ਬਾਹਰਲੇ ਉਮੀਦਵਾਰਾਂ ਨੂੰ 70 ਫ਼ੀਸਦੀ ਨੌਕਰੀਆਂ ਦੇਣ ਸੰਬੰਧੀ ਸਫੇਦ ਪੱਤਰ ਜਾਰੀ ਕਰਨ ਦੀ ਮੰਗ
ਚੰਡੀਗੜ੍ਹ, 10 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਆਖ਼ਰੀ ਦਿਨ ਵਿਰੋਧੀ ਧਿਰ ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਕੰਪਲੈਕਸ ਦੇ ਅੰਦਰ ਤੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰ ਕਾਂਗਰਸੀ ਵਿਧਾਇਕਾਂ ਨੇ ਨਸ਼ਿਆਂ ਸਮੇਤ ਹੋਰ ਵੱਖ-ਵੱਖ ਮੁੱਦਿਆਂ ’ਤੇ ਸਰਕਾਰ ਦੀ ਘੇਰਾਬੰਦੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਮੁੱਦੇ ’ਤੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਾਂਗਰਸੀ ਵਿਧਾਇਕਾਂ ਨੇ ਕਿਹਾ ਕਿ ਆਮ ਅਦਾਮੀ ਪਾਰਟੀ ਵਲੋਂ ਸੱਤਾ ’ਚ ਆਉਣ ਤੋਂ ਪਹਿਲਾਂ ਪੰਜਾਬ ਅੰਦਰੋਂ ਕੁਝ ਹਫ਼ਤਿਆਂ ਵਿਚ ਨਸ਼ਾ ਖ਼ਤਮ ਕਰਨ ਦੀ ਗੱਲ ਕੀਤੀ ਗਈ ਸੀ ਪਰ ਸਰਕਾਰ ਅਜਿਹਾ ਕਰਨ ਵਿਚ ਬੁਰੀ ਤਰ੍ਹਾਂ ਅਸਫਲ ਰਹੀ। ਇਸ ਦੇ ਇਲਾਵਾ ਅੱਜ ਇਜਲਾਸ ਦੇ ਆਖਰੀ ਦਿਨ ਲੰਬੇ ਇਜਲਾਸ ’ਚ ਕੁਝ ਨਾ ਕਰਦਿਆਂ ਅੱਜ ਇੱਕੋ ਦਿਨ ਵਿਚ 8 ਬਿੱਲ ਰੱਖ ਲਏ ਹਨ ਅਤੇ ਇਸ ਤਰ੍ਹਾਂ ਬਿੱਲਾਂ ’ਤੇ ਚਰਚਾ ਕਰਨਾ ਬਹੁਤ ਮੁਸ਼ਕਿਲ ਹੈ। ਉਨ੍ਹਾਂ ਕਿਹਾ ਕਿ ਇਜਲਾਸ ਦੇ ਆਖਰੀ ਦਿਨ ਸਰਕਾਰ ਵਲੋਂ ਏਨੇ ਬਿੱਲ ਲਿਆ ਕੇ ਬਿਨਾਂ ਵਿਧਾਇਕਾਂ ਨੂੰ ਪਹਿਲਾਂ ਪੜ੍ਹਾਏ ਅਤੇ ਬਿਨਾਂ ਚਰਚਾ ਦੇ ਪਾਸ ਕੀਤੇ ਜਾਣੇ ਹਨ, ਜੋ ਕਿ ਗੈਰ ਵਾਜਿਬ ਹੈ। ਇਸ ਦੇ ਇਲਾਵਾ ਬਾਜਵਾ ਨੇ ਪੰਜਾਬ ’ਚ 65,000 ਨੌਕਰੀਆਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ 70 ਫ਼ੀਸਦ ਨੌਕਰੀਆਂ ਬਾਹਰੀ ਸੂਬਿਆਂ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਹਨ, ਇਸ ਬਾਰੇ ਸਫੇਦ ਪੇਪਰ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਬਾਹਰੀ ਸੂਬਿਆਂ ਦੇ ਆਪਣੇ ਵਰਕਰਾਂ ਤੇ ਵਲੰਟੀਅਰਾਂ ਨੂੰ ਨੌਕਰੀਆਂ ਦੇ ਕੇ ਪੰਜਾਬੀਆਂ ਨਾਲ ਧੋਖਾ ਕੀਤਾ ਗਿਆ ਹੈ। ਉਨ੍ਹਾਂ ਸਿਹਤ ਵਿਭਾਗ ਦੀਆਂ 13 ਅਸਾਮੀਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ 13 ਅਸਾਮੀਆਂ ਹਰਿਆਣਾ ਦੇ ਨੌਜਵਾਨਾਂ ਨੂੰ ਦਿੱਤੀਆਂ ਗਈਆਂ। ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਓ.ਪੀ.ਐੱਸ., ਡੀ.ਏ. ਦੇ ਮੁੱਦੇ ਅਤੇ ਹੋਰ ਵੱਡੇ-ਵੱਡੇ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਸਨ, ਜੋ ਪੂਰੇ ਨਹੀਂ ਹੋਏ। ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨੌਕਰੀਆਂ ਬਾਹਰੀਆਂ ਨੂੰ ਦੇ ਦਿੱਤੀਆਂ, ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ, ਪੰਜਾਬ ਸਿਰ ਚੜ੍ਹਿਆ ਕਰਜਾ ਉਤਾਰਨ ਦੀ ਜਗ੍ਹਾ ਕਰਜ਼ੇ ਦੀ ਪੰਡ ਹੋਰ ਭਾਰੀ ਕਰ ਦਿੱਤੀ।
ਕਾਂਗਰਸ ਨੇ ਨਸ਼ਿਆਂ ਤੇ ਹੋਰ ਮੁੱਦਿਆਂ ਨੂੰ ਲੈ ਕੇ ਘੇਰੀ ਸਰਕਾਰ
ਬਾਹਰਲੇ ਉਮੀਦਵਾਰਾਂ ਨੂੰ 70 ਫ਼ੀਸਦੀ ਨੌਕਰੀਆਂ ਦੇਣ ਸੰਬੰਧੀ ਸਫੇਦ ਪੱਤਰ ਜਾਰੀ ਕਰਨ ਦੀ ਮੰਗ ਚੰਡੀਗੜ੍ਹ, 10 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਆਖ਼ਰੀ ਦਿਨ ਵਿਰੋਧੀ ਧਿਰ ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਕੰਪਲੈਕਸ ਦੇ ਅੰਦਰ ਤੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰ ਕਾਂਗਰਸੀ ਵਿਧਾਇਕਾਂ ਨੇ ਨਸ਼ਿਆਂ ਸਮੇਤ ਹੋਰ ਵੱਖ-ਵੱਖ ਮੁੱਦਿਆਂ ’ਤੇ ਸਰਕਾਰ ਦੀ ਘੇਰਾਬੰਦੀ ਕੀਤੀ।
ਅਜੀਤ ਡੈਸਕ
11-08-2026