ਲਖਨਊ, 24 ਜੁਲਾਈ (ਪੀ.ਟੀ.ਆਈ.)-ਅਧਿਕਾਰੀਆਂ ਨੇ ਦੱਸਿਆ ਕਿ 450 ਕਰੋੜ ਰੁਪਏ ਦੇ ਬੈਂਕ ਕਰਜ਼ਾ ਧੋਖਾਧੜੀ ਮਾਮਲੇ ਵਿਚ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸ਼ੁੱਕਰਵਾਰ ਨੂੰ ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿਚ ਛਾਪੇਮਾਰੀ ਕੀਤੀ।ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀ ਦੇ ਲਖਨਊ ਜ਼ੋਨਲ ਦਫ਼ਤਰ ਨੇ ‘ਸੰਤੋਸ਼ ਓਵਰਸੀਜ਼ ਲਿਮਟਿਡ’ ਨਾਂਅ ਦੀ ਕੰਪਨੀ, ਇਸ ਦੇ ਪ੍ਰਮੋਟਰਾਂ ਅਤੇ ਇਸ ਨਾਲ ਜੁੜੀਆਂ ਸੰਸਥਾਵਾਂ ਵਿਰੁੱਧ ਆਪਣੀ ਜਾਂਚ ਦੇ ਹਿੱਸੇ ਵਜੋਂ ਰਾਸ਼ਟਰੀ ਰਾਜਧਾਨੀ ਅਤੇ ਇਨ੍ਹਾਂ ਦੋਵਾਂ ਸੂਬਿਆਂ ਵਿਚ 8 ਥਾਵਾਂ ‘ਤੇ ਛਾਪੇਮਾਰੀ ਕੀਤੀ।ਇਹ ਕਾਰਵਾਈ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ.ਐੱਮ.ਐੱਲ.ਏ.) ਦੇ ਤਹਿਤ ਕੀਤੀ ਗਈ ਸੀ। ਅਧਿਕਾਰੀਆਂ ਨੇ ਕਿਹਾ ਕਿ ਈ.ਡੀ. ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੇ ਇੱਕ ਮਾਮਲੇ ਨਾਲ ਜੁੜੀ ਹੋਈ ਹੈ, ਜਿਸ ਵਿਚ ਬੈਂਕਾਂ ਦੇ ਇੱਕ ਸਮੂਹ ਤੋਂ ਲਏ ਗਏ 450 ਕਰੋੜ ਰੁਪਏ ਦੇ ਕਰਜ਼ੇ ਵਿੱਚ ਕਥਿਤ ਧੋਖਾਧੜੀ ਸ਼ਾਮਿਲ ਹੈ।