ਸਫ਼ਾਈ ਸੇਵਕਾਂ ’ਤੇ ਲਾਠੀਚਾਰਜ ਕਰਨ ਵਾਲਾ ਬਰਨਾਲਾ ਦਾ ਡੀ.ਐਸ.ਪੀ. ਮੁਅੱਤਲ
ਅਜੀਤ ਡੈਸਕ
25-07-2026
ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਦੇ ਦਖ਼ਲ ਮਗਰੋਂ ਹੋਈ ਕਾਰਵਾਈ
ਚੰਡੀਗੜ੍ਹ, (ਸੰਦੀਪ ਕੁਮਾਰ ਮਾਹਨਾ) - ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ (ਐੱਨ.ਸੀ.ਐੱਸ.ਕੇ.) ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਵਲੋਂ ਮਾਮਲੇ ਦਾ ਸੂ ਮੋਟੋ ਨੋਟਿਸ ਲੈ ਕੇ ਪੰਜਾਬ ਸਰਕਾਰ ਤੋਂ ਸੱਤ ਦਿਨਾਂ ਅੰਦਰ ਤੱਥਾਂ ’ਤੇ ਆਧਾਰਿਤ ਰਿਪੋਰਟ ਤਲਬ ਕੀਤੇ ਜਾਣ ਤੋਂ ਬਾਅਦ ਡੀ.ਐਸ.ਪੀ. ਸਤਵੀਰ ਸਿੰਘ ਦੀ ਮੁਅੱਤਲੀ ਦੀ ਕਾਰਵਾਈ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਗਿੱਲ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਭੇਜੇ ਪੱਤਰ ਵਿਚ ਕਿਹਾ ਸੀ ਕਿ ਮੀਡੀਆ ਰਿਪੋਰਟਾਂ ਅਨੁਸਾਰ ਬਰਨਾਲਾ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ਵਿਰੁੱਧ ਪੁਲਿਸ ਵਲੋਂ ਕਥਿਤ ਤੌਰ ’ਤੇ ਬਲ ਪ੍ਰਯੋਗ ਕੀਤਾ ਗਿਆ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੇ ਅਧਿਕਾਰਾਂ, ਸਨਮਾਨ ਅਤੇ ਸੁਰੱਖਿਆ ਦੀ ਰੱਖਿਆ ਕਰਨਾ ਸਰਕਾਰ ਦੀ ਸੰਵਿਧਾਨਕ ਜ਼ਿੰਮੇਵਾਰੀ ਹੈ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਕਿਸੇ ਵੀ ਕਥਿਤ ਉਲੰਘਣਾ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ।