤਨਾਮ ਸਿੰਘ ਗੁਰੂ ਕਾ ਬਾਗ, ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਬਾਬਾ ਕਸ਼ਮੀਰ ਸਿੰਘ ਬਟਾਲਾ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਬਲਦੇਵ ਸਿੰਘ ਮੁਸਤਫਾਪੁਰ, ਬਾਬਾ ਸੁਖਪਾਲ ਸਿੰਘ ਮਾਲਵਾ ਤਰਨਾ ਦਲ, ਬਾਬਾ ਸ਼ਮਸ਼ੇਰ ਸਿੰਘ ਬਾਲੇਵਾਲ, ਬਾਬਾ ਬਿਕਰਮ ਸਿੰਘ ਔਰੰਗਾਬਾਦ, ਸਰਬਜੀਤ ਸਿੰਘ ਮੋਮੀ ਜ਼ਿਲ੍ਹਾ ਪ੍ਧਾਨ ਬੀ.ਸੀ. ਵਿੰਗ ਹੁਸ਼ਿਆਰਪੁਰ, ਬੀਬੀ ਜਸਵਿੰਦਰ ਕੌਰ ਸੋਹਲ, ਰਜਿੰਦਰ ਸਿੰਘ ਮਰਵਾਹ, ਸੁਰਜੀਤ ਸਿੰਘ ਭਲਵਾਨ, ਗੁਰਪ੍ਰੀਤ ਸਿੰਘ ਰੰਧਾਵਾ, ਪ੍ਰੇਮ ਕੁਮਾਰ ਅਰੋੜਾ ਸਮੇਤ ਪੰਥਕ ਜਥੇਬੰਦੀਆਂ ਦੇ ਆਗੂ, ਸ਼੍ਰੋਮਣੀ ਕਮੇਟੀ ਮੁਲਾਜ਼ਮ ਅਤੇ ਸੰਗਤਾਂ ਮੌਜੂਦ ਸਨ। ਪ੍ਰਾਪਤ ਵੇਰਵਿਆਂ ਅਨੁਸਾਰ ਇਹ ਖ਼ਾਲਸਾ ਮਾਰਚ ਅੱਜ ਰਾਤ ਗੁ: ਬੀੜ ਬਾਬਾ ਬੁੱਢਾ ਸਾਹਿਬ ਝਬਾਲ ਵਿਖੇ ਵਿਸ਼ਰਾਮ ਕਰਨ ਉਪਰੰਤ ਕੱਲ੍ਹ 25 ਜੁਲਾਈ ਨੂੰ ਸਵੇਰੇ ਅਗਲੇ ਪੜਾਅ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਲਈਂ ਰਵਾਨਾ ਹੋਵੇਗਾ ਤੇ 4 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ।
ਜਥੇਦਾਰ ਗੜਗੱਜ ਵਲੋਂ ਕੌਮ ਦੇ ਨਾਂਅ ਸੰਦੇਸ਼
ਮੀਰੀ ਪੀਰੀ ਖ਼ਾਲਸਾ ਮਾਰਚ ਦੀ ਰਵਾਨਗੀ ਤੋਂ ਪਹਿਲਾਂ ਅਕਾਲ ਤਖ਼ਤ ਸਾਹਿਬ ਵਿਖੇ ਸੰਗਤਾਂ ਦੇ ਨਾਂਅ ਸੰਦੇਸ਼ ਜਾਰੀ ਕਰਦਿਆਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਛੇਵੇਂ ਪਾਤਿਸ਼ਾਹ ਵਲੋਂ ਬਖ਼ਸ਼ਿਆ ਮੀਰੀ ਪੀਰੀ ਦਾ ਸਿਧਾਂਤ ਸਿੱਖੀ ਦੀ ਰੂਹ ਹੈ, ਜੋ ਮਨੁੱਖ ਨੂੰ ਇਕ ਪਾਸੇ ਅਕਾਲ ਪੁਰਖ ਨਾਲ ਜੋੜਦਾ ਹੈ ਅਤੇ ਦੂਜੇ ਪਾਸੇ ਜ਼ੁਲਮ, ਬੇਇਨਸਾਫ਼ੀ ਤੇ ਅਨਿਆਂ ਦੇ ਵਿਰੁੱਧ ਡਟ ਕੇ ਖੜ੍ਹਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸਿੱਖ ਕੌਮ ਨੇ ਮੀਰੀ ਪੀਰੀ ਦੇ ਸਿਧਾਂਤ ਨੂੰ ਅਪਣਾ ਕੇ ਹਰ ਚੁਣੌਤੀ ਦਾ ਡਟ ਕੇ ਸਾਹਮਣਾ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਮੀਰੀ ਪੀਰੀ ਦੇ ਸੰਕਲਪ ਨੂੰ ਸਮਝਣ ਅਤੇ ਅਪਨਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਜੇਕਰ ਅਕਾਲ ਤਖ਼ਤ ਸਾਹਿਬ ਦੀ ਰਹਿਨੁਮਾਈ ਹੇਠ ਇਕਜੁੱਟ ਰਹਾਂਗੇ, ਤਾਂ ਕੋਈ ਵੀ ਤਾਕਤ ਆਪਣੇ ਮਨਸੂਬਿਆਂ ਵਿਚ ਕਾਮਯਾਬ ਨਹੀਂ ਹੋ ਸਕੇਗੀ।

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਅਸਤੀਫ਼ਾ ਅਗਲੀ ਖ਼ਬਰ ਪੇਪਰ ਲੀਕ ਮਾਮਲੇ ’ਚ ਐਨ.ਟੀ.ਏ. ਵਲੋਂ 47 ਅਧਿਕਾਰੀ ਬਰਖਾਸਤ
Ad Position 24
No active advertisement