ਚੰਡੀਗੜ੍ਹ, 8 ਅਗਸਤ (ਪ੍ਰੋ. ਅਵਤਾਰ ਸਿੰਘ) - ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਹੈ। ਉਨ੍ਹਾਂ ਨੇ ਇਸ ਸੰਬੰਧੀ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਹਵਾਰਾ ਦੀ ਬਜ਼ੁਰਗ ਮਾਤਾ ਦੀ ਵਿਗੜ ਰਹੀ ਸਿਹਤ ਦਾ ਹਵਾਲਾ ਦਿੰਦਿਆਂ ਉਸ ਨੂੰ ਆਪਣੀ ਮਾਤਾ ਨਾਲ ਮਿਲਣ ਲਈ ਪੈਰੋਲ ਦੇਣ ਦੀ ਅਪੀਲ ਕੀਤੀ। ਮੁੱਖ ਮੰਤਰੀ ਵਲੋਂ ਹੁਣ ਰਾਜਪਾਲ ਨੂੰ ਕੀਤੀ ਗਈ ਇਹ ਸਿਫ਼ਾਰਸ਼ ਇਸ ਮਾਮਲੇ ਵਿਚ ਅਹਿਮ ਕਦਮ ਮੰਨੀ ਜਾ ਰਹੀ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਇਹ ਮਾਮਲਾ ਲਿਆਂਦਾ ਗਿਆ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਜੀ ਦੀ ਉਮਰ ਵੱਧ ਹੋਣ ਕਾਰਨ ਸਿਹਤ ਸੰਬੰਧੀ ਸਮੱਸਿਆਵਾਂ ਦੇ ਚਲਦਿਆਂ ਸਿਹਤ ਠੀਕ ਨਹੀਂ ਰਹਿ ਰਹੀ। ਪੱਤਰ ਵਿਚ ਇਹ ਵੀ ਜ਼ਿਕਰ ਕੀਤਾ ਗਿਆ ਕਿ ਭਾਈ ਜਗਤਾਰ ਸਿੰਘ ਹਵਾਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਕੇ ਪੈਰੋਲ ’ਤੇ ਰਿਹਾਅ ਕਰਨ ਸੰਬੰਧੀ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ। ਪੱਤਰ ਅਨੁਸਾਰ ਅਦਾਲਤ ਵਲੋਂ ਉਸ ਦੀ ਪੈਰੋਲ ਅਰਜ਼ੀ ’ਤੇ ਵਿਚਾਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਰਾਜਪਾਲ ਨੂੰ ਅਪੀਲ ਕਰਦਿਆਂ ਕਿਹਾ ਕਿ ਮਨੁੱਖੀ ਹਮਦਰਦੀ ਦੇ ਆਧਾਰ ’ਤੇ ਭਾਈ ਹਵਾਰਾ ਦੀ ਮਾਤਾ ਜੀ ਦੀ ਵਿਗੜ ਰਹੀ ਸਿਹਤ ਨੂੰ ਧਿਆਨ ’ਚ ਰੱਖਦਿਆਂ ਉਸ ਨੂੰ 10 ਦਿਨਾਂ ਦੀ ਪੈਰੋਲ ਦਿੱਤੀ ਜਾਵੇ, ਤਾਂ ਜੋ ਉਹ ਆਪਣੀ ਬਜ਼ੁਰਗ ਮਾਤਾ ਨਾਲ ਮੁਲਾਕਾਤ ਕਰ ਸਕਣ। ਇਸ ਮਾਮਲੇ ਨੂੰ ਲੈ ਕੇ ਪਿਛਲੇ ਸਮੇਂ ਤੋਂ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਉੱਠਦੀ ਰਹੀ ਹੈ। ਫਰਵਰੀ 2026 ਵਿਚ ਹਵਾਰਾ ਦੇ ਜੱਦੀ ਪਿੰਡ ਹਵਾਰਾ ਕਲਾਂ ਵਿਖੇ ਹੋਏ ਇਕੱਠ ਦੌਰਾਨ ਵੀ ਉਸ ਦੀ ਬਜ਼ੁਰਗ ਅਤੇ ਬਿਮਾਰ ਮਾਤਾ ਨੂੰ ਮਿਲਣ ਲਈ ਪੈਰੋਲ ਦੇਣ ਦੀ ਮੰਗ ਕੀਤੀ ਗਈ ਸੀ।
ਮੁੱਖ ਮੰਤਰੀ ਨੇ ਭਾਈ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਦੀ ਕੀਤੀ ਸਿਫ਼ਾਰਸ਼
ਚੰਡੀਗੜ੍ਹ, 8 ਅਗਸਤ (ਪ੍ਰੋ. ਅਵਤਾਰ ਸਿੰਘ) - ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਹੈ। ਉਨ੍ਹਾਂ ਨੇ ਇਸ ਸੰਬੰਧੀ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਹਵਾਰਾ ਦੀ ਬਜ਼ੁਰਗ...
ਅਜੀਤ ਡੈਸਕ
09-08-2026