01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

‘ਆਪ’ ਸਰਕਾਰ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਸਾਕਾਰ ਕਰਨ ਲਈ ਵਚਨਬੱਧ-ਮੁੱਖ ਮੰਤਰੀ

Ad Position 21
No active advertisement
ਅਜੀਤ ਡੈਸਕ 01-08-2026

ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ (ਸੱਗੂ, ਭੁੱਲਰ, ਧਾਲੀਵਾਲ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਦੀ ਉਸ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ, ਜਿਸ ਤਹਿਤ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਜੂਲੇ ਤੋਂ ਆਜ਼ਾਦ ਕਰਵਾਉਣ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ। ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਇਨਕਲਾਬੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਅਦੁੱਤੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਸ਼ਕਾਮ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ ਤੇ ਦੇਸ਼ ਇਸ ਮਹਾਨ ਸ਼ਹੀਦ ਦਾ ਹਮੇਸ਼ਾ ਰਿਣੀ ਰਹੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ ’ਤੇ ਫੁੱਲ ਮਾਲਾਵਾਂ ਭੇਟ ਕਰ ਕੇ ਸ਼ਰਧਾਂਜਲੀ ਦਿੱਤੀ। ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ’ਤੇ ਲਿਖਿਆ ਕਿ “ਜਲ੍ਹਿਆਂਵਾਲਾ ਬਾਗ਼ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਮੈਂ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਾ ਹਾਂ। ਦੇਸ਼ ਦੀ ਆਨ ਅਤੇ ਸ਼ਾਨ ਲਈ ਉਨ੍ਹਾਂ ਦੀ ਅਦੁੱਤੀ ਕੁਰਬਾਨੀ ਸਾਡੇ ਸਾਰਿਆਂ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ।’’ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ “ਸ਼ਹੀਦ ਊਧਮ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਨਿਛਾਵਰ ਕੀਤੀ। ਇਸ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਵਾਲੇ ਇਸ ਪਵਿੱਤਰ ਮੌਕੇ ਦਾ ਹਿੱਸਾ ਬਣਨਾ ਮੇਰੇ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ।’’ ਭਾਰਤ ਦੇ ਸੁਤੰਤਰਤਾ ਸੰਗਰਾਮ ’ਚ ਦੇਸ਼ ਦੇ ਅਣਗਿਣਤ ਸੂਰਬੀਰ ਧੀਆਂ-ਪੁੱਤਾਂ ਨੇ ਆਪਣੀਆਂ ਜਾਨਾਂ ਵਾਰੀਆਂ, ਤਾਂ ਜੋ ਦੇਸ਼ ਨੂੰ ਆਜ਼ਾਦ ਕਰਵਾ ਕੇ ਕਮਜ਼ੋਰ ਅਤੇ ਪਛੜੇ ਵਰਗਾਂ ਦੀ ਭਲਾਈ ਲਈ ਬਰਾਬਰੀ ਵਾਲੇ ਸਮਾਜ ਦੀ ਨੀਂਹ ਰੱਖੀ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਅਸੀਂ ਇਥੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਇਸ ਮਹਾਨ ਦੇਸ਼ ਭਗਤ ਪ੍ਰਤੀ ਆਪਣਾ ਅਥਾਹ ਸਤਿਕਾਰ ਪ੍ਰਗਟ ਕਰਨ ਲਈ ਇਕੱਠੇ ਹੋਏ ਹਾਂ। ਉਨ੍ਹਾਂ ਤਤਕਾਲੀ ਬ੍ਰਿਟਿਸ਼ ਹਕੂਮਤ ਵਲੋਂ ਜਲ੍ਹਿਆਂਵਾਲਾ ਬਾਗ ਵਿਖੇ ਕੀਤੇ ਗਏ ਕਤਲੇਆਮ ਦਾ ਬਦਲਾ ਲਿਆ। ਸ਼ਹੀਦ ਊਧਮ ਸਿੰਘ ਨੇ ਲੰਡਨ ਦੇ ਕੈਕਸਟਨ ਹਾਲ ਵਿਖੇ ਮਾਈਕਲ ਓਡਵਾਇਰ ਨੂੰ ਉਸ ਦੇ ਕੀਤੇ ਦੀ ਸਜ਼ਾ ਦੇ ਕੇ ਇਨਸਾਫ਼ ਯਕੀਨੀ ਬਣਾਇਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ “ਇਹ ਇਕ ਪਵਿੱਤਰ ਧਰਤੀ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਲੋਕ ਸ਼ਹੀਦ ਊਧਮ ਸਿੰਘ ਦੇ ਅਦੁੱਤੀ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਸ਼ਰਧਾਂਜਲੀ ਭੇਟ ਕਰਨ ਆਉਂਦੇ ਹਨ।’’ ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ, ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਬਰਿੰਦਰ ਗੋਇਲ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਜਗਦੀਪ ਸਿੰਘ ਗੋਲਡੀ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਮੈਨੂੰ ਬੁਰਾ ਭਲਾ ਕਹਿਣ ਵਾਲਿਆਂ ਨੂੰ ਮੈਂ ਮੁਆਫ਼ ਕਰਦਾ ਹਾਂ-ਮੋਦੀ ਅਗਲੀ ਖ਼ਬਰ ਕਿਸਾਨ ਸਨਮਾਨ ਨਿਧੀ ਅਗਲੇ 5 ਸਾਲਾਂ ਤੱਕ ਜਾਰੀ ਰੱਖਣ ਨੂੰ ਮਨਜ਼ੂਰੀ
Ad Position 24
No active advertisement