ਨਾਂਦੇੜ, 14 ਅਗਸਤ (ਪੀ.ਟੀ.ਆਈ.)-ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ’ਚ ਹੋਏ ਹਮਲੇ ’ਚ ਜ਼ਖ਼ਮੀ ਹੋਣ ਦੇ ਇਕ ਦਿਨ ਬਾਅਦ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦੋਸ਼ ਲਗਾਇਆ ਕਿ ਕੁਝ ਤਾਕਤਾਂ ਪੰਜਾਬ ਤੇ ਦੇਸ਼ ’ਚ ਸ਼ਾਂਤੀ ਨਹੀਂ ਚਾਹੁੰਦੀਆਂ ਅਤੇ ਉਨ੍ਹਾਂ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਆਪਣੇ ਮਕਸਦ ’ਚ ਅੜਿੱਕਾ ਮੰਨਦੀਆਂ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਦੇਸ਼ ਵਿਰੋਧੀ ਤੇ ਪੰਜਾਬ ਵਿਰੋਧੀ ਤਾਕਤਾਂ ਨੂੰ ਸੂਬੇ ਵਿਚਲੇ ਹਾਲਾਤ ਦਾ ਲਾਹਾ ਲੈ ਕੇ ਇਥੇ ਸ਼ਾਂਤੀ ਭੰਗ ਕਰਨ ਦੀ ਆਗਿਆ ਕਦੇ ਨਹੀਂ ਦੇਣਗੇ। ਸੁਖਬੀਰ ਨੇ ਕਿਹਾ ਕਿ ਮੇਰੇ ਪਿਤਾ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਦੇ ਵੀ ਇਨ੍ਹਾਂ ਤਾਕਤਾਂ ਨਾਲ ਸਮਝੌਤਾ ਨਹੀਂ ਕੀਤਾ ਜੋ ਪਹਿਲਾਂ ਵੀ ਇਥੇ ਸਰਗਰਮ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਹੁੰਦਿਆਂ ਸਰਦਾਰ ਬਾਦਲ ਨੇ ਹਮੇਸ਼ਾ ਪੰਜਾਬ ਵਿਚ ਸਾਰੇ ਧਾਰਮਿਕ ਭਾਈਚਾਰਿਆਂ ਵਿਚ ਆਪਸੀ ਭਾਈਚਾਰਕ ਸਾਂਝ ਬਣਾ ਕੇ ਰੱਖੀ। ਸਾਰੇ ਧਰਮਾਂ ਦਾ ਸਤਿਕਾਰ ਸਾਡੀ ਅਧਿਕਾਰਤ ਨੀਤੀ ਦਾ ਧੁਰਾ ਹੈ। ਸੁਖਬੀਰ ਨੇ ਕਿਹਾ ਕਿ ਇਸ ਫਲਸਫ਼ੇ ਦੀਆਂ ਵਿਰੋਧੀ ਤਾਕਤਾਂ ਨੇ ਡੇਢ ਸਾਲ ਪਹਿਲਾਂ ਵੀ ਉਨ੍ਹਾਂ ’ਤੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ’ਚ ਹਮਲਾ ਕੀਤਾ ਸੀ। ਉਨ੍ਹਾਂ ਕਿਹਾ ਕਿ ਹੁਣ ਵੀ ਮੇਰੇ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਪਵਿੱਤਰ ਅਸਥਾਨਾਂ ਵਿਚੋਂ ਇਕ ’ਤੇ ਹਮਲਾ ਕੀਤਾ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਉਨ੍ਹਾਂ ਨੂੰ ਡਰਾ ਨਹੀਂ ਸਕਦੀਆਂ ਤੇ ਉਹ ਇਨ੍ਹਾਂ ਤਾਕਤਾਂ ਅੱਗੇ ਕਦੇ ਨਹੀਂ ਝੁਕਣਗੇ। ਸੁਖਬੀਰ ਨੇ ਕਿਹਾ ਕਿ ਅਸੀਂ ਦੇਸ਼ ਅਤੇ ਪੰਜਾਬ ਵਿਚ ਧਾਰਮਿਕ ਭਾਈਚਾਰਕ ਸਾਂਝ ਅਤੇ ਤਰੱਕੀ ਤੇ ਖੁਸ਼ਹਾਲੀ ਵਾਸਤੇ ਕੁਰਬਾਨੀ ਦੇਣ ਲਈ ਹਮੇਸ਼ਾ ਤਿਆਰ ਹਾਂ। ਇਹੀ ਸਾਡੀ ਤਰਜੀਹ ਸੀ, ਹੈ ਤੇ ਰਹੇਗੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਆਪਣੇ ਅਸਥਾਨ ’ਤੇ ਇਸ ਹਮਲੇ ਦੌਰਾਨ ਹੱਥ ਦੇ ਕੇ ਰੱਖਣ ਲਈ ਸ਼ੁਕਰਾਨਾ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਭਾਵੇਂ ਦੁਸ਼ਮਣਾਂ ਨੇ ਮੈਨੂੰ ਖ਼ਤਮ ਕਰਨ ਦੇ ਯਤਨ ਕੀਤੇ ਪਰ ਗੁਰੂ ਸਾਹਿਬ ਨੇ ਆਪ ਹੱਥ ਰੱਖ ਕੇ ਮੇਰੀ ਰੱਖਿਆ ਕੀਤੀ ਹੈ। ਅਕਾਲ ਪੁਰਖ ਦਾ ਮੈਂ ਕੋਟਿ-ਕੋਟਿ ਸ਼ੁਕਰਾਨਾ ਕਰਦਾ ਹਾਂ ਤੇ ਮੇਰਾ ਮੰਨਣਾ ਹੈ ਕਿ ਜਿਨ੍ਹਾਂ ’ਤੇ ਗੁਰੂ ਦੀ ਮਿਹਰ ਹੋਵੇ, ਕੋਈ ਜਿੰਨਾ ਮਰਜ਼ੀ ਜ਼ੋਰ ਲਗਾ ਲਵੇ ਉਨ੍ਹਾਂ ਦਾ ਕਦੇ ਵਾਲ ਵੀ ਵਿੰਗਾ ਨਹੀਂ ਕਰ ਸਕਦਾ। ਦੱਸਣਯੋਗ ਹੈ ਕਿ ਵੀਰਵਾਰ ਨੂੰ ਨਾਂਦੇੜ ਸ਼ਹਿਰ ਦੇ ਬਾਹਰੀ ਇਲਾਕੇ ’ਚ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਅੰਦਰ ਸੁਖਬੀਰ ’ਤੇ ਨਿਹੰਗ ਦਲ ਦੇ ਇਕ ਮੈਂਬਰ ਨੇ ਕਿਰਪਾਨ (ਖੰਜਰ) ਨਾਲ ਹਮਲਾ ਕਰ ਦਿੱਤਾ ਸੀ। ਹਮਲੇ ਦੇ ਬਾਅਦ ਇਕ ਸਥਾਨਕ ਹਸਪਤਾਲ ’ਚ ਸੁਖਬੀਰ ਦੀ ਸਰਜਰੀ ਹੋਈ ਤੇ ਸ਼ੁੱਕਰਵਾਰ ਦੁਪਹਿਰ ਨੂੰ ਉਨ੍ਹਾਂ ਨੂੰ ਛੁੱਟੀ ਮਿਲ ਗਈ।
ਹਰਸਿਮਰਤ ਵਲੋਂ ਮੋਦੀ ਤੇ ਅਮਿਤ ਸ਼ਾਹ ਦਾ ਧੰਨਵਾਦ
ਇਸ ਦੌਰਾਨ ਬਠਿੰਡਾ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅਕਾਲੀ ਦਲ ਪ੍ਰਧਾਨ ਦੀ ਸਿਹਤ ਦਾ ਹਾਲ ਚਾਲ ਜਾਨਣ ਲਈ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਫੋਨ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਹਰਸਿਮਰਤ ਨੇ ਪ੍ਰਧਾਨ ਮੰਤਰੀ ਵਲੋਂ ਘਟਨਾ ਦਾ ਤੁਰੰਤ ਨੋਟਿਸ ਲੈਣ ਅਤੇ ਕੇਂਦਰੀ ਏਜੰਸੀਆਂ ਨੂੰ ਜਾਂਚ ਵਿਚ ਮਹਾਰਾਸ਼ਟਰ ਸਰਕਾਰ ਨਾਲ ਸਹਿਯੋਗ ਕਰਨ ਦੀ ਹਦਾਇਤ ਦੇਣ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਔਖੇ ਵੇਲੇ ਉਨ੍ਹਾਂ ਤੱਕ ਪਹੁੰਚ ਕੀਤੀ ਅਤੇ ਇਸ ਮੰਦਭਾਗੀ ਘਟਨਾ ਦੀ ਪ੍ਰਭਾਵਸ਼ਾਲੀ ਜਾਂਚ ਯਕੀਨੀ ਬਣਾਈ। ਉਨ੍ਹਾਂ ਆਪਣੀ ਪੋਸਟ ’ਚ ਕਿਹਾ ਕਿ ਇਸ ਮੁਸ਼ਕਿਲ ਸਮੇਂ ’ਚ ਤੁਹਾਡੀ ਨਿੱਜੀ ਚਿੰਤਾ ਤੇ ਦਿਲਾਸਾ ਦੇਣ ਵਾਲੀਆਂ ਗੱਲਾਂ ਲਈ ਮੈਂ ਤੁਹਾਡੀ ਸ਼ੁਕਰਗੁਜ਼ਾਰ ਹਾਂ।
ਦੇਸ਼ ਤੇ ਪੰਜਾਬ ਵਿਰੋਧੀ ਤਾਕਤਾਂ ਨੂੰ ਸੂਬੇ ਦੀ ਸ਼ਾਂਤੀ ਭੰਗ ਨਹੀਂ ਕਰਨ ਦਿਆਂਗੇ- ਸੁਖਬੀਰ
ਨਾਂਦੇੜ, 14 ਅਗਸਤ (ਪੀ.ਟੀ.ਆਈ.)-ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ’ਚ ਹੋਏ ਹਮਲੇ ’ਚ ਜ਼ਖ਼ਮੀ ਹੋਣ ਦੇ ਇਕ ਦਿਨ ਬਾਅਦ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ...
ਅਜੀਤ ਡੈਸਕ
15-08-2026